ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਪੁਲਿਸ ਵੱਲੋਂ ਸੀਪੀਐੱਮ ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸਵਰਾਜ ਅਭਿਆਨ ਦੇ ਆਗੂ ਯੋਗੇਂਦਰ ਯਾਦਵ, ਅਰਥਸ਼ਾਸਤਰੀ ਜਯਤੀ ਘੋਸ਼, ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਤੇ ਕਾਰਕੁਨ ਅਪੂਰਵਾਨੰਦ ਅਤੇ ਦਸਤਾਵੇਜ਼ੀ ਫ਼ਿਲਮ ਨਿਰਮਾਤਾ ਰਾਹੁਲ ਰੌਏ ਨੂੰ ਫਰਵਰੀ ਮਹੀਨੇ ਵਿੱਚ ਹੋਏ ਦਿੱਲੀ ਦੰਗਿਆਂ ਲਈ ਸਹਿ-ਸਾਜਿਸ਼ਘਾੜਿਆਂ ਵਜੋਂ ਨਾਮਜ਼ਦ ਕੀਤਾ ਗਿਆ ਹੈ। ਪੁਲਿਸ ਦੀ ਇਸ ਕਾਰਵਾਈ ਦੇ ਵਿਰੋਧ ਵਿੱਚ ਸੋਮਵਾਰ ਨੂੰ ਵੱਡੀ ਗਿਣਤੀ ਵਕੀਲਾਂ, ਬੁੱਧੀਜੀਵੀਆਂ, ਵਿਦਿਆਰਥੀ ਜਥੇਬੰਦੀਆਂ ਦੇ ਕਾਰਕੁਨਾਂ ਅਤੇ ਸਮਾਜਿਕ ਕਾਰਕੁਨਾਂ ਵੱਲੋਂ ਇੱਥੋਂ ਦੇ ਸੈਕਟਰ-17 ਸਥਿਤ ਪਲਾਜ਼ਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਪ੍ਰੋ. ਮਨਜੀਤ ਸਿੰਘ, ਡਾ. ਪਿਆਰੇ ਲਾਲ ਗਰਗ, ਐਡਵੋਕੇਟ ਰਾਜੀਵ ਗੋਦਾਰਾ, ਸੀਟੂ ਦੇ ਆਗੂ ਕਾਮਰੇਡ ਰਘੂਨਾਥ ਸਿੰਘ, ਕੇਂਦਰੀ ਪੰਜਾਬੀ ਲੇਖਕ ਸਭਾ ਤੋਂ ਪ੍ਰੋ. ਸੁਖਦੇਵ ਸਿੰਘ, ਇੰਦਰਜੀਤ ਸਿੰਘ, ਸੁਖਚੈਨ ਸਿੰਘ, ਵਿਦਿਆਰਥੀ ਆਗੂ ਕਨੂੰ ਪ੍ਰਿਯਾ, ਅਮਨ ਤੇ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਨੇ ਆਪੋ-ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਦਰਸ਼ਨਕਾਰੀਆਂ ਨੇ ਉੱਘੀਆਂ ਸ਼ਖ਼ਸੀਅਤਾਂ ਖ਼ਿਲਾਫ਼ ਦਾਇਰ ਕੀਤੀ ਗਈ ਸਪਲੀਮੈਂਟਰੀ ਚਾਰਜਸ਼ੀਟ ਵਾਪਸ ਲੈਣ ਦੀ ਮੰਗ ਕੀਤੀ।
ਪ੍ਰੋ. ਮਨਜੀਤ ਸਿੰਘ ਅਤੇ ਐਡਵੋਕੇਟ ਰਾਜੀਵ ਗੋਦਾਰਾ ਨੇ ਕਿਹਾ ਕਿ ਉਕਤ ਵਿਅਕਤੀਆਂ ਨੂੰ ਦਿੱਲੀ ਵਿੱਚ ਫਰਵਰੀ ਦੇ ਅਖ਼ੀਰ ਵਿਚ ਹੋਏ ਦੰਗਿਆਂ ਦੇ ਸਹਿ-ਸਾਜ਼ਿਸ਼ਘਾੜੇ ਦੱਸਿਆ ਗਿਆ ਹੈ ਜਦੋਂਕਿ ਦੰਗਿਆਂ ਪਿੱਛੇ ਕਿਸ ਦਾ ਹੱਥ ਸੀ, ਇਹ ਸਭ ਨੂੰ ਪਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਦਿੱਲੀ ਦੰਗਿਆਂ ਲਈ ਅਸਲ ਤੌਰ ‘ਤੇ ਜ਼ਿੰਮੇਵਾਰ ਵਿਅਕਤੀਆਂ ਨੂੰ ਫੜੇ ਅਤੇ ਉਕਤ ਉੱਘੀਆਂ ਸ਼ਖ਼ਸੀਅਤਾਂ ਖ਼ਿਲਾਫ਼ ਦਰਜ ਝੂਠੇ ਕੇਸ ਵਾਪਸ ਲਵੇ।
