
ਸਾਧੂ ਸਿੰਘ ਧਰਮਸੋਤ ਦੇ ਅਸਤੀਫੇ ਦੀ ਮੰਗ ਜ਼ੋਰ ਫੜਨ ਲੱਗੀ
ਸ਼ਮਸ਼ੇਰ ਦੂਲੋਂ ਨੇ ਕਿਹਾ – ਸੀਬੀਆਈ ਜਾਂ ਹਾਈਕੋਰਟ ਦੇ ਜੱਜ ਤੋਂ ਕਰਵਾਈ ਜਾਵੇ ਜਾਂਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ 2012 ਤੋਂ ਅਨੁਸੂਚਿਤ ਜਾਤੀ ਵਿਦਿਆਰਥੀਆਂ ਦੇ ਸਕਾਲਰਸ਼ਿਪ ਦਾ ਘੁਟਾਲਾ ਹੋ ਰਿਹਾ ਹੈ, ਉਦੋਂ ਤੋਂ ਹੁਣ ਤੱਕ ਦੇ ਕਾਲ ਦੀ ਸੀਬੀਆਈ ਜਾਂ ਹਾਈਕੋਰਟ ਦੇ ਜੱਜ ਤੋਂ ਜਾਂਚ ਕਰਵਾਈ ਜਾਵੇ। ਇਹ ਮੰਗ ਰਾਜ ਸਭਾ ਮੈਂਬਰ ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਸਮਸ਼ੇਰ ਸਿੰਘ ਦੂਲੋਂ ਨੇ ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤੀ। ਦੂਲੋਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵੀ ਡਿਗਰੀਆਂ ਨਹੀਂ ਦਿੱਤੀਆਂ। ਇਸ ਦੌਰਾਨ 9 ਲੱਖ ਵਿਦਿਆਰਥੀ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਕਹਿੰਦੀ ਹੈ ਕਿ ਨੌਜਵਾਨ ਨਸ਼ਿਆਂ ਵੱਲ ਵੱਧ ਰਹੇ ਹਨ, ਦੂਜੇ ਪਾਸੇ ਵਿਦਿਆਰਥੀਆਂ ਨੂੰ ਪੜ੍ਹਾਈ ਤੋਂ ਰੋਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਧੂ ਸਿੰਘ ਧਰਮਸੋਤ ਇੰਨਾ ਪੜ੍ਹਿਆ ਲਿਖਿਆ ਨਹੀਂ, ਇਹ 800 ਕਰੋੜ ਰੁਪਏ ਤੋਂ ਵੱਧ ਦਾ ਘਪਲਾ ਹੈ, ਇਸ ਵਿਚ ਕਈ ਹੋਰ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਨੀਅਤ ਸਾਫ ਨਹੀਂ ਹੈ। ਇਸ ਲਈ ਉਹ ਸੀਬੀਆਈ ਨੂੰ ਜਾਂਚ ਦੇਣ ਤੋਂ ਕਤਰਾ ਰਹੇ ਹਨ। ਧਿਆਨ ਰਹੇ ਕਿ ਵਿਰੋਧੀ ਧਿਰਾਂ ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਦੋਸ਼ੀ ਠਹਿਰਾ ਰਹੀਆਂ ਹਨ।