ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹਰ ਮੁਹਾਜ਼ ‘ਤੇ ਸਿਆਸੀ ਲੜਾਈ ਲੜੇਗੀ ਪੰਜਾਬ ਸਰਕਾਰ
ਕੈਪਟਨ ਅਮਰਿੰਦਰ ਨੇ ਸਪੈਸ਼ਲ ਸੈਸ਼ਨ ਬੁਲਾਉਣ ਦਾ ਵੀ ਕਿਸਾਨ ਆਗੂਆਂ ਨੂੰ ਦਿੱਤਾ ਭਰੋਸਾ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ 3 ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ਼ ਚੱਲ ਰਹੇ ਵਿਰੋਧ ਦੇ ਸਬੰਧ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਚੰਡੀਗੜ੍ਹ ‘ਚ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਉਹ ਜਲਦ ਹੀ ਇਸ ਕਾਨੂੰਨ ਨੂੰ ਰੱਦ ਕਰਵਾਉਣ ਲਈ ਸਪੈਸ਼ਲ ਸੈਸ਼ਨ ਬੁਲਾਉਣਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਹਰ ਹੀਲੇ ਅਪਨਾਏਗੀ। ਉਨ੍ਹਾਂ ਕਿਹਾ ਕਿ ਇਸ ਲਈ ਸੁਪਰੀਮ ਕੋਰਟ ਤੱਕ ਵੀ ਪਹੁੰਚ ਕੀਤੀ ਜਾ ਸਕਦੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਹਰ ਫ਼ਰੰਟ ਤੋਂ ਇਨ੍ਹਾਂ ਖੇਤੀਬਾੜੀ ਕਾਨੂੰਨਾਂ ਖਿਲਾਫ ਲੜਾਈ ਲੜੀ ਜਾਵੇਗੀ। ਇਸ ਦੌਰਾਨ ਕਿਸਾਨ ਯੂਨੀਅਨਾਂ ਨੇ ਵੀ ਧਮਕੀ ਦਿੱਤੀ ਹੈ ਕਿ ਉਨ੍ਹਾਂ ਵੱਲੋਂ ਗਵਰਨਰ ਹਾਊਸ ਦਾ ਵੀ ਘਿਰਾਓ ਕੀਤਾ ਜਾ ਸਕਦਾ ਹੈ ਅਤੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਉਹ ਹਰ ਹੀਲਾ ਵਰਤਣਗੇ। ਕਿਸਾਨਾਂ ਨਾਲ ਹੋਈ ਮੀਟਿੰਗ ਦੌਰਾਨ ਕੁੱਲ ਹਿੰਦ ਕਾਂਗਰਸ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਬਾਰੇ ਇੰਚਾਰਜ ਹਰੀਸ਼ ਰਾਵਤ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਭਾਰਤ ਭੂਸ਼ਣ ਆਸ਼ੂ ਤੇ ਵਿਧਾਇਕ ਰਾਣਾ ਗੁਰਜੀਤ ਸਿੰਘ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਐਡਵੋਕੇਟ ਜਨਰਲ ਅਤੁਲ ਨੰਦਾ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਕਿਸਾਨ ਆਗੂਆਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਅਸੀਂ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਸੰਘੀ ਅਤੇ ਸੰਵਿਧਾਨਕ ਅਧਿਕਾਰਾਂ ਉੱਤੇ ਕੀਤੇ ਹਮਲੇ ਦਾ ਜਵਾਬ ਦੇਣ ਲਈ ਹਰ ਕਦਮ ਚੁੱਕਾਂਗੇ ਅਤੇ ਕਿਸਾਨਾਂ ਦੇ ਹਿੱਤਾਂ ਲਈ ਲੜਾਂਗੇ। ਉਨ੍ਹਾਂ ਕਿਹਾ ਕਿ ਜੇਕਰ ਕਾਨੂੰਨੀ ਮਾਹਿਰਾਂ ਦੀ ਇਹ ਸਲਾਹ ਹੁੰਦੀ ਹੈ ਕਿ ਕੇਂਦਰੀ ਕਾਨੂੰਨਾਂ ਦਾ ਮੁਕਾਬਲਾ ਕਰਨ ਲਈ ਸੂਬਾਈ ਕਾਨੂੰਨਾਂ ਵਿੱਚ ਸੋਧ ਕੀਤੀ ਜਾਵੇ, ਤਾਂ ਅਜਿਹਾ ਕਰਨ ਲਈ ਤੁਰੰਤ ਹੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਮੰਗ ਨੂੰ ਹਲਕੇ ਪੱਧਰ ਦੀ ਡਰਾਮੇਬਾਜ਼ੀ ਕਰਾਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਤਾਂ ਮਹੀਨਿਆਂ ਤੱਕ ਅਕਾਲੀਆਂ ਨੇ ਕੇਂਦਰੀ ਕਾਨੂੰਨਾਂ ਦੀ ਖੁੱਲ੍ਹ ਕੇ ਹਮਾਇਤ ਕੀਤੀ ਸੀ। ਉਨ੍ਹਾਂ ਸਵਾਲ ਕੀਤਾ ਕਿ ਪਿਛਲੇ ਸੈਸ਼ਨ ਦੌਰਾਨ ਅਕਾਲੀ ਕਿੱਥੇ ਸਨ ਅਤੇ ਕਿਉਂ ਸੁਖਬੀਰ ਨੇ ਸਰਬ ਪਾਰਟੀ ਮੀਟਿੰਗ ਵਿੱਚ ਹੋਰਨਾਂ ਧਿਰਾਂ ਵਾਂਗ ਹਮਾਇਤ ਨਹੀਂ ਕੀਤੀ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਉਹ ਕਿਸਾਨਾਂ ਦੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਾਮਲ ਹੋਣ ਲਈ ਪ੍ਰਧਾਨਗੀ ਦਾ ਅਹੁਦਾ ਛੱਡਣ ਲਈ ਵੀ ਤਿਆਰ ਹਨ, ਬਸ਼ਰਤੇ ਇਸ ਨੂੰ ਕੋਈ ਸਿਆਸੀ ਰੰਗਤ ਨਾ ਦਿੱਤੀ ਜਾਵੇ। ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਨਵੇਂ ਕਾਨੂੰਨ ਕਿਸਾਨਾਂ, ਆੜ੍ਹਤੀਆਂ, ਖੇਤ ਮਜ਼ਦੂਰਾਂ ਅਤੇ ਮੰਡੀ ਮੁਲਾਜ਼ਮਾਂ ਨੂੰ ਤਬਾਹ ਕਰਕੇ ਰੱਖ ਦੇਣਗੇ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …