ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿਚ ਹੋਰਨਾਂ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਵਾਲੀ ਸੂਚੀ ਵਿਚ ਨਾ ਰੱਖੇ ਜਾਣ ਕਰਕੇ ਕੇਂਦਰ ਦੀ ਮੋਦੀ ਸਰਕਾਰ ਦੀ ਨਿਖੇਧੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਹ ਇਹ ਮਸਲਾ ਸੰਸਦ ਦੇ ਮੌਨਸੂਨ ਇਜਲਾਸ ਵਿਚ ਚੁੱਕਣਗੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਵੀ ਪਹੁੰਚ ਕਰਨਗੇ। ਮਾਨ ਨੇ ਸਾਰੇ ਪੰਜਾਬੀ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਮੌਨਸੂਨ ਇਜਲਾਸ ਦੌਰਾਨ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾ ਵਜੋਂ ਮਾਨਤਾ ਦਿਵਾਉਣ ਲਈ ਕੇਂਦਰ ਸਰਕਾਰ ‘ਤੇ ਦਬਾਅ ਪਾਇਆ ਜਾਵੇ।

