ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਪ੍ਰਣਬ ਮੁਖਰਜੀ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦਾ ਲੰਘੀ ਕੱਲ੍ਹ ਸ਼ਾਮ ਦਿਹਾਂਤ ਹੋ ਗਿਆ ਸੀ ਅਤੇ ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਦਿੱਲੀ ਵਿਚ ਪੂਰੇ ਰਾਸ਼ਟਰੀ ਸਨਮਾਨਾਂ ਨਾਲ ਕਰ ਦਿੱਤਾ ਗਿਆ। ਇਸ ਮੌਕੇ ਪ੍ਰਣਬ ਮੁਖਰਜੀ ਦੇ ਬੇਟੇ ਅਭਿਜੀਤ ਮੁਖਰਜੀ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਕਰੋਨਾ ਕਾਲ ਦੇ ਚੱਲਦਿਆਂ ਪੀ. ਪੀ. ਈ. ਕਿੱਟਾਂ ਪਹਿਨੀਆਂ ਹੋਈਆਂ ਸਨ। ਪ੍ਰਣਬ ਦੇ ਬੇਟੇ ਅਭਿਜੀਤ ਮੁਖਰਜੀ ਨੇ ਆਪਣੇ ਪਿਤਾ ਦੀ ਚਿਤਾ ਨੂੰ ਮੁੱਖ ਅਗਨੀ ਭੇਂਟ ਕੀਤੀ। ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨੇ ਕਾਂਗਰਸੀ ਆਗੂ ਪ੍ਰਣਬ ਮੁਖਰਜੀ ਨੂੰ ਸ਼ਰਧਾਂਜਲੀ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਡਾ. ਮਨਮੋਹਨ ਸਿੰਘ, ਰਾਹੁਲ ਗਾਂਧੀ, ਚੀਫ ਆਫ ਡਿਫੈਂਟਸ ਸਟਾਫ ਬਿਪਿਨ ਰਾਵਤ ਤੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਤੋਂ ਇਲਾਵਾ ਹੋਰ ਬਹੁਤ ਸਾਰੇ ਆਗੂ ਪ੍ਰਣਬ ਮੁਖਰਜੀ ਨੂੰ ਸ਼ਰਧਾਂਜਲੀ ਦੇਣ ਵਾਲਿਆਂ ਵਿਚ ਸ਼ਾਮਲ ਸਨ। ਧਿਆਨ ਰਹੇ ਕਿ ਚੀਨ ਨੇ ਵੀ ਪ੍ਰਣਬ ਮੁਖਰਜੀ ਨੂੰ ਯਾਦ ਕੀਤਾ। ਚੀਨੀ ਵਿਦੇਸ਼ ਮੰਤਰਾਲੇ ਵਲੋਂ ਕਿਹਾ ਗਿਆ ਕਿ ਪ੍ਰਣਬ ਨੇ 50 ਸਾਲ ਦੀ ਰਾਜਨੀਤੀ ਵਿਚ ਭਾਰਤ-ਚੀਨ ਦੇ ਰਿਸ਼ਤਿਆਂ ਵਿਚ ਸਕਾਰਾਤਮਕ ਭੂਮਿਕਾ ਨਿਭਾਈ ਅਤੇ ਉਨ੍ਹਾਂ ਦਾ ਜਾਣਾ ਦੋਵਾਂ ਦੇਸ਼ਾਂ ਦੇ ਰਿਸ਼ਤਿਆਂ ਅਤੇ ਭਾਰਤ ਲਈ ਵੱਡਾ ਨੁਕਸਾਨ ਹੈ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …