
ਕਿਹਾ – ਕੈਪਟਨ ਨੇ ਫਿਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਖਤਰੇ ‘ਚ ਪਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਨੰਬਰ-ਇਕ ਵਾਅਦਾ ਖਿਲਾਫੀ ਅਤੇ ਦਲਿਤ ਵਿਰੋਧੀ ਹੋਣ ਦਾ ਖਿਤਾਬ ਦਿੱਤਾ ਹੈ। ‘ਆਪ’ ਆਗੂਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਕੈਪਟਨ ਨੇ ਹੁਣ ਫਿਰ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿਚ ਪਾ ਕੇ ਵੋਟ ਬੈਂਕ ਦੀ ਗੰਦੀ ਰਾਜਨੀਤੀ ਕਰਦੇ ਹੋਏ ਇੱਕ ਨਵੀਂ ‘ਪੋਸਟ ਮੈਟ੍ਰਿਕ ਸਕਾਲਰਸ਼ਿਪ’ ਸਕੀਮ ਦਾ ਐਲਾਨ ਕਰ ਦਿੱਤਾ ਹੈ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਦਲਿਤ ਵਿਦਿਆਰਥੀਆਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦਿਆਂ ਇਹ ਬਿਆਨ ਦੇ ਰਹੇ ਹਨ ਕਿ ਕੇਂਦਰ ਸਰਕਾਰ ਨੇ ਦਲਿਤ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਸਕੀਮ ਨੂੰ ਬੰਦ ਕਰ ਦਿੱਤਾ ਹੈ। ਜਦਕਿ ਸਚਾਈ ਇਹ ਹੈ ਕਿ ਕੇਂਦਰ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਪੈਸਾ ਪੰਜਾਬ ਸਰਕਾਰ ਨੂੰ ਦਿੱਤਾ ਸੀ, ਪਰੰਤੂ ਘੋਟਾਲੇਬਾਜ ਕਾਂਗਰਸ ਦੀ ਪੰਜਾਬ ਸਰਕਾਰ ਨੇ ਉਸ ਪੈਸੇ ਨੂੰ ਆਪਣੇ ਨਿੱਜੀ ਕਾਰਜਾਂ ਲਈ ਇਸਤੇਮਾਲ ਕਰ ਲਿਆ।