Breaking News
Home / ਪੰਜਾਬ / ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ

ਲਾਪਤਾ ਪਾਵਨ ਸਰੂਪਾਂ ਦਾ ਮਾਮਲਾ ਗਰਮਾਇਆ

ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਦੇ ਦਫਤਰ ਅੱਗੇ ਲਗਾਇਆ ਧਰਨਾ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ 328 ਪਾਵਨ ਸਰੂਪਾਂ ਦੀ ਪੜਤਾਲ ਦੌਰਾਨ ਦੋਸ਼ੀ ਪਾਏ ਗਏ ਵਿਅਕਤੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਾਉਣ ਅਤੇ ਹੋਰ ਮੰਗਾਂ ਨੂੰ ਲੈ ਕੇ ਸਤਿਕਾਰ ਕਮੇਟੀਆਂ ਤੇ ਹੋਰ ਸਿੱਖ ਜਥੇਬੰਦੀਆਂ ਨੇ ਹਰਿਮੰਦਰ ਸਾਹਿਬ ਸਮੂਹ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਬਾਹਰ ਸੋਮਵਾਰ ਨੂੰ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਹੈ। ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਕਾਰਕੁਨ ਮੁੱਖ ਦਫਤਰ ਦੇ ਦਰਵਾਜ਼ੇ ਦੇ ਬਾਹਰ ਪੱਕਾ ਧਰਨਾ ਲਾ ਕੇ ਬੈਠ ਗਏ। ਉਨ੍ਹਾਂ ਐਲਾਨ ਕੀਤਾ ਕਿ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਦੀ 11 ਮੈਂਬਰੀ ਕਮੇਟੀ ਵਿਚਾਲੇ ਮੀਟਿੰਗ ਬੇਸਿੱਟਾ ਰਹੀ ਅਤੇ ਇਸ ਤੋਂ ਬਾਅਦ ਪੱਕੇ ਧਰਨੇ ਦਾ ਐਲਾਨ ਕੀਤਾ ਗਿਆ। ਸਿੱਖ ਜਥੇਬੰਦੀਆਂ ਵਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਕੋਲ ਆਪਣੀਆਂ 9 ਮੰਗਾਂ ਰੱਖੀਆਂ ਗਈਆਂ ਸਨ ਜਿਨ੍ਹਾਂ ਵਿਚ 328 ਸਰੂਪਾਂ ਦੀ ਜਾਂਚ ਵਿਚ ਦੋਸ਼ੀ ਪਾਏ ਵਿਅਕਤੀਆਂ ਖ਼ਿਲਾਫ਼ ਪੁਲਿਸ ਕੇਸ ਦਰਜ ਕਰਨ ਦੀ ਮੰਗ, ਰਿਕਾਰਡ ਵਿਚੋਂ ਘੱਟ ਗਏ ਸਰੂਪਾਂ ਦੀ ਮੌਜੂਦਾ ਸਥਿਤੀ, ਦੇਸ਼ ਵਿਦੇਸ਼ ਵਿਚ ਸਰੂਪ ਛਾਪਣ ‘ਤੇ ਰੋਕ ਲਾਉਣ, ਪ੍ਰਾਈਵੇਟ ਪ੍ਰੈਸਾਂ ਵਿਚ ਛਪਦੇ ਗੁਟਕੇ, ਪੋਥੀਆਂ ਅਤੇ ਧਾਰਮਿਕ ਸਾਹਿਤ ਨੂੰ ਛਾਪਣ ‘ਤੇ ਰੋਕ ਲਾਉਣ, ਸਰੂਪਾਂ ਨੂੰ ਅਗਨ ਭੇਟ ਕਰਨ ਵਾਲੀਆਂ ਸਾਰੀਆਂ ਸੰਸਥਾਵਾਂ ‘ਤੇ ਰੋਕ ਲਾਉਣ, ਕੈਨੇਡਾ ਵਿਚ 450 ਸਰੂਪਾਂ ਦਾ ਨਿਰਾਦਰ ਕਰਨ ਵਾਲੇ ਦੋਸ਼ੀਆਂ ਨੂੰ ਸੰਗਤ ਸਾਹਮਣੇ ਲਿਆਉਣ, ਇਕ ਹਜ਼ਾਰ ਪੰਨੇ ਵਾਲੀ ਜਾਂਚ ਰਿਪੋਰਟ ਜਨਤਕ ਕਰਨ ਸਮੇਤ ਹੋਰ ਮੰਗਾਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਨ੍ਹਾਂ ਮੰਗਾਂ ਬਾਰੇ ਕੋਈ ਵੀ ਠੋਸ ਜਵਾਬ ਨਹੀਂ ਦਿੱਤਾ ਪਰ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਾਉਣ ਦੇ ਮਾਮਲੇ ਨੂੰ ਵਿਚਾਰਨ ਲਈ 18 ਸਤੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੱਦਣ ਸਮੇਤ ਕਈ ਮਾਮਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਪ੍ਰਵਾਨਗੀ ਲਈ ਭੇਜਣ ਦਾ ਭਰੋਸਾ ਦਿੱਤਾ ਹੈ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੇ ਸੰਸਥਾ ਖ਼ਿਲਾਫ਼ ਵਿਰੋਧ ਪ੍ਰਗਟਾਉਣ ਲਈ ਇਤਿਹਾਸਕ ਸਥਾਨ ਮੰਜੀ ਸਾਹਿਬ ਦੀਵਾਨ ਹਾਲ ਦੀ ਵਰਤੋਂ ਕਰਨ ਤੋਂ ਮਨ੍ਹਾਂ ਕਰ ਦਿੱਤਾ ਸੀ।
ਸਵੇਰੇ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਥਾ ਤੋਂ ਬਾਅਦ ਇਸ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਅਤੇ ਦਰਵਾਜ਼ੇ ਦੇ ਬਾਹਰ ਵੱਡੀ ਗਿਣਤੀ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ। ਇਸੇ ਤਰ੍ਹਾਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਚ ਦਾਖਲ ਹੋਣ ਵਾਲੇ ਹੋਰ ਵੀ ਰਸਤਿਆਂ ‘ਤੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਅਮਲਾ ਤੇ ਚਿੱਟ ਕੱਪੜੀਏ ਪੁਲਿਸ ਵਾਲੇ ਵੀ ਤਾਇਨਾਤ ਸਨ।
ਸ਼੍ਰੋਮਣੀ ਕਮੇਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਕਰ ਰਹੀਆਂ ਨੇ ਸੰਸਥਾਵਾਂ
ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਨੇ ਸਤਿਕਾਰ ਕਮੇਟੀਆਂ ਦੀ ਅੜੀ ਨੂੰ ਸੰਗਤਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਕਰਾਰ ਦਿੱਤਾ ਹੈ। ਇਨ੍ਹਾਂ ਸਤਿਕਾਰ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਪ੍ਰਤਾਪ ਸਿੰਘ, ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਸਮੇਤ ਹੋਰ ਅਧਿਕਾਰੀਆਂ ਨੇ ਮੀਟਿੰਗ ਕੀਤੀ। ਮਹਿਤਾ ਨੇ ਦੱਸਿਆ ਕਿ ਧਰਨਾਕਾਰੀਆਂ ਦੀਆਂ ਮੰਗਾਂ ਲਗਪਗ ਮੰਨ ਲਈਆਂ ਗਈਆਂ ਸਨ ਪਰ ਉਹ ਜਾਣਬੁੱਝ ਕੇ ਧਰਨਾ ਲਾਉਣ ਲਈ ਅੜੇ ਰਹੇ। ਸਿੱਖ ਜਥੇਬੰਦੀਆਂ ਦੀ ਇਸ ਕਾਰਵਾਈ ਨਾਲ ਦਰਸ਼ਨ ਕਰਨ ਆ ਰਹੀਆਂ ਸੰਗਤਾਂ ਦੇ ਨਾਲ-ਨਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਦੀ ਸ਼ਰਧਾ ਨੂੰ ਵੀ ਠੇਸ ਪੁੱਜ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਉਹ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਨੂੰ ਜਾਣਬੁੱਝ ਕੇ ਬਦਨਾਮ ਕਰਨਾ ਚਾਹੁੰਦੇ ਹਨ।
ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਦਿਖਾਈ ਗੁੰਡਾਗਰਦੀ
ਮੀਡੀਆ ਕਰਮੀਆਂ ਅਤੇ ਜਥੇਬੰਦੀਆਂ ਨਾਲ ਕੀਤੀ ਮਾਰ ਕੁਟਾਈ
ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ ਸਰੂਪਾਂ ਬਾਰੇ ਮਾਮਲਾ ਗਰਮਾਉਂਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਕਈ ਸਿੱਖ ਜਥੇਬੰਦੀਆਂ ਨੇ ਅੰਮ੍ਰਿਤਸਰ ‘ਚ ਸ਼੍ਰੋਮਣੀ ਕਮੇਟੀ ਦੇ ਦਫਤਰ ਮੂਹਰੇ ਧਰਨਾ ਲਗਾਇਆ ਹੋਇਆ ਹੈ। ਇਸਦੇ ਚੱਲਦਿਆਂ ਅੱਜ ਧਰਨੇ ਦੇ ਦੂਜੇ ਦਿਨ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਨੇ ਗੁੰਡਾਗਰਦੀ ਦਿਖਾਉਂਦਿਆਂ ਜਥੇਬੰਦੀਆਂ ਅਤੇ ਮੀਡੀਆ ਕਰਮੀਆਂ ਨਾਲ ਮਾਰ-ਕੁੱਟ ਕੀਤੀ।
ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਬਾਬਾ ਅਟੱਲ ਰਾਏ ਵਾਲੇ ਰਸਤੇ, ਗੁਰੂ ਰਾਮਦਾਸ ਸਰਾਂ ਦੇ ਨਜ਼ਦੀਕ ਅਤੇ ਮੰਜੀ ਸਾਹਿਬ ਦੀਵਾਨ ਹਾਲ ਨੂੰ ਜਾਂਦੇ ਰਸਤਿਆਂ ‘ਤੇ ਟੀਨਾਂ ਨਾਲ ਬੈਰੀਕੇਡਿੰਗ ਕਰ ਦਿੱਤੀ ਗਈ ਸੀ ਤਾਂ ਕਿ ਆਮ ਸ਼ਰਧਾਲੂ ਰੋਸ ਧਰਨੇ ਵਾਲੇ ਪਾਸੇ ਨਾ ਜਾ ਸਕਣ। ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੀ ਅਗਵਾਈ ਪ੍ਰਤਾਪ ਸਿੰਘ ਮੀਤ ਸਕੱਤਰ ਕਰ ਰਹੇ ਸਨ ਅਤੇ ਉਨ੍ਹਾਂ ਵਲੋਂ ਮਾਰ-ਕੁੱਟ ਕਰਨ ਦੇ ਨਾਲ-ਨਾਲ ਗਾਲੀ-ਗਲੋਚ ਵੀ ਕੀਤਾ ਗਿਆ। ਇੰਨਾ ਹੀ ਨਹੀਂ ਟਾਸਕ ਫੋਰਸ ਵਲੋਂ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਦੁਮਾਲੇ ਤੱਕ ਲਾਹ ਦਿੱਤੇ ਗਏ ਅਤੇ ਕਈਆਂ ਦੇ ਸੱਟਾਂ ਲੱਗਣ ਦੀਆਂ ਖ਼ਬਰਾਂ ਵੀ ਹਨ।
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਮੀਡੀਆ ਤੋਂ ਮੰਗੀ ਮੁਆਫ਼ੀ
ਇਸੇ ਦੌਰਾਨ ਸਥਾਨਕ ਸੀਨੀਅਰ ਪੱਤਰਕਾਰਾਂ ਦਾ ਇਕ ਵਫ਼ਦ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾ ਕੋਹਨਾ ਤੇ ਹੋਰ ਅਧਿਕਾਰੀਆਂ ਨੂੰ ਮਿਲਿਆ ਤੇ ਮੀਡੀਆ ਕਰਮੀਆਂ ‘ਤੇ ਬਿਨਾ ਵਜਾ ਹਮਲਾ ਕਰਨ ਵਾਲੇ ਦੋਸ਼ੀ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੇ ਟਾਸਕ ਫੋਰਸ ਕਰਮੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ।
ਇਸ ‘ਤੇ ਮਹਿਤਾ ਨੇ ਉਨ੍ਹਾਂ ਵਲੋਂ ਮੀਡੀਆ ਕਰਮੀਆਂ ਨਾਲ ਕੀਤੀ ਗਈ ਜ਼ਿਆਦਤੀ ਲਈ ਮੁਆਫ਼ੀ ਮੰਗਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਮੀਡੀਆ ਦਾ ਪੂਰਾ ਸਤਿਕਾਰ ਕਰਦੀ ਹੈ ਤੇ ਇਹ ਮਾਮਲਾ ਜਲਦ ਹੀ ਪ੍ਰਧਾਨ ਲੌਂਗੋਵਾਲ ਦੇ ਧਿਆਨ ਵਿਚ ਲਿਆ ਕੇ ਆਰੋਪੀ ਮੁਲਾਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Check Also

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ ਪਟਿਆਲਾ/ਬਿਊਰੋ ਨਿਊਜ਼ ਪਟਿਆਲਾ ਕਾਂਗਰਸ ਵਿਚ ਟਿਕਟ …