0.6 C
Toronto
Thursday, December 25, 2025
spot_img
Homeਪੰਜਾਬਪੰਜਾਬੀ ਭਾਸ਼ਾ ਨਾਲ ਵਿਤਕਰਾ : ਅਕਾਲੀ ਦਲ ਤੇ 'ਆਪ' ਵੱਲੋਂ ਵਿਰੋਧ

ਪੰਜਾਬੀ ਭਾਸ਼ਾ ਨਾਲ ਵਿਤਕਰਾ : ਅਕਾਲੀ ਦਲ ਤੇ ‘ਆਪ’ ਵੱਲੋਂ ਵਿਰੋਧ

ਜੰਮੂ ਕਸ਼ਮੀਰ ‘ਚ ਪੰਜਾਬੀ ਭਾਸ਼ਾ ਦਾ ਸਰਕਾਰੀ ਦਰਜਾ ਬਹਾਲ ਹੋਵੇ : ਸੁਖਬੀਰ
ਚੰਡੀਗੜ੍ਹ/ਬਿਊਰੋ ਨਿਊਜ਼
ਜੰਮੂ ਕਸ਼ਮੀਰ ਵਿਚ ਹੋਰਨਾਂ ਭਾਸ਼ਾਵਾਂ ਵਾਂਗ ਪੰਜਾਬੀ ਭਾਸ਼ਾ ਨੂੰ ਸਰਕਾਰੀ ਮਾਨਤਾ ਵਾਲੀ ਸੂਚੀ ਵਿਚ ਨਾ ਰੱਖੇ ਜਾਣ ਦਾ ਵਿਰੋਧ ਹੋ ਰਿਹਾ ਹੈ। ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਮੂ ਕਸ਼ਮੀਰ ਦੇ ਉਪ ਰਾਜਪਾਲ ਨੂੰ ਪੱਤਰ ਲਿਖ ਕੇ ਪੰਜਾਬੀ ਭਾਸ਼ਾ ਦਾ ਸੂਬੇ ਦੀ ਸਰਕਾਰੀ ਭਾਸ਼ਾ ਹੋਣ ਦਾ ਦਰਜਾ ਬਹਾਲ ਕਰਨ ਸਬੰਧੀ ਅਪੀਲ ਕੀਤੀ ਹੈ। ਉਨ੍ਹਾਂ ਪੱਤਰ ਵਿੱਚ ਲਿਖਿਆ ਕਿ ਪੰਜਾਬੀ ਨਾ ਸਿਰਫ਼ ਸੂਬੇ ਦੇ ਲੋਕਾਂ ਦੇ ਇੱਕ ਵੱਡੇ ਹਿੱਸੇ ਦੀ ਮਾਂ ਬੋਲੀ ਹੈ ਬਲਕਿ ਇਸ ਨੂੰ ਜੰਮੂ ਕਸ਼ਮੀਰ ਦੇ ਸੰਵਿਧਾਨ ਵਿਚ ਬਾਕਾਇਦਾ ਮਾਨਤਾ ਦਿੱਤੀ ਗਈ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਪੰਜਾਬੀਆਂ ਦੀ ਮਾਂ ਬੋਲੀ ਨਾਲ ਨਿਆਂ ਲਈ ਲੜਦਾ ਆਇਆ ਹੈ ਤੇ ਅੱਗੋਂ ਤੋਂ ਵੀ ਲੜਦਾ ਰਹੇਗਾ। ਉਨ੍ਹਾਂ ਜੰਮੂ ਕਸ਼ਮੀਰ ਵਿਚ ਪੰਜਾਬੀ ਭਾਸ਼ਾ ਨੂੰ ਸਰਕਾਰੀ ਭਾਸ਼ਾਵਾਂ ਵਿੱਚੋਂ ਬਾਹਰ ਕਰਨ ਨੂੰ ਘੱਟ ਗਿਣਤੀ ਵਿਰੋਧੀ ਕਦਮ ਦੱਸਿਆ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾਵਾਂ ਦੀ ਦੂਰਅੰਦੇਸ਼ੀ ਸੋਚ ਨੇ ਬਹੁ ਧਰਮੀ, ਬਹੁ ਸਭਿਆਚਾਰਕ ਤੇ ਬਹੁਭਾਸ਼ਾਈ ਦੇਸ਼ ਦਾ ਸੁਫਨਾ ਵੇਖਿਆ ਸੀ। ਖੇਤਰੀ ਭਾਸ਼ਾਵਾਂ ਲਈ ਮਾਣ ਸਤਿਕਾਰ ਇਸ ਆਦਰਸ਼ ਦੀ ਸੰਭਾਲ ਤੇ ਇਸ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਕੜੀ ਹੈ। ਪੰਜਾਬੀ ਭਾਸ਼ਾ ਸਾਰੀ ਦੁਨੀਆ ਵਿੱਚ ਵਸਦੇ ਪੰਜਾਬੀਆਂ ਦੀ ਮਾਂ ਬੋਲੀ ਹੈ। ਇਸ ਕਰਕੇ ਇਸ ਭਾਸ਼ਾ ਨੂੰ ਬਣਦਾ ਸਥਾਨ ਦੇਣਾ ਚਾਹੀਦਾ ਹੈ। ਉਨ੍ਹਾਂ ਇਸ ਸਬੰਧੀ ਫੌਰੀ ਫੈਸਲਾ ਲੈਣ ਦੀ ਮੰਗ ਕੀਤੀ।
ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਿੱਲ ਦਾ ਵਿਰੋਧ ਕੀਤਾ ਜਾਵੇ : ਤਰਲੋਚਨ ਸਿੰਘ
ਜਲੰਧਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੇਂਦਰੀ ਕੈਬਨਿਟ ਵਲੋਂ ਜੰਮੂ ਕਸ਼ਮੀਰ ਦੀ ਸਰਕਾਰੀ ਭਾਸ਼ਾ ਦੀ ਸੂਚੀ ਵਿਚੋਂ ਪੰਜਾਬੀ ਭਾਸ਼ਾ ਨੂੰ ਬਾਹਰ ਕੱਢਣ ਦੀ ਆਲੋਚਨਾ ਕਰਦੇ ਹੋਏ ਇਸ ਨੂੰ ਮਾਂ ਬੋਲੀ ਪੰਜਾਬੀ ‘ਤੇ ਵੱਡਾ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਬਦਕਿਸਮਤੀ ਰਹੀ ਹੈ ਕਿ ਉਹ ਕਦੇ ਕਿਸੇ ਮਸਲੇ ‘ਤੇ ਇਕੱਠੇ ਨਹੀਂ ਹੁੰਦੇ। ਉਨ੍ਹਾਂ ਇਸ ਮਸਲੇ ‘ਤੇ ਸਮੂਹ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਅਤੇ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੂੰ ਇਕੱਠੇ ਹੋਣ ਦਾ ਸੱਦਾ ਦਿੱਤਾ।

RELATED ARTICLES
POPULAR POSTS