ਅਗਲੇ ਦੋ ਹਫ਼ਤਿਆਂ ਦੌਰਾਨ ਸੂਬੇ ‘ਚ ਮਹਾਮਾਰੀ ਦੇ ਸਿਖਰ ਤੱਕ ਪਹੁੰਚਣ ਦੀ ਸੰਭਾਵਨਾ : ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿਦੇਸ਼ਾਂ ਤੋਂ ਆਉਣ ਵਾਲੇ ਵਿਅਕਤੀ ਹੁਣ ਘਰੇਲੂ ਇਕਾਂਤਵਾਸ ਵਿੱਚ ਰਹਿ ਸਕਦੇ ਹਨ ਬਸ਼ਰਤੇ ਉਨ੍ਹਾਂ ਕੋਲ 96 ਘੰਟਿਆਂ ਤੱਕ ਦਾ ਕੋਵਿਡ ਨੈਗੇਟਿਵ ਸਰਟੀਫਿਕੇਟ ਹੋਵੇ। ਕੇਂਦਰੀ ਦਿਸ਼ਾ-ਨਿਰਦੇਸ਼ਾਂ ਮੁਤਾਬਕ ਵਿਦੇਸ਼ੀ ਯਾਤਰੀ ਹਵਾਈ ਅੱਡੇ ਉੱਤੇ ਪੁੱਜਣ ਸਾਰ ਆਪਣਾ ਟੈਸਟ ਕਰਵਾਉਣਗੇ ਅਤੇ ਜੇਕਰ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਹ ਘਰ ਵਿੱਚ ਏਕਾਂਤਵਾਸ ਹੋ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਕੋਵਿਡ ਟੈਸਟ ਕਰਵਾਉਣ ਵਾਲਿਆਂ ਦੀ ਗਿਣਤੀ ਮੁੜ 28,000 ਦੇ ਕਰੀਬ ਅੱਪੜ ਗਈ ਹੈ। ਮੁੱਖ ਮੰਤਰੀ ਨੇ ਕਾਂਗਰਸੀ ਵਿਧਾਇਕਾਂ ਨਾਲ ਤੀਜੇ ਪੜਾਅ ਦੀ ਕੋਵਿਡ ਸਮੀਖਿਆ ਦੌਰਾਨ ਕਿਹਾ ਕਿ ਅਗਲੇ ਦੋ ਹਫ਼ਤਿਆਂ ਵਿੱਚ ਸੂਬੇ ਵਿਚ ਮਹਾਮਾਰੀ ਦੇ ਸਿਖਰ ਛੂਹਣ ਦੀ ਸੰਭਾਵਨਾ ਹੈ, ਜਿਸ ਦੇ ਮੱਦੇਨਜ਼ਰ ਚੁਣੇ ਪ੍ਰਤੀਨਿਧਾਂ ਅਤੇ ਅਧਿਕਾਰੀਆਂ ਨੂੰ ਇਸ ਸੰਕਟ ਦਾ ਇਕੱਠੇ ਹੋ ਕੇ ਮੁਕਾਬਲਾ ਕਰਨਾ ਚਾਹੀਦਾ ਹੈ। ਮੁੱਖ ਮੰਤਰੀ ਨੇ ‘ਆਪ’ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਦਿੱਲੀ ਵਿਚ ਘੱਟ ਆਬਾਦੀ ਹੋਣ ਦੇ ਬਾਵਜੂਦ ਮਹਾਮਾਰੀ ਦੇ ਅੰਕੜੇ ਮਾੜੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਤੇ ਅਕਾਲੀ ਦਲ ਸਰਕਾਰੀ ਯਤਨਾਂ ਨੂੰ ਲੀਹੋਂ ਲਾਹੁਣ ਦੀ ਕੋਸ਼ਿਸ਼ ਕਰ ਰਹੇ ਹਨ। ਵਿਧਾਇਕਾਂ ਨੇ ਮੰਗ ਕੀਤੀ ਕਿ ਮੁੱਖ ਮੰਤਰੀ ਸੋਸ਼ਲ ਮੀਡੀਆ ‘ਤੇ ਜਾਅਲੀ ਆਈ.