
ਦੂਲੋਂ ਨੇ ਕੈਪਟਨ ਅਮਰਿੰਦਰ ਸਰਕਾਰ ਖਿਲਾਫ ਰਾਜ ਸਭਾ ਵਿੱਚ ਚੁੱਕਿਆ ਮੁੱਦਾ
ਨਵੀਂ ਦਿੱਲੀ/ਬਿਊਰੋ ਨਿਊਜ਼
ਰਾਜ ਸਭਾ ਵਿਚ ਕਾਂਗਰਸੀ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਪੰਜਾਬ ਵਿਚ ਕਥਿਤ ਤੌਰ ‘ਤੇ ਨਾਜਾਇਜ਼ ਸ਼ਰਾਬ ਫੈਕਟਰੀਆਂ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਦੂਲੋਂ ਨੇ ਕਿਹਾ ਕਿ ਇਨ੍ਹਾਂ ਨਜਾਇਜ਼ ਫੈਕਟਰੀਆਂ ਨੂੰ ਜੋ ਸ਼ਹਿ ਮਿਲ ਰਹੀ ਹੈ, ਉਸ ਨੂੰ ਰੋਕਿਆ ਜਾਣਾ ਚਾਹੀਦਾ ਹੈ। ਸਿਫ਼ਰ ਕਾਲ ਦੌਰਾਨ ਇਹ ਮੁੱਦਾ ਉਠਾਉਂਦਿਆਂ ਉਨ੍ਹਾਂ ਕਿਹਾ ਕਿ ਨਾਜਾਇਜ਼ ਫੈਕਟਰੀਆਂ ਦੀ ਜ਼ਹਿਰੀਲੀ ਸ਼ਰਾਬ ਨੇ ਪਿਛਲੇ ਮਹੀਨੇ ਪੰਜਾਬ ਵਿੱਚ 136 ਵਿਅਕਤੀਆਂ ਦੀ ਜਾਨ ਲਈ ਅਤੇ ਤਕਰੀਬਨ 150 ਵਿਅਕਤੀਆਂ ਦਾ ਹਸਪਤਾਲਾਂ ਵਿੱਚ ਇਲਾਜ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਅਜਿਹੀਆਂ ਨੌਂ ਨਾਜਾਇਜ਼ ਫੈਕਟਰੀਆਂ ਦਾ ਪਰਦਾ ਫਾਸ਼ ਹੋ ਚੁੱਕਾ ਹੈ, ਪਰ ਉਨ੍ਹਾਂ ਦੇ ਮਾਲਕਾਂ ਨੂੰ ਅਜੇ ਤੱਕ ਫੜਿਆ ਨਹੀਂ ਜਾ ਸਕਿਆ। ਉਨ੍ਹਾਂ ਦੱਸਿਆ ਕਿ ਇਹ ਨਾਜਾਇਜ਼ ਸ਼ਰਾਬ ਗੁਆਂਢੀ ਰਾਜਾਂ ਹਰਿਆਣਾ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵਿਕਦੀ ਹੈ। ਦੂਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਮੁੱਦੇ ‘ਤੇ ਦਖਲ ਦੇਣਾ ਚਾਹੀਦਾ ਹੈ ਅਤੇ ਅਜਿਹੀਆਂ ਫੈਕਟਰੀਆਂ ਬੰਦ ਕਰਨੀਆਂ ਚਾਹੀਦੀਆਂ ਹਨ।