Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਵੱਡੀ ਗਿਣਤੀ ‘ਚ ਸੰਗਤਾਂ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ
ਅੰਮ੍ਰਿਤਸਰ : ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼੍ਰੋਮਣੀ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਰਾਮਸਰ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਕਰੋਨਾ ਮਹਾਮਾਰੀ ਦੌਰਾਨ ਲੰਮੇ ਸਮੇਂ ਮਗਰੋਂ ਕਿਸੇ ਪ੍ਰਕਾਸ਼ ਪੁਰਬ ਸਬੰਧੀ ਨਗਰ ਕੀਰਤਨ ਸਜਾਇਆ ਗਿਆ ਹੈ। ઠਸ਼੍ਰੋਮਣੀ ਕਮੇਟੀ ਨੇ ਭਾਵੇਂ ਪ੍ਰਕਾਸ਼ ਪੁਰਬ ਸੰਕੇਤਕ ਤੌਰ ‘ਤੇ ਮਨਾਉਣ ਦੀ ਗੱਲ ਆਖੀ ਸੀ ਅਤੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਟੀਵੀ ਚੈਨਲਾਂ ਰਾਹੀਂ ਸਮਾਗਮਾਂ ਦਾ ਸਿੱਧਾ ਪ੍ਰਸਾਰਨ ਦੇਖਣ ਦੀ ਅਪੀਲ ਕੀਤੀ ਸੀ ਪਰ ਇਸ ਦੇ ਬਾਵਜੂਦ ਨਗਰ ਕੀਰਤਨ ਵੇਲੇ ਵੱਡੀ ਗਿਣਤੀ ‘ਚ ਸੰਗਤ ਹਾਜ਼ਰ ਸੀ। ਇਸ ਦੌਰਾਨ ਸੰਗਤ ਵੱਲੋਂ ਮਾਸਕ ਪਾਉਣ ਅਤੇ ਸਰੀਰਕ ਦੂਰੀ ਦੇ ਨਿਯਮਾਂ ਨੂੰ ਅਣਡਿੱਠਾ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਰਾਮਸਰ ਤੋਂ ਅਰੰਭ ਹੋਇਆ ਅਤੇ ਸ੍ਰੀ ਹਰਿਮੰਦਰ ਸਾਹਿਬ ਪੁੱਜ ਕੇ ਸੰਪੰਨ ਹੋਇਆ। ਪੰਜ ਪਿਆਰਿਆਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ। ਗਤਕਾ ਪਾਰਟੀਆਂ ਨੇ ਗਤਕੇ ਦੇ ਜੌਹਰ ਦਿਖਾਏ। ਇਸ ਤੋਂ ਪਹਿਲਾਂ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਮਗਰੋਂ ਹੁਕਮਨਾਮਾ ਲਿਆ। ਉਨ੍ਹਾਂ ਨੇ ਸੰਗਤ ਨੂੰ ਇਤਿਹਾਸ ਬਾਰੇ ਜਾਣੂ ਕਰਾਇਆ ਅਤੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ 1604 ਵਿਚ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲੀ ਵਾਰ ਪ੍ਰਕਾਸ਼ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤਾ ਗਿਆ ਸੀ। ਉਸ ਦਿਨ ਵੀ ਗੁਰਦੁਆਰਾ ਰਾਮਸਰ ਤੋਂ ਪਾਵਨ ਸਰੂਪ ਨੂੰ ਸੰਗਤ ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਲੈ ਕੇ ਗਈ ਸੀ। ਇਹ ਪਰੰਪਰਾ ਅੱਜ ਵੀ ਜਾਰੀ ਹੈ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟਲ ਰਾਏ ਵਿਖੇ ਜਲੋਅ ਸਜਾਏ ਗਏ।
ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ ਸਮੁੱਚੇ ਵਿਸ਼ਵ ਲਈ : ਮੋਦੀ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ ਸਮੁੱਚੇ ਵਿਸ਼ਵ ਨੂੰ ਪ੍ਰਕਾਸ਼ਮਾਨ ਕਰਦੇ ਹਨ। ਮੋਦੀ ਹੋਰਾਂ ਨੇ ਕਿਹਾ ਕਿ ਗੁਰਬਾਣੀ ਤੋਂ ਸੇਧ ਲੈ ਕੇ ਸਿੱਖਾਂ ਨੇ ਵਿਸ਼ਵ ਭਰ ਵਿਚ ਕਈ ਖ਼ੇਤਰਾਂ ‘ਚ ਮੂਹਰੇ ਹੋ ਕੇ ਸੇਵਾ ਨਿਭਾਈ ਹੈ। ਉਨ੍ਹਾਂ ਦਾ ਉਤਸ਼ਾਹ ਅਤੇ ਦਿਆਲਤਾ ਕਮਾਲ ਦੀ ਹੈ।
ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜઠ4 ਸਤੰਬਰ ਨੂੰ ਖੁੱਲ੍ਹਣਗੇ
ਚੰਡੀਗੜ੍ਹ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ 4 ਸਤੰਬਰ ਨੂੰ ਕਿਵਾੜ ਖੋਲ੍ਹੇ ਜਾ ਰਹੇ ਹਨ। ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਸੰਗਤਾਂ ਦੀ ਯਾਤਰਾ ਲਈ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹਣ ਸਬੰਧੀ ਸਰਕਾਰ ਵਲੋਂ ਆਗਿਆ ਮਿਲ ਚੁੱਕੀ ਹੈ। ਉੱਤਰਾਖੰਡ ਵਿਚ ਪੈਂਦੇ ਇਸ ਮਹਾਨ ਧਾਰਮਿਕ ਅਸਥਾਨ ਨੂੰ ਕਰੋਨਾ ਵਾਇਰਸ ਕਾਰਨ ਤਕਰੀਬਨ 3 ਮਹੀਨਿਆਂ ਲਈ ਬੰਦ ਰਹਿਣ ਤੋਂ ਬਾਅਦ ਦਰਸ਼ਨਾਂ ਲਈ ਖੋਲ੍ਹਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੈੱਡ ਜ਼ੋਨ ਤੇ ਹੋਰ ਰਾਜਾਂ ਤੋਂ ਆਉਣ ਵਾਲੀਆਂ ਸੰਗਤਾਂ ਯਾਤਰਾ ਸ਼ੁਰੂ ਕਰਨ ਤੋਂ 72 ਘੰਟੇ ਪਹਿਲਾਂ ਈ-ਪਾਸ ਲੈਣਗੀਆਂ। ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਤੋਂ ਪਹਿਲਾਂ ਸੰਗਤਾਂ ਨੂੰ ਆਪਣੀ ਆਨਲਾਈਨ ਰਜਿਸਟਰੇਸ਼ਨ ਕਰਵਾ ਕੇ ਈ-ਪਾਸ ਲੈਣਾ ਪਵੇਗਾ ਅਤੇ ਯਾਤਰਾ ਤੋਂ ਪਹਿਲਾਂ ਕਰੋਨਾ ਸਬੰਧੀ ਟੈਸਟ ਕਰਵਾਇਆ ਹੋਵੇ ਅਤੇ ਉਸ ਦੀ ਨੈਗੇਟਿਵ ਰਿਪੋਰਟ 72 ਘੰਟਿਆਂ ਤੋਂ ਪਹਿਲਾਂ ਦੀ ਨਹੀਂ ਹੋਣੀ ਚਾਹੀਦੀ। ਸਰਕਾਰ ਵਲੋਂ ਸੰਗਤ ਨੂੰ ਕਰੋਨਾ ਵਾਇਰਸ ਤੋਂ ਸੁਰੱਖਿਆ ਦੇ ਹਰ ਨਿਯਮ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਟਰੱਸਟ ਵਲੋਂ ਸੰਗਤਾਂ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ।

Check Also

ਕੈਨੇਡਾ ‘ਚ ਵਿਦੇਸ਼ੀ ਕਾਮਿਆਂ ‘ਤੇ ਨਿਰਭਰਤਾ ਘਟਾਉਣਾ ਜ਼ਰੂਰੀ : ਟਰੂਡੋ

ਵਰਕ ਪਰਮਿਟ ਸਿਸਟਮ ‘ਚ ਤਬਦੀਲੀਆਂ ਕਰਨ ਦਾ ਕੀਤਾ ਐਲਾਨ ਟੋਰਾਂਟੋ/ਸਤਪਾਲ ਸਿੰਘ ਜੌਹਲ : ਕੈਨੇਡਾ ‘ਚ …