ਬੁਲਾਰਿਆਂ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਨਾਗਰਿਕਤਾ ਸੋਧ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟਰ ਦਾ ਵਿਰੋਧ ਕਰਨ ਵਾਲੇ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਸਰਕਾਰ ਵਿਰੁੱਧ ਉਠਣ ਵਾਲੀਆਂ ਆਵਾਜ਼ਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ।
ਡਾ. ਪਿਆਰੇ ਲਾਲ ਗਰਗ ਨੇ ਕਿਹਾ ਕਿ ਮੋਦੀ ਸਰਕਾਰ ਦੇ ਗਲਤ ਫ਼ੈਸਲਿਆਂ ਖ਼ਿਲਾਫ਼ ਉੱਠਣ ਵਾਲੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਹ ਸਰਕਾਰ ਦਾ ਬਹੁਤ ਹੀ ਗਲਤ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦਾ ਇਹੀ ਰਵੱਈਆ ਰਹੇਗਾ ਤਾਂ ਦੇਸ਼ ਵਿੱਚ ਵੱਡੀ ਗਿਣਤੀ ਬੁੱਧੀਜੀਵੀਆਂ ਵੱਲੋਂ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਜਾਵੇਗੀ।
ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਨੇ ਕਿਹਾ ਕਿ ਦੇਸ਼ ਦੇ ਹੁਕਮਰਾਨ ਆਪਣੀ ਹਰ ਗੱਲ ਨੂੰ ਲੋਕਾਂ ‘ਤੇ ਧੱਕੇ ਨਾਲ ਥੋਪਣ ਲੱਗੇ ਹੋਏ ਹਨ। ਉਹ ਬੋਲਣ ਦੀ ਆਜ਼ਾਦੀ ਨੂੰ ਖ਼ਤਮ ਕਰ ਰਹੇ ਹਨ। ਉਹ ਸਮਝ ਨਹੀਂ ਰਹੇ ਕਿ ਸਾਨੂੰ ਭਾਰਤ ਤੋਂ ਆਜ਼ਾਦੀ ਨਹੀਂ ਚਾਹੀਦੀ ਬਲਕਿ ਸਾਨੂੰ ਭਾਰਤ ਵਿਚ ਆਜ਼ਾਦੀ ਚਾਹੀਦੀ ਹੈ।
Check Also
ਸੁਪਰੀਮ ਕੋਰਟ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਤੀ ਨਸੀਹਤ
ਕਿਹਾ : ਹਾਈਵੇਅ ਨਾ ਰੋਕੇ ਅਤੇ ਲੋਕਾਂ ਦੀਆਂ ਸਹੂਲਤਾਂ ਦਾ ਰੱਖੋ ਧਿਆਨ ਨਵੀਂ ਦਿੱਲੀ/ਬਿਊਰੋ ਨਿਊਜ਼ …