Breaking News
Home / ਪੰਜਾਬ / ਖੇਤੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਤਖਤ ਸਾਹਿਬਾਨਾਂ ਤੋਂ ਕਿਸਾਨ ਮੋਰਚੇ ਦੀ ਕੀਤੀ ਸ਼ੁਰੂਆਤ

ਖੇਤੀ ਕਾਨੂੰਨਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਨੇ ਤਿੰਨ ਤਖਤ ਸਾਹਿਬਾਨਾਂ ਤੋਂ ਕਿਸਾਨ ਮੋਰਚੇ ਦੀ ਕੀਤੀ ਸ਼ੁਰੂਆਤ

ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ ਤੇ ਰਿਹਾਅ
ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਵੀਰਵਾਰ ਨੂੰ ਤਿੰਨ ਤਖਤ ਸਾਹਿਬਾਨਾਂ ਤੋਂ ਕਿਸਾਨ ਮੋਰਚੇ ਦੀ ਸ਼ੁਰੂਆਤ ਕੀਤੀ। ਸ੍ਰੀ ਅਕਾਲ ਤਖਤ ਸਾਹਿਬ ਅੰਮ੍ਰਿਤਸਰ ਤੋਂ ਸੁਖਬੀਰ ਬਾਦਲ, ਤਖਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਹਰਸਿਮਰਤ ਕੌਰ ਬਾਦਲ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਸਾਨ ਮੋਰਚੇ ਦੀ ਅਗਵਾਈ ਕੀਤੀ। ਕਿਸਾਨਾਂ ਦੀ ਹਮਾਇਤ ਕਰ ਰਹੇ ਇਸ ਸਿਆਸੀ ਮਾਰਚ ਨੇ ਸ਼ਾਮ ਨੂੰ ਚੰਡੀਗੜ੍ਹ ਪਹੁੰਚਣਾ ਸੀ, ਪਰ ਚੰਡੀਗੜ੍ਹ ਪੁਲਿਸ ਨੇ ਇਨ੍ਹਾਂ ਮਾਰਚਾਂ ਨੂੰ ਜ਼ੀਰਕਪੁਰ ਅਤੇ ਮੁੱਲਾਂਪੁਰ ਬੈਰੀਅਰ ‘ਤੇ ਰੋਕ ਲਿਆ। ਇਸ ਦੌਰਾਨ ਮਾਰਚ ਵਿਚ ਸ਼ਾਮਲ ਵੱਡੀ ਗਿਣਤੀ ਵਿਚ ਲੋਕਾਂ ਨੇ ਜ਼ੀਰਕਪੁਰ ਅਤੇ ਮੁੱਲਾਂਪੁਰ ਵਿਚ ਧਰਨਾ ਲਗਾ ਦਿੱਤਾ। ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਨੂੰ ਲਾਠੀਚਾਰਜ ਵੀ ਕਰਨਾ ਪਿਆ ਅਤੇ ਅਕਾਲੀ ਵਰਕਰਾਂ ‘ਤੇ ਪਾਣੀ ਦੀਆਂ ਬੁਛਾਰਾਂ ਵੀ ਛੱਡੀਆਂ। ਇਸਦੇ ਚੱਲਦਿਆਂ ਚੰਡੀਗੜ੍ਹ ਪੁਲਿਸ ਨੇ ਮੁੱਲਾਂਪੁਰ ਬੈਰੀਅਰ ਤੋਂ ਸੁਖਬੀਰ ਬਾਦਲ, ਬਿਕਰਮ ਮਜੀਠੀਆ, ਬੀਬੀ ਜਗੀਰ ਕੌਰ ਅਤੇ ਜ਼ੀਰਕਪੁਰ ਤੋਂ ਹਰਸਿਮਰਤ ਕੌਰ ਬਾਦਲ ਸਮੇਤ ਹੋਰ ਅਕਾਲੀ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ। ਇਹ ਵੀ ਜਾਣਕਾਰੀ ਮਿਲੀ ਕਿ ਸੁਖਬੀਰ, ਹਰਸਿਮਰਤ ਅਤੇ ਮਜੀਠੀਆ ਨੂੰ ਗ੍ਰਿਫਤਾਰ ਕਰਕੇ ਪੁਲਿਸ ਸੈਕਟਰ 17 ਦੇ ਥਾਣੇ ਲੈ ਗਈ ਸੀ। ਬਾਅਦ ਵਿਚ ਸੁਖਬੀਰ, ਹਰਸਿਮਰਤ ਅਤੇ ਹੋਰ ਆਗੂਆਂ ਨੂੰ ਰਿਹਾਅ ਵੀ ਕਰ ਦਿੱਤਾ ਗਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਡੇ ਨਾਲ ਧੱਕਾ ਕੀਤਾ ਗਿਆ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਆਵਾਜ਼ ਚੁੱਕਣ ‘ਤੇ ਸਾਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ, ਪਰ ਅਸੀਂ ਸੱਚ ਦੀ ਪੈਰਵੀ ਕਰ ਰਹੇ ਹਾਂ ਤੇ ਸਾਡੀ ਆਵਾਜ਼ ਦਬਾਈ ਨਹੀਂ ਜਾ ਸਕਦੀ ।

Check Also

ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਨੂੰ ਸ਼ਰਾਬ ਨਾਲ ਤੋਲਿਆ

ਮਜੀਠੀਆ ਬੋਲੇ : ਲੋਕਾਂ ਨੇ ਪੀਤੀ ਤੁਪਕਾ ਤੁਪਕਾ ‘ਆਪ’ ਵਾਲਿਆਂ ਨੇ ਪੀਤੀ ਬਾਟੇ ਨਾਲ ਲੁਧਿਆਣਾ/ਬਿਊਰੋ …