ਡੀ. ਬਣਾ ਕੇ ਪੰਜਾਬ ਦੇ ਅਕਸ ਨੂੰ ਢਾਹ ਲਾਉਣ ਅਤੇ ਸੂਬਾ ਸਰਕਾਰ ਤੇ ਵਿਧਾਇਕਾਂ ਦੇ ਚਰਿੱਤਰ ਨੂੰ ਠੇਸ ਪਹੁੰਚਾਉਣ ਵਾਲਿਆਂ ਨਾਲ ਕਰੜੇ ਹੱਥੀਂ ਨਿਪਟਣ। ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਡੀਜੀਪੀ ਨੂੰ ਆਦੇਸ਼ ਦਿੱਤੇ ਹਨ ਕਿ ਗਲਤ ਜਾਣਕਾਰੀ ਫੈਲਾਉਣ ਵਾਲੇ ਵੈੱਬ ਚੈਨਲਾਂ ਖ਼ਿਲਾਫ਼ ਕਾਰਵਾਈ ਯਕੀਨੀ ਬਣਾਈ ਜਾਵੇ ਅਤੇ ਅਜਿਹਾ ਨਾਕਾਰਾਤਮਕ ਪ੍ਰਚਾਰ ਕਰਨ ਵਾਲੇ ਵਿਦੇਸ਼ੀ ਚੈਨਲਾਂ ਬਾਰੇ ਕੇਂਦਰ ਸਰਕਾਰ ਅਤੇ ਅਮਰੀਕੀ ਸਫ਼ੀਰ ਕੋਲ ਮਾਮਲਾ ਉਠਾਇਆ ਜਾਵੇ। ਕੂੜ ਪ੍ਰਚਾਰ ਦੇ ਟਾਕਰੇ ਲਈ ਜ਼ਿਲ੍ਹਾ ਪੱਧਰੀ ‘ਅਫਵਾਹ ਵਿਰੋਧੀ ਸਕੁਐਡ’ ਦਾ ਗਠਨ ਕੀਤੇ ਜਾਣ ਦਾ ਸੁਝਾਅ ਵੀ ਆਇਆ। ਵਿਧਾਇਕਾਂ ਨੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਵੱਧ ਪੈਸੇ ਵਸੂਲਣ ਦਾ ਮੁੱਦਾ ਵੀ ਉਠਾਇਆ ਅਤੇ ਕਿਹਾ ਕਿ ਇਸ ‘ਤੇ ਕਾਬੂ ਪਾਊਣ ਦੀ ਲੋੜ ਹੈ।
ਵਿਧਾਇਕ ਤੇ ਵਜ਼ੀਰ ਕਰਨਗੇ ਦੌਰੇ : ਮੁੱਖ ਮੰਤਰੀ ਨੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਜ਼ਮੀਨੀ ਹਕੀਕਤਾਂ ਦੇਖਣ ਲਈ ਆਪੋ-ਆਪਣੇ ਜ਼ਿਲ੍ਹਿਆਂ ਅਤੇ ਹਲਕਿਆਂ ਦਾ ਦੌਰਾ ਕਰਨ ਦੀ ਹਦਾਇਤ ਕੀਤੀ ਹੈ ਤਾਂ ਜੋ ਵਿਰੋਧੀਆਂ ਵੱਲੋਂ ਕੋਵਿਡ ਸਬੰਧੀ ਵਿੱਢੇ ਕੂੜ ਪ੍ਰਚਾਰ ਦਾ ਪ੍ਰਭਾਵਸ਼ਾਲੀ ਤਰੀਕੇ ਨਾਲ ਮੁਕਾਬਲਾ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਵਿਧਾਇਕ ਪਿੰਡਾਂ ਦੇ ਸਰਪੰਚਾਂ ਨੂੰ ਮਿਲ ਕੇ ਗਲਤ ਪ੍ਰਚਾਰ ਦਾ ਫੈਲਾਅ ਰੋਕਣ।
Check Also
ਕੈਨੇਡਾ ‘ਚ ਪੱਕੇ ਹੋਣ ਦਾ LMIA ਵਾਲਾ ਰਾਹ ਵੀ ਹੋਵੇਗਾ ਬੰਦ
ਪੱਕੀ ਰਿਹਾਇਸ਼ ਲਈ LMIA ਦੀ ਵੱਡੇ ਪੱਧਰ ‘ਤੇ ਹੋ ਰਹੀ ਦੁਰਵਰਤੋਂ : ਮਾਰਕ ਮਿੱਲਰ ਟੋਰਾਂਟੋ/ਬਿਊਰੋ …