
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਸੁਪਰੀਮ ਕੋਰਟ ਜਾਵੇਗੀ ਪੰਜਾਬ ਸਰਕਾਰ
ਕੈਪਟਨ ਅਮਰਿੰਦਰ ਨੇ ਸਪੈਸ਼ਲ ਸੈਸ਼ਨ ਬੁਲਾਉਣ ਦਾ ਵੀ ਕਿਸਾਨ ਆਗੂਆਂ ਨੂੰ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵਿਰੋਧ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਅੱਜ ਚੰਡੀਗੜ੍ਹ ‘ਚ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਇਸ ਕਾਨੂੰਨ ਨੂੰ ਰੱਦ ਕਰਵਾਉਣ ਲਈ ਸਪੈਸ਼ਲ ਸੈਸ਼ਨ ਬੁਲਾਉਣਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹਰ ਹੀਲੇ ਅਪਨਾਏਗੀ। ਉਨ੍ਹਾਂ ਕਿਹਾ ਕਿ ਇਸ ਲਈ ਸੁਪਰੀਮ ਕੋਰਟ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ। ਕੈਪਟਨ ਅਮਰਿੰਦਰ ਨੇ ਕਿਹਾ ਕਿ ਹਰ ਫ਼ਰੰਟ ਤੋਂ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਖਿਲਾਫ ਲੜਾਈ ਲੜੀ ਜਾਵੇਗੀ। ਇਸ ਦੌਰਾਨ ਕਿਸਾਨ ਯੂਨੀਅਨਾਂ ਨੇ ਵੀ ਧਮਕੀ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਗਵਰਨਰ ਹਾਊਸ ਦਾ ਵੀ ਘਿਰਾਓ ਕੀਤਾ ਜਾ ਸਕਦਾ ਹੈ ਅਤੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਉਹ ਹਰ ਹੀਲਾ ਵਰਤਣਗੇ।