ਚੰਡੀਗੜ੍ਹ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਹਾਥਰਸ ਵਿੱਚ 19 ਸਾਲਾ ਦਲਿਤ ਲੜਕੀ ਨਾਲ ਸਮੂਹਿਕ ਜਬਰ-ਜਨਾਹ ਦੀ ਘਟਨਾ ਖ਼ਿਲਾਫ਼ ਬੁੱਧੀਜੀਵੀਆਂ, ਵਕੀਲਾਂ, ਵਿਦਿਆਰਥੀ ਜਥੇਬੰਦੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਬੁੱਧਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਸੈਕਟਰ-17 ਵਿੱਚ ਮੋਮਬੱਤੀ ਮਾਰਚ ਕੀਤਾ। ਇਸ ਮੌਕੇ ਬੁੱਧੀਜੀਵੀਆਂ ਨੇ ਯੂਪੀ ਵਿੱਚ ਹੋਈ ਘਿਨੌਣੀ ਘਟਨਾ ਦੀ ਨਿੰਦਾ ਕਰਦਿਆਂ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇ ਕੇ ਪੀੜਤਾ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ ਹੈ। ਇਸ ਮੌਕੇ ਪ੍ਰੋਫੈਸਰ ਮਨਜੀਤ ਸਿੰਘ, ਡਾ. ਪਿਆਰੇ ਲਾਲ ਗਰਗ, ਐਡਵੋਕੇਟ ਰਾਜੀਵ ਗੋਦਾਰਾ, ਕੇਂਦਰੀ ਪੰਜਾਬੀ ਲੇਖਕ ਸਭਾ ਤੋਂ ਪ੍ਰੋ. ਸੁਖਦੇਵ ਸਿੰਘ ਸਿਰਸਾ, ਕਾਮਰੇਡ ਇੰਦਰਜੀਤ ਸਿੰਘ, ਵਿਦਿਆਰਥੀ ਆਗੂ ਕਨੂ ਪ੍ਰਿਆ, ਅਮਨ ਅਤੇ ਪੰਜਾਬੀ ਫ਼ਿਲਮ ਅਦਾਕਾਰ ਦੀਪ ਸਿੱਧੂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰੋਫੈਸਰ ਮਨਜੀਤ ਸਿੰਘ ਨੇ ਘਟਨਾ ਦੀ ਨਿੰਦਾ ਕਰਦਿਆਂ ਯੂਪੀ ਪੁਲਿਸ ਦੀ ਕਾਰਵਾਈ ‘ਤੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਕਿਹਾ ਕਿ ਪੁਲਿਸ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਸਖ਼ਤੀ ਨਾਲ ਪੁੱਛ-ਪੜਤਾਲ ਕਰੇ ਤੇ ਕਾਨੂੰਨ ਦੇ ਘੇਰੇ ਵਿਚ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸੂਬੇ ਵਿੱਚ ਅਪਰਾਧਕ ਗਤੀਵਿਧੀਆਂ ‘ਤੇ ਨੱਥ ਪਾਉਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਹਨ ਜਦਕਿ ਇਸ ਦੇ ਉਲਟ ਯੂਪੀ ਵਿੱਚ ਅਪਰਾਧਕ ਗਤੀਵਿਧੀਆਂ ਪਹਿਲਾਂ ਨਾਲੋਂ ਵੀ ਵੱਧ ਗਈਆਂ ਹਨ। ਉਨ੍ਹਾਂ ਕਿਹਾ ਕਿ ਯੋਗੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਜਬਰ ਜਨਾਹ ਖ਼ਿਲਾਫ਼ ਬੁੱਧੀਜੀਵੀਆਂ ਤੇ ਜਥੇਬੰਦੀਆਂ ਵੱਲੋਂ ਚੰਡੀਗੜ੍ਹ ‘ਚ ਮੋਮਬੱਤੀ ਮਾਰਚ
RELATED ARTICLES