9.6 C
Toronto
Saturday, November 8, 2025
spot_img
Homeਪੰਜਾਬਅੰਮ੍ਰਿਤਧਾਰੀ ਸਿੱਖ ਨੌਜਵਾਨ ਖੇਤੀ ਕਾਨੂੰਨਾਂ ਖਿਲਾਫ ਡਟੇ

ਅੰਮ੍ਰਿਤਧਾਰੀ ਸਿੱਖ ਨੌਜਵਾਨ ਖੇਤੀ ਕਾਨੂੰਨਾਂ ਖਿਲਾਫ ਡਟੇ

ਸੰਸਦ ਭਵਨ ਅੱਗੇ ਧਰਨੇ ‘ਤੇ ਬੈਠੇ ਸਿੱਖ ਨੌਜਵਾਨਾਂ ਨੂੰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤਾ ਥਾਪੜਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਨਵੇਂ ਬਣਾਏ ਗਏ ਖੇਤੀ ਕਾਨੂੰਨਾਂ ਦਾ ਸੰਸਦ ਭਵਨ ਦੇ ਬਾਹਰ ਵਿਰੋਧ ਕਰ ਰਹੇ ਪੰਜ ਗੁਰਸਿੱਖ ਨੌਜਵਾਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੌਕੇ ‘ਤੇ ਜਾ ਕੇ ਥਾਪੜਾ ਦਿੱਤਾ ਅਤੇ ਸਿਰੋਪਾਓ ਭੇਟ ਕਰਕੇ ਉਨ੍ਹਾਂ ਦਾ ਹੌਂਸਲਾ ਵਧਾਇਆ। ਰੋਪੜ ਜ਼ਿਲ੍ਹੇ ਨਾਲ ਸਬੰਧਤ ਇਹ ਗੁਰਸਿੱਖ ਨੌਜਵਾਨ ਪਿਛਲੇ ਕਈ ਦਿਨਾਂ ਤੋਂ ਸੰਸਦ ਅੱਗੇ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਦੇ ਰਹੇ ਹਨ।
ਗਿਆਨੀ ਹਰਪ੍ਰੀਤ ਸਿੰਘ ਨੂੰ ਜਦੋਂ ਇਨ੍ਹਾਂ ਨੌਜਵਾਨਾਂ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਦਿੱਤੇ ਜਾ ਰਹੇ ਧਰਨੇ ਬਾਰੇ ਪਤਾ ਲੱਗਾ ਤਾਂ ਉਹ ਇਨ੍ਹਾਂ ਨੌਜਵਾਨਾਂ ਨੂੰ ਥਾਪੜਾ ਦੇਣ ਲਈ ਉੱਥੇ ਪਹੁੰਚ ਗਏ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦਾ ਫ਼ੈਸਲਾ ਕਿਸਾਨ ਹਿੱਤਾਂ ਦੇ ਖ਼ਿਲਾਫ਼ ਹੈ, ਜਿਸ ਕਰਕੇ ਦੇਸ਼ ਦੇ ਕਿਸਾਨ ਸੰਘਰਸ਼ ਦੇ ਰਾਹ ‘ਤੇ ਆ ਗਏ ਹਨ ਤੇ ਇਨ੍ਹਾਂ ਅੰਮ੍ਰਿਤਧਾਰੀ ਸਿੰਘਾਂ ਵੱਲੋਂ ਵੀ ਸ਼ਾਂਤਮਈ ਢੰਗ ਨਾਲ ਕਾਨੂੰਨਾਂ ਖ਼ਿਲਾਫ਼ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀ ਜਾਇਜ਼ ਮੰਗ ਮੰਨਦਿਆਂ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਕਿਉਂਕਿ ਇਹ ਫ਼ੈਸਲਾ ਕਿਸਾਨੀ ਨੂੰ ਖਤਮ ਕਰਨ ਵਾਲਾ ਹੈ। ਦੇਸ਼ ਦੀ ਆਰਥਿਕਤਾ ਤੇ ਦੇਸ਼ ਦੀ ਜਨਤਾ ਦਾ ਵੱਡਾ ਹਿੱਸਾ ਕਿਸਾਨੀ ‘ਤੇ ਨਿਰਭਰ ਹੈ।
ਕਿਸਾਨੀ ਇਸ ਵੇਲੇ ਸਮੇਂ ਦੀ ਮੁੱਖ ਲੋੜ ਹੈ ਤੇ ਇਸ ਲਈ ਕੇਂਦਰ ਸਰਕਾਰ ਨੂੰ ਲੋਕਾਂ ਦੀਆਂ ਭਾਵਨਾਵਾਂ ਸਮਝਣੀਆਂ ਚਾਹੀਦੀਆਂ ਹਨ। ਉਨ੍ਹਾਂ ਖੁਸ਼ੀ ਪ੍ਰਗਟਾਉਂਦਿਆਂ ਕਿਹਾ ਇਹ ਚੰਗੀ ਗੱਲ ਹੈ ਕਿ ਸਿੱਖ ਨੌਜਵਾਨ ਆਪਣੇ ਹੱਕਾਂ ਲਈ ਅੱਗੇ ਆ ਰਹੇ ਹਨ। ਉਨ੍ਹਾਂ ਸਾਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

RELATED ARTICLES
POPULAR POSTS