ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਅਹਿਮ ਫੈਸਲੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਹੋਈ ਪੰਜਾਬ ਕੈਬਿਨਟ ਦੀ ਬੈਠਕ ਵਿਚ ਕਪੂਰਥਲਾ ਅਤੇ ਹੁਸ਼ਿਆਰਪੁਰ ‘ਚ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਦੇ ਨਾਂ ਬਦਲਣ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ। ਕੈਬਨਿਟ ਦੇ ਫ਼ੈਸਲੇ ਮੁਤਾਬਕ ਸਰਕਾਰੀ ਮੈਡੀਕਲ ਕਾਲਜ ਕਪੂਰਥਲਾ ਦਾ ਨਾਂ ਬਦਲ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਅਤੇ ਸਰਕਾਰੀ ਮੈਡੀਕਲ ਕਾਲਜ ਹੁਸ਼ਿਆਰਪੁਰ ਦਾ ਨਾਂ ਬਦਲ ਕੇ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਰੱਖਿਆ ਜਾਵੇਗਾ। ਇਸੇ ਦੌਰਾਨ ਕੈਬਨਿਟ ਦੀ ਬੈਠਕ ਵਿਚ ਸਟੇਟ ਵਿਜੀਲੈਂਸ ਕਮਿਸ਼ਨ ਨੂੰ ਮੁੜ ਲਿਆਉਣ ਦੀ ਮਨਜ਼ੂਰੀ ਦੇ ਦਿੱਤੀ ਗਈ। ਜਨਤਕ ਸੇਵਾਵਾਂ ਵਿਚ ਪਾਰਦਰਸ਼ਤਾ ਲਿਆਉਣ ਅਤੇ ਰਿਸ਼ਵਤਖੋਰੀ ਦੂਰ ਕਰਨ ਲਈ ਕੈਬਨਿਟ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਸਾਲ 2006 ਵਿਚ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਕਾਰਜਕਾਲ ਦੌਰਾਨ ਇਸ ਕਮਿਸ਼ਨ ਦੀ ਸਥਾਪਤੀ ਕੀਤੀ ਗਈ ਸੀ ਪਰ ਸਾਲ 2007 ਵਿਚ ਬਣੀ ਅਕਾਲੀ ਦਲ ਦੀ ਸਰਕਾਰ ਨੇ ਇਸ ਨੂੰ ਖ਼ਤਮ ਕਰ ਦਿੱਤਾ ਸੀ।

