ਛੇ ਲੱਖ ਨੌਕਰੀਆਂ ਦਿਆਂਗੇ – ਲੋਕਾਂ ਦੀ ਭਲਾਈ ਲਈ ਯੋਜਨਾਵਾਂ ਦਾ ਐਲਾਨ
ਮੁਹਾਲੀ : ਪੰਜਾਬ ਦੀ ਅਰਥ-ਵਿਵਸਥਾ ਨੂੰ ਮੁੜ ਵਿਕਾਸ ਦੀ ਲੀਹ ‘ਤੇ ਲਿਆਉਣ ਤੱਕ ਆਰਾਮ ਨਾ ਕਰਨ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਦੀ ਭਲਾਈ ਸਬੰਧੀ ਅਨੇਕਾਂ ਹੀ ਯੋਜਨਾਵਾਂ ਲਾਗੂ ਕਰਨ ਦਾ ਐਲਾਨ ਕੀਤਾ। ਮੁਹਾਲੀ ਵਿੱਚ ਸੂਬਾ ਪੱਧਰੀ ਸੁਤੰਤਰਤਾ ਦਿਵਸ ਸਮਾਰੋਹ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਆਉਂਦੇ ਦੋ ਸਾਲਾਂ ਵਿੱਚ ਛੇ ਲੱਖ ਨੌਜਵਾਨਾਂ ਨੂੰ ਪੜਾਅਵਾਰ ਨੌਕਰੀਆਂ ਦਿੱਤੀਆਂ ਜਾਣਗੀਆਂ। ਇਨ੍ਹਾਂ ਵਿੱਚ 1 ਲੱਖ ਨੌਕਰੀਆਂ ਸਰਕਾਰੀ ਵਿਭਾਗਾਂ ਦੀਆਂ ਹੋਣਗੀਆਂ। ਉਨ੍ਹਾਂ ਕਿਹਾ ਕਿ 50 ਹਜ਼ਾਰ ਸਰਕਾਰੀ ਨੌਕਰੀਆਂ ਅਗਲੇ ਵਿੱਤੀ ਸਾਲ 2021 ਅਤੇ 50 ਹਜ਼ਾਰ ਨੌਕਰੀਆਂ ਸਾਲ 2022 ਵਿੱਚ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਪ੍ਰਾਈਵੇਟ ਖੇਤਰ ਵਿੱਚ 50 ਹਜ਼ਾਰ ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਰੁਜ਼ਗਾਰ ਮੇਲੇ ਦਾ ਵੀ ਐਲਾਨ ਕੀਤਾ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਬੇਜ਼ਮੀਨੇ ਲੋਕਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਛੇਤੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉੱਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜ਼ਿੰਗ ਕਾਨੂੰਨ ਲੈ ਕੇ ਆ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ। ਅਗਲੇ ਦੋ ਸਾਲਾਂ ਵਿੱਚ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈ ਜਾਣਗੀਆਂ। 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਕੀਤੀ ਜਾਵੇਗੀ।
ਸਰਹੱਦਾਂ ‘ਤੇ ਦੁਸ਼ਮਣ ਨਾਲ ਹਮੇਸ਼ਾ ਮੋਹਰੀ ਹੋ ਕੇ ਲੜੇ ਹਨ ਪੰਜਾਬੀ : ਕੈਪਟਨ
ਚੀਨ ਤੇ ਪਾਕਿਸਤਾਨ ਤੋਂ ਲਗਾਤਾਰ ਖਤਰੇ ਦੀ ਚਿਤਾਵਨੀ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਸਰਹੱਦਾਂ ‘ਤੇ ਦੁਸ਼ਮਣ ਨਾਲ ਲੜਾਈ ਵਿਚ ਹਮੇਸ਼ਾ ਮੋਹਰੀ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ‘ਤੇ ਵਧ ਰਹੇ ਤਣਾਅ ਕਰਕੇ ਭਾਰਤ ਕਿਸੇ ਵੀ ਖ਼ਤਰੇ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਰਿਹਾ ਹੈ। ਲੱਖਾਂ ਭਾਰਤੀਆਂ ਵਲੋਂ ਆਜ਼ਾਦੀ ਅੰਦੋਲਨ ਵਿਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਹਰ ਜੰਗ ਵਿਚ ਮੋਹਰੀ ਹੋ ਕੇ ਲੜੇ ਹਨ। ਉਨ੍ਹਾਂ ਕਿਹਾ ਕਿ ਇਹ ਸਮਾਂ ਮੁਲਕ ਦੀਆਂ ਸਰਹੱਦਾਂ ਦੀ ਰਾਖੀ ਕਰ ਰਹੀਆਂ ਰੱਖਿਆ ਸੈਨਾਵਾਂ ਨੂੰ ਸਲਾਮ ਕਰਨ ਦਾ ਵੀ ਹੈ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …