ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸੰਸਦ ਵਿਚ ਪੇਸ਼ ਕੀਤੇ ਖੇਤੀ ਆਰਡੀਨੈਂਸਾਂ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਝੂਠ ਨੰਗਾ ਹੋ ਗਿਆ ਹੈ। ਅਕਾਲੀ ਦਲ ਦੀ ਇਨ੍ਹਾਂ ਆਰਡੀਨੈਂਸਾਂ ਨੂੰ ਅੱਗੇ ਪਾਉਣ ਦੀ ਅਖੌਤੀ ਅਪੀਲ ਦੇ ਬਾਵਜੂਦ ਕੇਂਦਰ ਨੇ ਇਹ ਆਰਡੀਨੈਂਸ ਪੇਸ਼ ਕਰ ਦਿੱਤੇ, ਜਿਸ ਤੋਂ ਅਕਾਲੀ ਦਲ ਦੀ ਡਰਾਮੇਬਾਜ਼ੀ ਬੇਪਰਦ ਹੋਈ ਹੈ।
ਕੈਪਟਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਸਦਨ ਤੋਂ ਬਾਹਰ ਸੀ, ਜਦੋਂ ਇਹ ਆਰਡੀਨੈਂਸ ਸੰਸਦ ਵਿਚ ਕਾਨੂੰਨ ਬਣਾਉਣ ਲਈ ਪੇਸ਼ ਹੋਏ, ਜਿਸ ਤੋਂ ਸਿੱਧ ਹੁੰਦਾ ਹੈ ਕਿ ਅਕਾਲੀ ਦਲ ਵੱਲੋਂ ਸਾਰਾ ਡਰਾਮਾ ਕਿਸਾਨ ਧਿਰਾਂ ਨੂੰ ਪਰਚਾਉਣ ਵਾਸਤੇ ਰਚਿਆ ਗਿਆ ਸੀ। ਉਨ੍ਹਾਂ ਕਿਹਾ ਕਿ ਆਰਡੀਨੈਂਸ ਅਕਾਲੀ ਦਲ ਦੀ ਮੋਹਰ ਨਾਲ ਹੀ ਸੰਸਦ ਵਿਚ ਲਿਆਂਦੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਸੰਸਦ ਵਿਚ ਖੇਤੀ ਆਰਡੀਨੈਂਸਾਂ ਦੇ ਮਾਮਲੇ ‘ਤੇ ਗ਼ਲਤ ਤੱਥ ਪੇਸ਼ ਕਰਨ ਸਬੰਧੀ ਕੇਂਦਰੀ ਮੰਤਰੀ ਰਾਓਸਾਹਿਬ ਪਾਟਿਲ ਦਾਨਵੇ ਤੋਂ ਬਿਨਾਂ ਸ਼ਰਤ ਮੁਆਫ਼ੀ ਮੰਗਣ ਦੀ ਮੰਗ ਕੀਤੀ ਹੈ।ਮੁੱਖ ਮੰਤਰੀ ਨੇ ਇਸ ਨੂੰ ਸੰਸਦੀ ਮਰਿਆਦਾ ਅਤੇ ਅਸੂਲਾਂ ਦੀ ਉਲੰਘਣਾ ਦੱਸਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਰਾਜ ਮੰਤਰੀ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਕਾਂਗਰਸ ਅਤੇ ਪੰਜਾਬ ਸਰਕਾਰ ਨੂੰ ਮਿੱਥ ਕੇ ਬਦਨਾਮ ਕਰਨ ਦੀ ਕੋਸ਼ਿਸ਼ ਹੈ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਇਸ ਦਾਅਵੇ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਹੈ ਕਿ ਸੰਸਦ ਵਿੱਚ ਖੇਤੀ ਆਰਡੀਨੈਂਸ ਪੇਸ਼ ਕਰਨ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਇਸ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਸੀ। ਰਾਓਸਾਹਿਬ ਪਾਟਿਲ ਦਾਨਵੇ ਨੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਦਿੱਤੇ ਇਕ ਬਿਆਨ ਵਿੱਚ ਉਪਰੋਕਤ ਦਾਅਵਾ ਕੀਤਾ ਸੀ।
Check Also
ਪਾਣੀਆਂ ਦੇ ਮਾਮਲੇ ’ਤੇ ਪੰਜਾਬ ਨੇ ਹਰਿਆਣਾ ਦੇ ਦਾਅਵੇ ਕੀਤੇ ਖਾਰਜ
ਹਰਿਆਣਾ ਸਰਕਾਰ ਪੂਰਾ ਪਾਣੀ ਮਿਲਣ ਦਾ ਕਰਦੀ ਹੈ ਦਾਅਵਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਸਰਕਾਰ ਨੇ …