Breaking News
Home / ਪੰਜਾਬ / ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ

ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧੀਆਂ

ਚਹੇਤੇ ਸਾਬਕਾ ਪੁਲਿਸ ਅਧਿਕਾਰੀ ਬਣੇ ਵਾਅਦਾ ਮੁਆਫ਼ ਗਵਾਹ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਆਈਏਐੱਸ ਅਧਿਕਾਰੀ ਦੇ ਬੇਟੇ ਅਤੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮੁਹਾਲੀ ਅਦਾਲਤ ਨੇ ਸੈਣੀ ਦੇ ਚਹੇਤੇ ਯੂਟੀ ਪੁਲਿਸ ਦੇ ਦ਼ੋ ਸਾਬਕਾ ਇੰਸਪੈਕਟਰ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੂੰ ਵਾਅਦਾ ਮੁਆਫ਼ ਗਵਾਹ ਬਣਾ ਲਿਆ ਹੈ। ਇਨ੍ਹਾਂ ਦੋਵਾਂ ਨੇ ਮੁਹਾਲੀ ਦੀ ਚੀਫ਼ ਜੁਡੀਸ਼ਲ ਮੈਜਿਸਟਰੇਟ ਸ੍ਰੀਮਤੀ ਦੀਪਿਕਾ ਸਿੰਘ ਦੀ ਅਦਾਲਤ ਵਿੱਚ ਆਪਣੇ ਬਿਆਨ ਦਰਜ ਕਰਵਾਏ। ਕਿਸੇ ਵੇਲੇ ਸੈਣੀ ਦੇ ਚਹੇਤੇ ਰਹੇ ਇਨ੍ਹਾਂ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਪੂਰੇ ਘਟਨਾਕ੍ਰਮ ‘ਤੇ ਰੌਸ਼ਨੀ ਪਾਉਂਦਿਆਂ ਅਦਾਲਤ ਨੂੰ ਦੱਸਿਆ ਕਿ 1991 ਵਿੱਚ ਚੰਡੀਗੜ੍ਹ ਵਿੱਚ ਐੱਸਐੱਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਹਾਦਸੇ ਵਿੱਚ ਤਿੰਨ ਪੁਲਿਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁਝ ਹੋਰ ਪੁਲਿਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ‘ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਸੈਣੀ ਦੀ ਮੌਜੂਦਗੀ ਵਿੱਚ ਉਸ ‘ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ। ਮੁਲਤਾਨੀ ਦੀ ਥਾਣੇ ਵਿੱਚ ਕੀਤੀ ਗਈ ਕੁੱਟਮਾਰ ਦੌਰਾਨ ਹੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲਿਸ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਹੀ ਨਹੀਂ ਪੁਲਿਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆਂ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਕਿ ਮੁਲਤਾਨੀ ਪੁਲਿਸ ਹਿਰਾਸਤ ਵਿਚੋਂ ਭੱਜ ਗਿਆ ਹੈ। ਇਸ ਸਬੰਧੀ ਯੂਟੀ ਪੁਲਿਸ ਦੀ ਟੀਮ ਵੱਲੋਂ ਚੰਡੀਗੜ੍ਹ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਉਦੋਂ ਪੁਲਿਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲਿਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨ੍ਹੇਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ ਅਤੇ ਉਸ ਦੇ ਸਰੀਰ ਵਿਚੋਂ ਖੂਨ ਵਗਣਾ ਸ਼ੁਰੂ ਹੋ ਗਿਆ। ਇਹ ਸਾਰਾ ਕੁਝ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪੁਲਿਸ ਦੀ ਇਸ ਦਰਿੰਦਗੀ ਕਾਰਨ ਮੁਲਤਾਨੀ ਕਾਫੀ ਸਮਾਂ ਦਰਦ ਨਾਲ ਕੁਰਲਾਉਂਦਾ ਰਿਹਾ।
ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲਾ : ਸੁਮੇਧ ਸੈਣੀ ਨੇ ਹਾਈਕੋਰਟ ਤੱਕ ਕੀਤੀ ਪਹੁੰਚ
ਚੰਡੀਗੜ੍ਹ : ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੇ ਆਪਣੇ ਖ਼ਿਲਾਫ਼ ਦਾਇਰ ਅਗਵਾ ਮਾਮਲੇ ਨਾਲ ਸਬੰਧਤ ਕੇਸ ਵਿਚ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਹੁੰਚ ਕੀਤੀ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਉਸ ਖ਼ਿਲਾਫ਼ ਚੱਲ ਰਹੀ ਜਾਂਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਉਲੰਘਣਾ ਹੈ। ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਹੋਣ ਦੇ ਮਾਮਲੇ ਵਿਚ ਸੁਮੇਧ ਸੈਣੀ ਤੇ ਹੋਰਨਾਂ ਖ਼ਿਲਾਫ਼ ਮੁਹਾਲੀ ਜ਼ਿਲ੍ਹੇ ਦੇ ਮਟੌਰ ਥਾਣੇ ਵਿਚ 6 ਮਈ ਨੂੰ ਕੇਸ ਦਰਜ ਕੀਤਾ ਗਿਆ ਸੀ। ਸੁਮੇਧ ਸੈਣੀ ਨੇ ਆਪਣੀ ਅਪੀਲ ਵਿਚ ਕੇਸ ਸਬੰਧੀ ਜਾਂਚ ਪੰਜਾਬ ਤੋਂ ਬਾਹਰ ਕਿਸੇ ਵੀ ਹੋਰ ਆਜ਼ਾਦ ਏਜੰਸੀ ਹਵਾਲੇ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਹੋ ਸਕੇ ਤਾਂ ਇਹ ਜਾਂਚ ਕੇਂਦਰੀ ਜਾਂਚ ਬਿਊਰੋ ਹਵਾਲੇ ਕਰ ਦਿੱਤੀ ਜਾਵੇ। ਸੈਣੀ ਨੇ ਦਾਅਵਾ ਕੀਤਾ ਕਿ ਉਸ ਖ਼ਿਲਾਫ਼ ਦਰਜ ਕੇਸ ਸੁਪਰੀਮ ਕੋਰਟ ਵੱਲੋਂ 2 ਜੁਲਾਈ 2008 ਵਾਲੀ ਐੱਫਆਈਆਰ ਖਾਰਜ ਕਰਨ ਸਮੇਂ 7 ਦਸੰਬਰ 2011 ਨੂੰ ਜਾਰੀ ਕੀਤੇ ਹੁਕਮਾਂ ਦੀ ਸਪੱਸ਼ਟ ਉਲੰਘਣਾ ਹੈ। ਸੈਣੀ ਦੇ ਦਾਅਵਾ ਕੀਤਾ ਕਿ ਸਿਆਸੀ ਦਖਲ ਤੇ ਬਦਲਾਖੋਰੀ ਦੀ ਭਾਵਨਾ ਤਹਿਤ ਕੇਸ ਦਰਜ ਕੀਤਾ ਗਿਆ ਹੈ।

Check Also

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ …