ਫਰੀਦਕੋਟ : ਬਹਿਬਲ ਕਲਾਂ ਗੋਲੀ ਕਾਂਡ ਮਾਮਲੇ ਵਿਚ ਕੁਝ ਪੁਲਿਸ ਅਧਿਕਾਰੀਆਂ ਨੇ ਇਸ ਮਾਮਲੇ ਦੀ ਪੜਤਾਲ ਕਰ ਰਹੇ ਜਾਂਚ ਟੀਮ ਮੈਂਬਰ ਕੁੰਵਰ ਵਿਜੈ ਪ੍ਰਤਾਪ ਸਿੰਘ ਖ਼ਿਲਾਫ਼ ਪੱਖਪਾਤ ਦੇ ਇਲਜ਼ਾਮ ਲਾਉਂਦਿਆਂ ਉਨ੍ਹਾਂ ਨੂੰ ਜਾਂਚ ਪ੍ਰਕਿਰਿਆ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜੱਜ ਅਨਮੋਲ ਰਤਨ ਸਿੰਘ ਨੇ ਥਾਣਾ ਸਿਟੀ ਕੋਟਕਪੂਰਾ ਦੇ ਤਤਕਾਲੀ ਐੱਸਐੱਚਓ ਗੁਰਦੀਪ ਪੰਧੇਰ ਵੱਲੋਂ ਦਾਇਰ ਕੀਤੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਵਿਸ਼ੇਸ਼ ਜਾਂਚ ਟੀਮ ਨੂੰ ਆਦੇਸ਼ ਦਿੱਤੇ ਹਨ ਕਿ 3 ਅਕਤੂਬਰ ਤੱਕ ਬਹਿਬਲ ਗੋਲੀ ਕਾਂਡ ਵਿਚ ਕੋਈ ਵੀ ਹੋਰ ਦੋਸ਼ ਪੱਤਰ ਅਦਾਲਤ ‘ਚ ਪੇਸ਼ ਨਾ ਕੀਤਾ ਜਾਵੇ। ਅਦਾਲਤ ਨੇ ਨਾਲ ਹੀ ਪੰਜਾਬ ਸਰਕਾਰ ਅਤੇ ਡੀਜੀਪੀ ਨੂੰ ਨੋਟਿਸ ਜਾਰੀ ਕਰਕੇ ਪੁੱਛਿਆ ਹੈ ਕਿ ਕੀ ਵਿਸ਼ੇਸ਼ ਜਾਂਚ ਟੀਮ ਵਿੱਚੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਹਟਾਇਆ ਜਾ ਸਕਦਾ ਹੈ ਜਾਂ ਨਹੀਂ? ਗੁਰਦੀਪ ਸਿੰਘ ਪੰਧੇਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਆਰਐੱਸ ਚੀਮਾ ਨੇ ਬਹਿਸ ਦੌਰਾਨ ਅਦਾਲਤ ਨੂੰ ਦੱਸਿਆ ਕਿ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਕਥਿਤ ਤੌਰ ‘ਤੇ ਪੜਤਾਲ ਵਿਚ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਇਸ ਮਾਮਲੇ ‘ਤੇ ਵੀ ਅਗਲੀ ਸੁਣਵਾਈ 3 ਅਕਤੂਬਰ ਨੂੰ ਕਰੇਗੀ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਹਰੀਨ ਪੀ ਰਾਵਲ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਟੀਮ ਦੇ ਕਿਸੇ ਮੈਂਬਰ ਨੂੰ ਬਦਲਣ ਬਾਰੇ ਉਸ ਦੀ ਸਰਕਾਰ ਨਾਲ ਅਜੇ ਤੱਕ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ 3 ਅਕਤੂਬਰ ਤੱਕ ਇਸ ਮਾਮਲੇ ‘ਤੇ ਸਰਕਾਰ ਦਾ ਪੱਖ ਅਦਾਲਤ ਸਾਹਮਣੇ ਰੱਖਣਗੇ।
Check Also
ਐਡਵੋਕੇਟ ਧਾਮੀ ਨੇ ਵਕਫ ਸੋਧ ਬਿਲ ’ਤੇ ਦਿੱਤਾ ਵੱਡਾ ਬਿਆਨ
ਕਿਹਾ : ਕੇਂਦਰ ਸਰਕਾਰ ਘੱਟ ਗਿਣਤੀਆਂ ਦੇ ਮਾਮਲਿਆਂ ’ਚ ਕਰ ਰਹੀ ਹੈ ਦਖਲਅੰਦਾਜ਼ੀ ਅੰਮਿ੍ਰਤਸਰ/ਬਿਊਰੋ ਨਿਊਜ਼ …