
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜ ਸਭਾ ਵਿਚ ਪੰਜਾਬ ਤੋਂ ਨੁਮਾਇੰਦਗੀ ਕਰ ਰਹੇ ਸੰਸਦ ਮੈਂਬਰਾਂ ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਨੇ ਅੱਜ ਪਾਰਲੀਮੈਂਟ ਕੰਪਲੈਕਸ ਦੇ ਸਾਹਮਣੇ ਖੇਤੀ ਆਰਡੀਨੈਂਸਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਹੱਥਾਂ ਵਿਚ ਬੈਨਰ ਫੜੇ ਹੋਏ ਸਨ, ਜਿਨ੍ਹਾਂ ‘ਤੇ ‘ਭਾਰਤ ਦੇ ਕਿਸਾਨਾਂ ਨੂੰ ਬਚਾਓ, ਕਿਸਾਨ ਵਿਰੋਧੀ ਆਰਡੀਨੈਂਸਾਂ ਨੂੰ ਰੱਦ ਕਰੋ’ ਲਿਖਿਆ ਹੋਇਆ ਸੀ। ਦੋਵੇਂ ਸੰਸਦ ਮੈਂਬਰ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੇ ਸਮਰਥਨ ਵਿਚ ਖੜ੍ਹੇ ਹੋਏ, ਜੋ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਆਰਡੀਨੈਂਸਾਂ ਦਾ ਵਿਰੋਧ ਕਰ ਰਹੀਆਂ ਹਨ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਦਾ ਇਰਾਦਾ ਕਿਸਾਨਾਂ ਦੇ ਅਧਿਕਾਰਾਂ ਨੂੰ ਮਜ਼ਬੂਤ ਕਰਨਾ ਨਹੀਂ, ਬਲਕਿ ਅਸਿੱਧੇ ਢੰਗ ਨਾਲ ਘੱਟੋ-ਘੱਟ ਸਮਰਥਨ ਮੁੱਲ ਸਿਸਟਮ ਨੂੰ ਖ਼ਤਮ ਕਰਨਾ ਹੈ। ਦੋਵਾਂ ਸੰਸਦ ਮੈਂਬਰਾਂ ਨੇ ਸਪਸ਼ਟ ਕੀਤਾ ਕਿ ਅਜਿਹੀਆਂ ਹਰਕਤਾਂ ਵਿਸ਼ੇਸ਼ ਤੌਰ ‘ਤੇ ਪੰਜਾਬ ਸੂਬੇ ਵਿਚ ਪ੍ਰਵਾਨ ਨਹੀਂ ਕੀਤੀਆਂ ਜਾਣਗੀਆਂ।