
31 ਕਿਸਾਨ ਜਥੇਬੰਦੀਆਂ ਦੀ ਅਗਵਾਈ ‘ਚ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਪ੍ਰਦਰਸ਼ਨ
ਬਠਿੰਡਾ/ਬਿਊਰੋ ਨਿਊਜ਼
ਕੇਂਦਰ ਦੀ ਮੋਦੀ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੁੱਧ ਰੋਸ ਵਜੋਂ 31 ਕਿਸਾਨ ਜਥੇਬੰਦੀਆਂ ਦੇ ਸੱਦੇ ‘ਤੇ ਅੱਜ ਪੰਜਾਬ ਭਰ ਵਿਚ ਜ਼ੋਰਦਾਰ ਪ੍ਰਦਰਸ਼ਨ ਹੋਏ। ਕਿਸਾਨ ਰੇਲ ਪੱਟੜੀਆਂ ਅਤੇ ਸੜਕਾਂ ‘ਤੇ ਡਟੇ ਹੋਏ ਹਨ ਅਤੇ ਅਣਮਿੱਥੇ ਸਮੇਂ ਲਈ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ। ਕਿਸਾਨਾਂ ਵੱਲੋਂ ਬਠਿੰਡਾ-ਚੰਡੀਗੜ੍ਹ ਕੌਮੀ ਸ਼ਾਹਰਾਹ ਅਤੇ ਬਠਿੰਡਾ-ਅੰਮ੍ਰਿਤਸਰ ਕੌਮੀ ਸ਼ਾਹਰਾਹ ‘ਤੇ ਧਰਨੇ ਲਗਾਏ ਗਏ। ਇਸੇ ਤਰ੍ਹਾਂ ਹੁਸ਼ਿਆਰਪੁਰ, ਜਲੰਧਰ, ਸੰਗਰੂਰ, ਲੁਧਿਆਣਾ ਸਮੇਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਕਿਸਾਨਾਂ ਨੇ ਰੇਲ ਪੱਟੜੀਆਂ ‘ਤੇ ਧਰਨੇ ਲਗਾਏ। ਕਿਸਾਨਾਂ ਵਲੋਂ ਰਿਲਾਇੰਸ ਦੇ ਪੈਟਰੋਲ ਪੰਪਾਂ ਅੱਗੇ ਵੀ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਪਟਿਆਲਾ ਵਿਚ ਕਿਸਾਨ ਯੂਨੀਅਨ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਉੱਠੇ ਰੋਹ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਮੋਦੀ ਸਰਕਾਰ ਦੀਆਂ ਜੜ੍ਹਾਂ ਨੂੰ ਹਿਲਾ ਕੇ ਰੱਖ ਦਿੱਤਾ ਜਾਵੇਗਾ । ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਖਿਲਾਫ ਕਾਨੂੰਨ ਬਣਾਉਣ ਵਾਲੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਦੀ ਧਰਤੀ ‘ਤੇ ਪੈਰ ਨਹੀਂ ਧਰਨ ਦਿੱਤਾ ਜਾਵੇਗਾ।