
ਪੰਜਾਬ ਯੂਥ ਕਾਂਗਰਸ ਵੱਲੋਂ ਵੀ 20 ਸਤੰਬਰ ਨੂੰ ਟਰੈਕਟਰਾਂ ‘ਤੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਨੇ ਜਦੋਂ ਦੇ ਖੇਤੀ ਆਰਡੀਨੈਂਸ ਲਿਆਂਦੇ ਹਨ, ਉਦੋਂ ਤੋਂ ਪੰਜਾਬ ਵਿਚ ਇਨ੍ਹਾਂ ਖੇਤੀ ਆਰਡੀਨੈਂਸਾਂ ਦਾ ਵਿਰੋਧ ਹੋ ਰਿਹਾ ਹੈ ਅਤੇ ਕਿਸਾਨ ਹੁਣ ਆਰ-ਪਾਰ ਦੀ ਲੜਾਈ ਲਈ ਤਿਆਰ ਹਨ। ਇਸਦੇ ਚੱਲਦਿਆਂ ਅੱਜ ਵੀ ਪੰਜਾਬ ਭਰ ਵਿਚ ਕਿਸਾਨ ਜਥੇਬੰਦੀਆਂ ਵਲੋਂ ਖੇਤੀ ਆਰਡੀਨੈਂਸਾਂ ਦਾ ਡਟ ਕੇ ਵਿਰੋਧ ਕੀਤਾ ਗਿਆ ਅਤੇ ਕੇਂਦਰ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਪਟਿਆਲਾ ਵਿਚ ਕਿਸਾਨਾਂ ਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਬਿੱਲ ਦੇ ਵਿਰੋਧ ਵਿਚ ਵਿਸ਼ਾਲ ਧਰਨਾ ਲਗਾਇਆ ਅਤੇ ਮੋਦੀ ਸਰਕਾਰ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ। ਇਸੇ ਤਰ੍ਹਾਂ ਅੰਮ੍ਰਿਤਸਰ-ਰਾਜਸਥਾਨ ਕੌਮੀ ਮਾਰਗ ‘ਤੇ ਹਰੀਕੇ ਪੱਤਣ ਨੇੜੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਦੇ ਖੇਤੀ ਅਤੇ ਬਿਜਲੀ ਬਿੱਲ ਕਿਸਾਨ ਮਜ਼ਦੂਰ ਵਿਰੋਧੀ ਹਨ। ਉਨ੍ਹਾਂ ਅਕਾਲੀ ਸੰਸਦ ਮੈਂਬਰ ਬਾਦਲ ਜੋੜੇ ਨੂੰ ਕਿਹਾ ਕਿ ਉਨ੍ਹਾਂ ਸੱਤਾ ਦਾ ਆਨੰਦ ਮਾਣਨ ਲਈ ਸੂਬੇ ਦੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਨੂੰ ਭਾਜਪਾ ਕੋਲ ਵੇਚ ਦਿੱਤਾ ਹੈ। ਇਸੇ ਦੌਰਾਨ ਪੰਜਾਬ ਯੂਥ ਕਾਂਗਰਸ ਵੱਲੋਂ ਵੀ ਆਉਂਦੀ 20 ਸਤੰਬਰ ਨੂੰ ਖੇਤੀ ਆਰਡੀਨੈਂਸਾਂ ਖਿਲਾਫ ਟਰੈਕਟਰਾਂ ‘ਤੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਐਲਾਨ ਪੰਜਾਬ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਵਲੋਂ ਕੀਤਾ ਗਿਆ।