![](https://parvasinewspaper.com/wp-content/uploads/2020/08/2019_8image_13_05_151008566vidhan6-ll-300x200.jpg)
ਵਿਰੋਧੀ ਧਿਰਾਂ ਨੇ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਦਾ ਇਕ ਰੋਜ਼ਾ ਮਾਨਸੂਨ ਇਜਲਾਸ ਅੱਜ ਹੀ ਸ਼ੁਰੂ ਹੋ ਕੇ ਅੱਜ ਹੀ ਸੰਪੰਨ ਹੋ ਗਿਆ। ਵਿਧਾਨ ਸਭਾ ਵਿਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੀ ਗੂੰਜ ਪਈ ਅਤੇ ਵਿਰੋਧੀ ਧਿਰ ਨੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ ਤੇ ਲੋਕ ਇਨਸਾਫ਼ ਪਾਰਟੀ ਦੇ ਸਿਮਰਜੀਤ ਸਿੰਘ ਬੈਂਸ ਨੇ ਘੁਟਾਲੇ ਦਾ ਮਾਮਲਾ ਚੁੱਕਦਿਆਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਕਰਨ ਦੀ ਮੰਗ ਕੀਤੀ। ਇਸ ਦੇ ਚੱਲਦਿਆਂ ਮੋਦੀ ਸਰਕਾਰ ਵਲੋਂ ਲਿਆਂਦੇ ਤਿੰਨ ਆਰਡੀਨੈਂਸਾਂ ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਦਨ ਵਿਚ ਮਤਾ ਪੇਸ਼ ਕੀਤਾ ਗਿਆ, ਜਿਸ ਨੂੰ ਬਹੁਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਸਦਨ ਵਲੋਂ ਸ੍ਰੀ ਗੁਰੂ ਤੇਗ ਬਹਾਦੁਰ ਯੂਨੀਵਰਸਿਟੀ ਆਫ ਲਾਅ ਦਾ ਮਤਾ ਵੀ ਪਾਸ ਕਰ ਦਿੱਤਾ ਗਿਆ ਅਤੇ ਹੋਰ ਵੀ ਕਈ ਬਿੱਲ ਪਾਸ ਕੀਤੇ ਗਏ। ਇਸ ਤੋਂ ਬਾਅਦ ਸਦਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਦੇ ਇਕ ਦਿਨਾ ਮੌਨਸੂਨ ਇਜਲਾਸ ਵਿਚ 117 ਵਿਧਾਇਕਾਂ ਵਿਚੋਂ 52 ਵਿਧਾਇਕ ਮੌਜੂਦ ਸਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਦਨ ਵੱਲੋਂ 28 ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ ਗਈ, ਜਿਨ੍ਹਾਂ ਵਿਚ ਆਜ਼ਾਦੀ ਘੁਲਾਟੀਏ, ਗਲਵਾਨ ਘਾਟੀ ਵਿਚ ਹੋਏ ਸ਼ਹੀਦ ਤੇ ਰਾਜਨੀਤਕ ਸ਼ਖ਼ਸੀਅਤਾਂ ਤੋਂ ਇਲਾਵਾ ਕੋਰੋਨਾ ਯੋਧੇ ਸ਼ਾਮਿਲ ਹਨ, ਜੋ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਅਕਾਲ ਚਲਾਣਾ ਕਰ ਗਏ।