25 ਸਤੰਬਰ ਤੱਕ ਗ੍ਰਿਫ਼ਤਾਰ ਕਰਕੇ ਅਦਾਲਤ ਵਿਚ ਪੇਸ਼ ਕਰਨ ਦੇ ਆਦੇਸ਼
ਮੁਹਾਲੀ : ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਅਤੇ ਉਸ ਦੀ ਲਾਸ਼ ਨੂੰ ਖ਼ੁਰਦ-ਬੁਰਦ ਕਰਨ ਦੇ ਮਾਮਲੇ ਵਿਚ ਨਾਮਜ਼ਦ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖ਼ਿਲਾਫ਼ ਮੁਹਾਲੀ ਅਦਾਲਤ ਵਲੋਂ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਡਿਊਟੀ ਮੈਜਿਸਟ੍ਰੇਟ ਫਸਟ ਕਲਾਸ ਰਵਿਤੇਸ਼ ਸਿੰਘ ਨੇ ਮੁਹਾਲੀ ਪੁਲਿਸ ਨੂੰ ਸੈਣੀ ਨੂੰ 25 ਸਤੰਬਰ ਤੱਕ ਗ੍ਰਿਫ਼ਤਾਰ ਕਰਨ ਅਤੇ ਅਦਾਲਤ ਵਿਚ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਨੇ ਅਦਾਲਤ ਨੂੰ ਦੱਸਿਆ ਕਿ ਇਸ ਮਾਮਲੇ ਵਿਚ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਰੋਕ ਖ਼ਤਮ ਹੋ ਚੁੱਕੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਵਲੋਂ ਸੈਣੀ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ, ਪ੍ਰੰਤੂ ਉਸ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਨਾ ਹੋਣ ਕਾਰਨ ਵਿਸ਼ੇਸ਼ ਜਾਂਚ ਟੀਮ ਨੂੰ ਹੋਰਨਾਂ ਸ਼ਹਿਰਾਂ ਦੀ ਪੁਲਿਸ ਵਲੋਂ ਸਹਿਯੋਗ ਨਾ ਮਿਲਣ ਕਰਕੇ ਸੈਣੀ ਦੀ ਗ੍ਰਿਫ਼ਤਾਰੀ ਵਿਚ ਰੁਕਾਵਟ ਆ ਰਹੀ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਮੇਧ ਸੈਣੀ ਦੀ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰਨ ਸਬੰਧੀ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਸਰਤੇਜ ਸਿੰਘ ਨਰੂਲਾ ਅਤੇ ਜ਼ਿਲ੍ਹਾ ਅਟਾਰਨੀ ਸੰਜੀਵ ਬੱਤਰਾ ਨੇ ਅਦਾਲਤ ਦੇ ਧਿਆਨ ਵਿਚ ਲਿਆਂਦਾ ਸੀ ਕਿ ਸੈਣੀ ਨੂੰ ਅਗਾਊਂ ਜ਼ਮਾਨਤ ਦੇਣ ਮੌਕੇ ਅਦਾਲਤ ਵਲੋਂ ਕੁਝ ਸ਼ਰਤਾਂ ਲਗਾਈਆਂ ਗਈਆਂ ਸਨ, ਜਿਨ੍ਹਾਂ ਦੌਰਾਨ ਕਿਹਾ ਗਿਆ ਸੀ ਉਹ ਅਦਾਲਤ ਨੂੰ ਬਿਨਾ ਦੱਸੇ ਆਪਣੇ ਘਰ ਤੋਂ ਬਾਹਰ ਨਹੀਂ ਜਾਵੇਗਾ। ਇਸ ਤੋਂ ਇਲਾਵਾ ਉਹ ਘਰ ਤੋਂ ਬਾਹਰ ਸਿਰਫ਼ ਸਿਹਤ ਜਾਂਚ ਜਾਂ ਐਸ. ਆਈ. ਟੀ. ਕੋਲ ਪੇਸ਼ ਹੋਣ ਲਈ ਹੀ ਜਾ ਸਕੇਗਾ।
ਉਨ੍ਹਾਂ ਕਿਹਾ ਕਿ ਸੈਣੀ ਖ਼ਿਲਾਫ਼ ਧਾਰਾ 302 ਲਗਾਉਣ ਤੋਂ ਬਾਅਦ ਅਦਾਲਤੀ ਹੁਕਮਾਂ ਅਨੁਸਾਰ ਜਦੋਂ ਪੁਲਿਸ ਸੈਣੀ ਨੂੰ ਤਿੰਨ ਦਿਨਾਂ ਦਾ ਨੋਟਿਸ ਦੇਣ ਲਈ ਉਸ ਦੇ ਘਰ ਗਈ ਤਾਂ ਉਥੋਂ ਪਤਾ ਲੱਗਾ ਕਿ ਉਹ ਪਹਿਲਾਂ ਹੀ ਘਰ ਤੋਂ ਜਾ ਚੁੱਕਾ ਸੀ ਅਤੇ ਇਸ ਸਬੰਧੀ ਘਰ ਵਿਚ ਮੌਜੂਦ ਸੈਣੀ ਦੇ ਗੰਨਮੈਨ ਵਲੋਂ ਵੀ ਜਾਂਚ ਟੀਮ ਨੂੰ ਕੋਈ ਸਹਿਯੋਗ ਨਾ ਦਿੰਦਿਆਂ ਕਿਹਾ ਗਿਆ ਕਿ ਉਹ ਸੁਮੇਧ ਸੈਣੀ ਬਾਰੇ ਕੁਝ ਨਹੀਂ ਜਾਣਦਾ। ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਮੁਲਤਾਨੀ ਕਤਲ ਕੇਸ ਵਿਚ ਹਾਈਕੋਰਟ ਵਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਵਲੋਂ ਸੁਪਰੀਮ ਕੋਰਟ ਵਿਚ ਗ੍ਰਿਫ਼ਤਾਰੀ ਤੋਂ ਬਚਣ ਲਈ ਅਰਜ਼ੀ ਦਾਇਰ ਕੀਤੀ ਗਈ ਸੀ ਪਰ ਸੁਪਰੀਮ ਕੋਰਟ ਵਲੋਂ ਇਸ ਅਰਜ਼ੀ ਵਿਚਲੀਆਂ ਖਾਮੀਆਂ ਕਾਰਨ ਇਸ ਨੂੰ ਖ਼ਾਰਜ ਕਰ ਦਿੱਤਾ ਗਿਆ ਸੀ ਅਤੇ ਨਾਲ ਹੀ ਕਿਹਾ ਗਿਆ ਸੀ ਕਿ ਸਾਰੀਆਂ ਖਾਮੀਆਂ ਪੂਰੀਆਂ ਕਰਨ ਤੋਂ ਬਾਅਦ ਦੁਬਾਰਾ ਅਰਜ਼ੀ ਦਾਇਰ ਕੀਤੀ ਜਾਵੇ।
ਖਾਲੜਾ ਮਿਸ਼ਨ ਵਲੋਂ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ ‘ਚ ਧਰਨਾ
ਅੰਮ੍ਰਿਤਸਰ : ਬਲਵੰਤ ਸਿੰਘ ਮੁਲਤਾਨੀ ਅਗਵਾ ਮਾਮਲੇ ਵਿੱਚ ਲੋੜੀਂਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ਲਈ ਅੰਮ੍ਰਿਤਸਰ ‘ਚ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਨੇ ਧਰਨਾ ਦਿੱਤਾ। ਧਰਨੇ ਵਿੱਚ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਅਤੇ ਮਨੁੱਖੀ ਅਧਿਕਾਰੀ ਇਨਸਾਫ ਸੰਘਰਸ਼ ਕਮੇਟੀ ਦੇ ਕਾਰਕੁਨਾਂ ਨੇ ਵੀ ਸ਼ਮੂਲੀਅਤ ਕੀਤੀ।ઠਸਥਾਨਕ ਭੰਡਾਰੀ ਪੁਲ ‘ਤੇ ਦਿੱਤੇ ਇਸ ਧਰਨੇ ਦੌਰਾਨ ਮੁਜ਼ਾਹਰਾਕਾਰੀਆਂ ਨੇ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ਦੀ ਮੰਗ ਅਤੇ ਨਿਰਦੋਸ਼ਾਂ ਦੇ ਕਤਲ ਦੇ ਦੋਸ਼ ਹੇਠ ਉਸ ਨੂੰ ਅੱਤਵਾਦੀ ਐਲਾਨਣ ਦੀ ਮੰਗ ਕੀਤੀ। ਧਰਨਾਕਾਰੀਆਂ ਨੇ ਇਸ ਮੰਗ ਸਬੰਧੀ ਤਖ਼ਤੀਆਂ ਚੁੱਕੀਆਂ ਹੋਈਆਂ ਸਨ। ਉਨ੍ਹਾਂ ਸਰਕਾਰ ਖ਼ਿਲਾਫ਼ ਨਾਅਰੇ ਵੀ ਲਾਏ। ਜਥੇਬੰਦੀ ਦੀ ਮੁਖੀ ਬੀਬੀ ਪਰਮਜੀਤ ਕੌਰ ਖਾਲੜਾ ਨੇ ਇਲਜ਼ਾਮ ਲਾਇਆ ਕਿ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲੇ ਕਾਂਗਰਸੀਆਂ, ਅਕਾਲੀਆਂ ਅਤੇ ਭਾਜਪਾਈਆਂ ਨੇ ਰਲ ਕੇ ਕਰਵਾਏ ਸਨ। ਜਥੇਬੰਦੀ ਇਸ ਮਾਮਲੇ ਵਿੱਚ ਇਨਸਾਫ਼ ਲਈ ਪਿਛਲੇ 25 ਸਾਲਾਂ ਤੋਂ ਜ਼ੁਲਮ ਖ਼ਿਲਾਫ਼ ਸੰਘਰਸ਼ ਕਰ ਰਹੀ ਹੈ। ਉਨ੍ਹਾਂ ਨੇ ਬਾਦਲਾਂ ‘ਤੇ ਹੋਰ ਵੀ ਕਈ ਗੰਭੀਰ ਇਲਜ਼ਾਮ ਲਾਏ।
ਸੁਮੇਧ ਸੈਣੀ ਦੀ ਗ੍ਰਿਫ਼ਤਾਰੀ ‘ਤੇ ਸੁਪਰੀਮ ਕੋਰਟ ਨੇ ਲਗਾਈ ਆਰਜ਼ੀ ਰੋਕ
ਦੇਸ਼ ਦੀ ਸਰਵਉੱਚ ਅਦਾਲਤ ਨੇ ਸਿਟਕੋ ਦੇ ਜੂਨੀਅਰ ਇੰਜਨੀਅਰ (ਜੇਈ) ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਮਗਰੋਂ ਭੇਤ-ਭਰੀ ਹਾਲਤ ਵਿਚ ਲਾਪਤਾ ਕਰਨ ਦੇ ਮਾਮਲੇ ਵਿਚ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਰਾਹਤ ਦਿੰਦਿਆਂ ਉਸ ਦੀ ਗ੍ਰਿਫ਼ਤਾਰੀ ‘ਤੇ ਫ਼ਿਲਹਾਲ ਆਰਜ਼ੀ ਰੋਕ ਲਗਾ ਦਿੱਤੀ ਹੈ।
ਸੈਣੀ ਨੂੰ ਵੀ ਪੁਲਿਸ ਜਾਂਚ ਵਿਚ ਸਹਿਯੋਗ ਦੇਣ ਦੇ ਆਦੇਸ਼ ਦਿੱਤੇ ਗਏ ਹਨ। ਸੂਬਾ ਸਰਕਾਰ ਨੂੰ ਤਿੰਨ ਹਫ਼ਤਿਆਂ ਅੰਦਰ ਆਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਸਰਕਾਰੀ ਵਕੀਲ ਅਨੁਸਾਰ ਸਰਕਾਰ ਦੀ ਲਿਖਤੀ ਸਟੇਟਮੈਂਟ ਮਗਰੋਂ ਚੌਥੇ ਹਫ਼ਤੇ ਬਚਾਅ ਪੱਖ ਆਪਣਾ ਜਵਾਬ ਦੇਵੇਗਾ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …