Breaking News
Home / ਪੰਜਾਬ / ਸੁਮੇਧ ਸੈਣੀ ਦਾ ਵਿਵਾਦਾਂ ਨਾਲ ਲੰਮਾ ਰਿਸ਼ਤਾ

ਸੁਮੇਧ ਸੈਣੀ ਦਾ ਵਿਵਾਦਾਂ ਨਾਲ ਲੰਮਾ ਰਿਸ਼ਤਾ

ਗ੍ਰਿਫਤਾਰੀ ਦੇ ਡਰੋਂ ਸਾਬਕਾ ਡੀਜੀਪੀ ਨੇ ਦਿੱਲੀ ਵਿਚ ‘ਰਸੂਖ਼ਦਾਰ’ ਦੇ ਘਰ ਲਈ ਪਨਾਹ
ਮੁਹਾਲੀ : ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਰੂਪੋਸ਼ ਹਨ। ਸਿਆਸੀ ਹਲਕਿਆਂ ਵਿੱਚ ਇਹ ਚਰਚਾ ਜ਼ੋਰਾਂ ‘ਤੇ ਹੈ ਕਿ ਉਨ੍ਹਾਂ ਨੇ ਦਿੱਲੀ ਵਿੱਚ ਕਿਸੇ ‘ਰਸੂਖ਼ਦਾਰ’ ਦੇ ਘਰ ਪਨਾਹ ਲਈ ਹੋਈ ਹੈ, ਜਿਸ ਕਾਰਨ ਪੁਲਿਸ ਦੇ ਲੰਮੇ ਹੱਥ ਉਨ੍ਹਾਂ ਤੱਕ ਨਹੀਂ ਪਹੁੰਚ ਰਹੇ। ਇਸ ਸਬੰਧੀ ਕੋਈ ਵੀ ਅਧਿਕਾਰੀ ਆਪਣਾ ਬੋਲਣ ਲਈ ਤਿਆਰ ਨਹੀਂ ਹੈ। ਅਧਿਕਾਰੀ ਬੱਸ ਇਹੀ ਕਹਿ ਰਹੇ ਹਨ ਕਿ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ। ਸੈਣੀ ਸ਼ੁਰੂ ਤੋਂ ਹੀ ਵਿਵਾਦਾਂ ਵਿੱਚ ਘਿਰੇ ਰਹੇ ਹਨ। ਧੱਕੇਸ਼ਾਹੀ ਅਤੇ ਨਾ-ਇਨਸਾਫ਼ੀ ਦੇ ਦੋਸ਼ਾਂ ਨੇ ਉਨ੍ਹਾਂ ਦਾ ਡੀਜੀਪੀ ਬਣਨ ਤੋਂ ਬਾਅਦ ਵੀ ਪਿੱਛਾ ਨਹੀਂ ਛੱਡਿਆ। ਉਧਰ, ਆਮ ਲੋਕਾਂ ਨੂੰ ਕਾਨੂੰਨ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਵਾਲਾ ਇਹ ਸ਼ਖ਼ਸ ਮੌਜੂਦਾ ਸਮੇਂ ਵਿੱਚ ਹੁਣ ਉਸੇ ਕਾਨੂੰਨ ਦਾ ਕਥਿਤ ‘ਭਗੌੜਾ’ ਹੋ ਗਿਆ ਹੈ। ਮੁਹਾਲੀ ਅਦਾਲਤ ਵੱਲੋਂ ਉਸ ਦੀ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ ਗਈ ਹੈ, ਜਿਸ ਕਾਰਨ ਹੁਣ ਉਹ ਆਪਣੀ ਗ੍ਰਿਫ਼ਤਾਰੀ ਤੋਂ ਬਚ ਰਿਹਾ ਹੈ। ਪਿਛਲੇ ਸਮੇਂ ਦੌਰਾਨ ਸੈਣੀ ਨੂੰ ਡੀਜੀਪੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰ ਸਮੇਂ ਦੇ ਹੁਕਮਰਾਨਾਂ ਨੇ ਉਸ ਨੂੰ ‘ਬਚਾਈ’ ਰੱਖਿਆ। ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ, ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਐੱਸਜੀਪੀਸੀ ਦੇ ਸਾਬਕਾ ਮੈਂਬਰ ਮੱਖਣ ਸਿੰਘ ਨੰਗਲ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਸੀਨੀਅਰ ਆਗੂ ਗੁਰਸੇਵ ਸਿੰਘ ਹਰਪਾਲਪੁਰ ਨੇ ਆਖਿਆ ਕਿ ਸੈਣੀ ਮਾਮਲੇ ਵਿੱਚ ਪੁਲਿਸ ਮਹਿਜ਼ ਖਾਨਾਪੂਰਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੈਣੀ ਖ਼ਿਲਾਫ਼ ਗੰਭੀਰ ਦੋਸ਼ ਹਨ। ਲਿਹਾਜ਼ਾ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛ-ਪੜਤਾਲ ਕੀਤੀ ਜਾਣੀ ਚਾਹੀਦੀ ਹੈ।
ਸੁਮੇਧ ਸੈਣੀ ਦੀ ਗ੍ਰਿਫਤਾਰੀ ਲਗਪਗ ਤੈਅ
ਹਾਈਕੋਰਟ ਤੋਂ ਵੀ ਨਾ ਮਿਲੀ ਰਾਹਤ
