ਪਰਗਟ ਸਿੰਘ ਦੇ ‘ਆਪ’ ਅਤੇ ਬੁਲਾਰੀਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਕਨਸੋਆਂ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਦੇ ਦੋ ਵਿਧਾਇਕਾਂ ਪਰਗਟ ਸਿੰਘ ਅਤੇ ਇੰਦਰਬੀਰ ਸਿੰਘ ਬੁਲਾਰੀਆ ‘ਤੇ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਲਾਉਂਦਿਆਂ ਪਾਰਟੀ ਵਿਚੋਂ ਮੁਅੱਤਲ ਕਰ ਦਿੱਤਾ ਹੈ। ਪਾਰਟੀ ਵੱਲੋਂ ਕੀਤੀ ਇਸ ਕਾਰਵਾਈ ਨੂੰ ਨਵਜੋਤ ਸਿੰਘ ਸਿੱਧੂ ਵੱਲੋਂ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪੈਦਾ ਹੋਏ ਰਾਜਸੀ ਹਾਲਾਤ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ ਤਾਂ ਜੋ ਭਵਿੱਖ ਵਿੱਚ ਹੋਣ ਵਾਲੀ ਕਿਸੇ ਨਮੋਸ਼ੀ ਤੋਂ ਬਚਿਆ ਜਾ ਸਕੇ। ਅਕਾਲੀ ਦਲ ਨਾਲ ਨਾਰਾਜ਼ ਚੱਲੇ ਆ ਰਹੇ ਇਨ੍ਹਾਂ ਦੋਹਾਂ ਵਿਧਾਇਕਾਂ ਵੱਲੋਂ ਪਾਰਟੀ ਨੂੰ ਛੱਡਣ ਦੀਆਂ ਕਿਆਸਅਰਾਈਆਂ ਦਾ ਦੌਰ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਿਹਾ ਸੀ। ਚਰਚਾ ਹੈ ਕਿ ਜਲੰਧਰ ਛਾਉਣੀ ਹਲਕੇ ਦੇ ਵਿਧਾਇਕ ਪਰਗਟ ਸਿੰਘ ‘ਆਪ’ ਦਾ ਝਾੜੂ ਕਦੇ ਵੀ ਫੜ ਸਕਦੇ ਹਨ। ਸੂਤਰਾਂ ਅਨੁਸਾਰ ਸਾਬਕਾ ਹਾਕੀ ਕਪਤਾਨ ਅਗਸਤ ਵਿੱਚ ਆਪਣੇ ਰਾਜਸੀ ਭਵਿੱਖ ਦਾ ਫ਼ੈਸਲਾ ਲੈਣ ਵਾਲੇ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਵੱਲੋਂ ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ ਦਾ ਦੌਰ ਚੱਲ ਰਿਹਾ ਹੈ। ਇਨ੍ਹਾਂ ਦੋਹਾਂ ਵੱਲੋਂ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਰਕਾਰ ਪ੍ਰਤੀ ਪ੍ਰਗਟਾਈ ਨਾਰਾਜ਼ਗੀ ਮੀਡੀਆ ਰਾਹੀਂ ਕਈ ਵਾਰ ਜੱਗ-ਜ਼ਾਹਿਰ ਹੋ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਪਾਰਟੀ ਵਿੱਚ ਅਨੁਸ਼ਾਸਨਹੀਣਤਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪਾਰਟੀ ਸਕੱਤਰ ਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਸੀਨੀਅਰ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ ਇਹ ਫ਼ੈਸਲਾ ਲਿਆ ਹੈ। ઠਡਾ. ਚੀਮਾ ਨੇ ਦੱਸਿਆ ਕਿ ਦੋਵਾਂ ਆਗੂਆਂ ਖ਼ਿਲਾਫ਼ ਅਗਲੀ ਕਾਰਵਾਈ ਪਾਰਟੀ ਦੀ ਕੋਰ ਕਮੇਟੀ ਵੱਲੋਂ ਕੀਤੀ ਜਾਵੇਗੀ ਜਿਸ ਸਬੰਧੀ ਜਲਦੀ ਹੀ ਮੀਟਿੰਗ ਸੱਦੀ ਜਾਵੇਗੀ। ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਦੱਸਣਾ ਹੈ ਕਿ ਇਨ੍ਹਾਂ ਦੋਹਾਂ ਵਿਧਾਇਕਾਂ ਨੂੰ ਮੁਅੱਤਲ ਕਰਨ ਦੀ ਕਾਰਵਾਈ ਪਾਰਟੀ ਛੱਡਣ ਦੀਆਂ ਅਫ਼ਵਾਹਾਂ ਦੇ ਮੱਦੇਨਜ਼ਰ ਹੀ ਹੋਈ ਹੈ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …