
‘ਆਪ’ ਦੇ ਸਿਰਫ ਤਿੰਨ ਵਿਧਾਇਕਾਂ ਨੂੰ ਹੀ ਸਦਨ ‘ਚ ਮਿਲੀ ਐਂਟਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦੇ ਇੱਕ ਰੋਜ਼ਾ ਇਜਲਾਸ ਦੌਰਾਨ ਅੱਜ ਪੰਜਾਬ ਭਵਨ ਦੇ ਬਾਹਰ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਧਰਨਾ ਵੀ ਲਗਾਇਆ। ਇਸ ਧਰਨੇ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ ਪਾਰਟੀ ਦੇ ਕਈ ਵਿਧਾਇਕ ਬੈਠੇ ਹੋਏ ਸਨ। ਇਸ ਦੌਰਾਨ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਵੀ ਧਰਨੇ ਵਿਚ ਪਹੁੰਚ ਗਏ ਅਤੇ ਉਨ੍ਹਾਂ ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ‘ਤੇ ਤਿੱਖੇ ਸਿਆਸੀ ਨਿਸ਼ਾਨੇ ਲਗਾਏ। ਧਿਆਨ ਰਹੇ ਕਿ ਵਿਧਾਨ ਸਭਾ ਦੇ ਇਕ ਦਿਨਾ ਇਜਲਾਸ ਮੌਕੇ ‘ਆਪ’ ਦੇ ਤਿੰਨ ਵਿਧਾਇਕਾਂ ਨੂੰ ਹੀ ਐਂਟਰੀ ਮਿਲੀ ਸੀ। ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਵਿਧਾਨ ਸਭਾ ਕੰਪਲੈਕਸ ਵਿਚ ਜਾਣ ਤੋਂ ਰੋਕ ਲਿਆ ਗਿਆ ਜਿਸ ਦੇ ਵਿਰੋਧ ‘ਚ ਪਾਰਟੀ ਦੇ ਵਿਧਾਇਕਾਂ ਨੇ ਪੀਪੀਈ ਕਿੱਟਾਂ ਪਹਿਨ ਕੇ ਪ੍ਰਦਰਸ਼ਨ ਕੀਤਾ। ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਜਿਨ੍ਹਾਂ ਵਿਧਾਇਕਾਂ ਦੀ ਕਰੋਨਾ ਰਿਪੋਰਟ ਨੈਗੇਟਿਵ ਆਈ ਹੈ, ਉਨ੍ਹਾਂ ਨੂੰ ਕਿਉਂ ਰੋਕਿਆ ਗਿਆ।