ਮੁਹਾਲੀ : ਬਲਵੰਤ ਸਿੰਘ ਮੁਲਤਾਨੀ ਮਾਮਲੇ ਵਿਚ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵੱਡਾ ਝਟਕਾ ਦਿੰਦਿਆਂ ਅਗਾਊਂ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ, ਜਿਸਦੇ ਚੱਲਦਿਆਂ ਸੁਮੇਧ ਸੈਣੀ ਦੀ ਗ੍ਰਿਫਤਾਰੀ ਤੈਅ ਨਜ਼ਰ ਆ ਰਹੀ ਹੈ। ਨਾਲ ਹੀ ਅਦਾਲਤ ਨੇ ਕੇਸ ਨੂੰ ਸੀ. ਬੀ. ਆਈ. ਨੂੰ ਦਿੱਤੇ ਜਾਣ ਦੀ ਮੰਗ ਵੀ ਖ਼ਾਰਜ ਕਰ ਦਿੱਤੀ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਤੇ ਮੁਹਾਲੀ ਦੇ ਮਟੌਰ ਥਾਣੇ ਵਿਚ ਦਰਜ ਅਪਰਾਧਕ ਕੇਸ ਦੀ ਜਾਂਚ ਸੀਬੀਆਈ ਜਾਂ ਪੰਜਾਬ ਤੋਂ ਬਾਹਰ ਕਿਸੇ ਹੋਰ ਏਜੰਸੀ ਤੋਂ ਕਰਵਾਉਣ ਦੀ ਮੰਗ ਨੂੰ ਖਾਰਜ ਕਰਦਿਆਂ ਦੋਵੇਂ ਅਰਜ਼ੀਆਂ ਮੁੱਢੋਂ ਰੱਦ ਕਰ ਦਿੱਤੀਆਂ ਹਨ। ਜ਼ਮਾਨਤ ਰੱਦ ਹੋਣ ਮਗਰੋਂ ਪੁਲਿਸ ਨੇ ਸੈਣੀ ਦੀ ਭਾਲ ਤੇਜ਼ ਕਰ ਦਿੱਤੀ ਹੈ ਤੇ ਕਿਸੇ ਵੀ ਸਮੇਂ ਉਸ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਸੈਣੀ ਨੇ ਪਿਛਲੇ ਦਿਨੀਂ ਧਾਰਾ 302 ਵਿਚ ਅਗਾਊਂ ਜ਼ਮਾਨਤ ਲੈਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਇਆ ਸੀ। ਜਸਟਿਸ ਫਤਹਿਦੀਪ ਸਿੰਘ ਦੇ ਸਿੰਗਲ ਬੈਂਚ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਅਤੇ ਪੰਜਾਬ ਪੁਲਿਸ ਤੋਂ ਜਾਂਚ ਵਾਪਸ ਲੈਣ ਲਈ ਦਾਇਰ ਅਰਜ਼ੀ ਨੂੰ ਰੱਦ ਕਰਨ ਦਾ ਫ਼ੈਸਲਾ ਸੁਣਾਇਆ।
ਸੈਣੀ ਨੇ ਆਪਣੀ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਇਹ ਮਾਮਲਾ 29 ਸਾਲ ਪੁਰਾਣਾ ਹੈ ਅਤੇ ਹੁਣ ਉਸ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਅਤੇ ਬਦਨਾਮ ਕੀਤਾ ਜਾ ਰਿਹਾ ਹੈ। ਉਸ ਖ਼ਿਲਾਫ਼ ਦਰਜ ਕੇਸ ਸਿਆਸਤ ਤੋਂ ਪ੍ਰੇਰਿਤ ਹੈ। ਉਧਰ, ਸਪੈਸ਼ਲ ਪਬਲਿਕ ਪ੍ਰਾਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਨੇ ਸੈਣੀ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਅਦਾਲਤ ਨੂੰ ਦੱਸਿਆ ਕਿ ਸੈਣੀ ਖ਼ਿਲਾਫ਼ ਗੰਭੀਰ ਦੋਸ਼ ਹਨ। ਹਾਈਕੋਰਟ ਵੱਲੋਂ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਕਰਨ ਮਗਰੋਂ ਮੁਹਾਲੀ ਪੁਲਿਸ ਨੇ ਉਸਦੀ ਗ੍ਰਿਫ਼ਤਾਰੀ ਲਈ ਯਤਨ ਤੇਜ਼ ਕਰ ਦਿੱਤੇ ਹਨ ਅਤੇ ਉਸ ਦੇ ਮੁਹਾਲੀ ਸਥਿਤ ਫਾਰਮ ਹਾਊਸ, ਚੰਡੀਗੜ੍ਹ ਰਿਹਾਇਸ਼, ਹਿਮਾਚਲ ਪ੍ਰਦੇਸ਼ ਦੇ ਮੰਡੀ ਸਥਿਤ ਘਰ ਸਮੇਤ ਹੋਰਨਾਂ ਟਿਕਾਣਿਆਂ ‘ਤੇ ਛਾਪੇ ਮਾਰੇ ਜਾ ਰਹੇ ਹਨ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …