
ਕੇਂਦਰ ਸਰਕਾਰ ਵਲੋਂ ਦਿੱਤਾ ਗੱਲਬਾਤ ਦਾ ਸੱਦਾ ਵੀ ਠੁਕਰਾਇਆ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਹੈ ਅਤੇ ਕੇਂਦਰ ਸਰਕਾਰ ਵਲੋਂ ਦਿੱਤੇ ਗੱਲਬਾਤ ਦੇ ਸੱਦੇ ਨੂੰ ਵੀ ਠੁਕਰਾ ਦਿੱਤਾ। ਇਹ ਫੈਸਲਾ ਪੰਜਾਬ ਦੀਆਂ ਸੰਘਰਸ਼ੀਲ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਕੀਤੀ ਮੀਟਿੰਗ ਦੌਰਾਨ ਲਿਆ ਗਿਆ। ਕਿਸਾਨ ਜਥੇਬੰਦੀਆਂ ਨੇ ਕੈਪਟਨ ਅਮਰਿੰਦਰ ਨੂੰ 15 ਅਕਤੂਬਰ ਤੱਕ ਖੇਤੀ ਕਾਨੂੰਨਾਂ ਬਾਰੇ ਵਿਧਾਨ ਸਭਾ ਦਾ ਇਜਲਾਸ ਸੱਦਣ ਦਾ ਵੀ ਸੱਦਾ ਦਿੱਤਾ। ਧਿਆਨ ਰਹੇ ਕਿ ਕੇਂਦਰੀ ਖੇਤੀ ਮੰਤਰਾਲੇ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਖ਼ਦਸ਼ੇ ਦੂਰ ਕਰਨ ਲਈ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਕਰਨ ਲਈ ਬੁਲਾਇਆ ਸੀ। ਇਸੇ ਦੌਰਾਨ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਪ੍ਰਤੀ ਬਾਕੀ ਯੂਨੀਅਨਾਂ ਵਿਚ ਨਿਰਾਸ਼ਾ ਦੇਖੀ ਜਾ ਰਹੀ ਹੈ ਅਤੇ ਕਿਸਾਨ ਯੂਨੀਅਨਾਂ ਦੀ ਹੋਈ ਮੀਟਿੰਗ ਵਿਚ ਵੀ ਭਾਰਤੀ ਕਿਸਾਨ ਯੂਨੀਅਨ ਨੂੰ ਸ਼ਾਮਲ ਨਹੀਂ ਕੀਤਾ ਗਿਆ। ਧਿਆਨ ਰਹੇ ਕਿ ਲੱਖੋਵਾਲ ਯੂਨੀਅਨ ਨੇ ਬਾਕੀਆਂ ਨਾਲ ਸਲਾਹ ਕੀਤੇ ਤੋਂ ਬਗੈਰ ਹੀ ਸੁਪਰੀਮ ਕੋਰਟ ਦਾ ਰੁਖ ਅਖਤਿਆਰ ਕੀਤਾ ਸੀ ਅਤੇ ਬਾਅਦ ਵਿਚ ਪਟੀਸ਼ਨ ਵਾਪਸ ਵੀ ਲੈ ਲਈ ਸੀ। ਇਸਦੇ ਚੱਲਦਿਆਂ ਹੋਰ ਯੂਨੀਅਨਾਂ ਨੇ ਧਰਨਾ ਸਥਾਨਾਂ ਤੋਂ ਭਾਰਤੀ ਕਿਸਾਨ ਯੂਨੀਅਨ ਦੇ ਝੰਡੇ ਉਤਾਰਨੇ ਸ਼ੁਰੂ ਕਰ ਦਿੱਤੇ ਹਨ। ਯੂਨੀਅਨ ਆਗੂਆਂ ਦਾ ਕਹਿਣਾ ਸੀ ਕਿ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸੇ ਵੀ ਆਗੂ ਨੂੰ ਮੋਰਚੇ ਵਿਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ।