ਕਿਹਾ – ਹਰਸਿਮਰਤ ਨੇ ਖੇਤੀ ਬਿੱਲਾਂ ਦਾ ਕਦੇ ਵਿਰੋਧ ਨਹੀਂ ਕੀਤਾ
ਚੰਡੀਗੜ੍ਹ/ਬਿਊਰੋ ਨਿਊਜ਼
ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਤੋਂ ਛੇਤੀ ਹੀ ਕੈਨੇਡਾ, ਅਮਰੀਕਾ, ਆਸਟਰੇਲੀਆ ਤੇ ਯੂਰਪ ਲਈ ਸਿੱਧੀਆਂ ਫਲਾਈਟਾਂ ਸ਼ੁਰੂ ਹੋਣਗੀਆਂ। ਇਹ ਪ੍ਰਗਟਾਵਾ ਨਾਗਰਿਕ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਚੰਡੀਗੜ੍ਹ ‘ਚ ਭਾਜਪਾ ਆਗੂਆਂ ਨਾਲ ਮੀਟਿੰਗ ਦੌਰਾਨ ਕੀਤਾ। ਹਰਦੀਪ ਪੁਰੀ ਨੇ ਦੱਸਿਆ ਕਿ ਉਹ ਇਸ ਸਬੰਧੀ ਹਵਾਬਾਜ਼ੀ ਕੰਪਨੀਆਂ ਨਾਲ ਗੱਲ ਕਰਨਗੇ ਤੇ ਉਨ੍ਹਾਂ ਨੂੰ ਫਲਾਈਟਾਂ ਸ਼ੁਰੂ ਕਰਨ ਲਈ ਪ੍ਰੇਰਿਤ ਕਰਨਗੇ। ਇਸਦੇ ਲਈ ਛੇਤੀ ਹੀ ਇਕ ਬੈਠਕ ਸੱਦੀ ਜਾਵੇਗੀ, ਜਿਸ ਵਿਚ ਏਅਰਪੋਰਟ ਮੈਨੇਜਮੈਂਟ, ਪ੍ਰਸ਼ਾਸਨ ਤੇ ਪਾਰਟੀ ਨੇਤਾਵਾਂ ਨੂੰ ਸ਼ਾਮਲ ਕੀਤਾ ਜਾਵੇਗਾ।
ਇਸੇ ਦੌਰਾਨ ਪੁਰੀ ਨੇ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਦੋ ਪੈਸੇਂਜਰ ਬੋਰਡਿੰਗ ਬ੍ਰਿਜ ਦਾ ਉਦਘਾਟਨ ਕੀਤਾ। ਸਾਢੇ 10 ਕਰੋੜ ਦਾ ਲਾਗਤ ਨਾਲ ਬਣੇ ਇਸ ਬ੍ਰਿਜ ਦੀ ਸਹੂਲਤ ਨਾਲ ਹੁਣ ਯਾਤਰੀ ਹਵਾਈ ਜਹਾਜ਼ ‘ਚੋਂ ਸਿੱਧੇ ਏਅਰਪੋਰਟ ਦੇ ਕੰਪਲੈਕਸ ਵਿਚ ਪੁੱਜ ਜਾਣਗੇ, ਉਨ੍ਹਾਂ ਨੂੰ ਏਪ੍ਰਨ ਦੀ ਵਰਤੋਂ ਨਹੀਂ ਕਰਨੀ ਪਵੇਗੀ। ਇਹ ਬ੍ਰਿਜ ਯਾਤਰੀਆਂ ਨੂੰ ਬਰਸਾਤ, ਸਰਦੀ ਤੇ ਗਰਮੀ ਤੋਂ ਬਚਾਏਗਾ। ਇਸੇ ਦੌਰਾਨ ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ਦੇ ਸੀਈਓ ਅਜੇ ਕੁਮਾਰ ਨੇ ਦੱਸਿਆ ਕਿ ਪੈਸੇਂਜਰ ਬੋਰਡਿੰਗ ਬ੍ਰਿਜ ਦਾ ਫਾਇਦਾ ਹਰ ਯਾਤਰੀ ਨੂੰ ਹੋਵੇਗਾ। ਸਾਡੀ ਇਹ ਕੋਸ਼ਿਸ਼ ਹੈ ਕਿ ਅਸੀਂ ਯਾਤਰੀਆਂ ਨੂੰ ਹਵਾਈ ਅੱਡੇ ‘ਤੇ ਇੰਟਰਨੈਸ਼ਨਲ ਪੱਧਰ ਦੀਆਂ ਸਹੂਲਤਾਂ ਦਈਏ।
ਇਸ ਦੇ ਚੱਲਦਿਆਂ ਹਰਦੀਪ ਪੁਰੀ ਨੇ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਮੰਤਰੀ ਰਹਿੰਦਿਆਂ ਕਦੇ ਵੀ ਨਵੇਂ ਖੇਤੀ ਬਿੱਲਾਂ ਦਾ ਵਿਰੋਧ ਨਹੀਂ ਕੀਤਾ। ਹਰਸਿਮਰਤ ਵੱਲੋਂ ਕੇਂਦਰੀ ਮੰਤਰੀ ਮੰਡਲ ਦੀਆਂ ਮੀਟਿੰਗਾਂ ਦੌਰਾਨ ਬਿੱਲਾਂ ਬਾਰੇ ਆਪਣਾ ਪੱਖ ਰੱਖਣ ਦੇ ਦਾਅਵਿਆਂ ਬਾਰੇ ਪੁਰੀ ਨੇ ਕਿਹਾ ਕਿ ਉਨ੍ਹਾਂ ਇਸ ਬਾਰੇ ਨਾ ਕਦੇ ਕੁਝ ਸੁਣਿਆ ਅਤੇ ਨਾ ਹੀ ਦੇਖਿਆ। ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ 2019 ਦੇ ਚੋਣ ਮੈਨੀਫੈਸਟੋ ਵਿੱਚ ਵੀ ਇਨ੍ਹਾਂ ਖੇਤੀ ਬਿੱਲਾਂ ਦਾ ਵੇਰਵਾ ਦਿੱਤਾ ਗਿਆ ਹੈ ਪਰ ਕਾਂਗਰਸ ਹੁਣ ਇਨ੍ਹਾਂ ਬਾਰੇ ਕਿਸਾਨਾਂ ਨੂੰ ਝੂਠ ਬੋਲ ਰਹੀ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਪਹਿਲਾਂ ਵਾਂਗ ਜਾਰੀ ਰਹੇਗਾ ਅਤੇ ਇਸ ਦਾ ਸਬੂਤ ਇਹ ਹੈ ਕਿ ਮੋਦੀ ਸਰਕਾਰ ਨੇ ਸਮੇਂ ਤੋਂ ਪਹਿਲਾਂ ਹੀ ਕਿਸਾਨਾਂ ਦੀਆਂ ਹਾੜ੍ਹੀ ਦੀਆਂ ਫ਼ਸਲਾਂ ਦੇ ਐੱਮਐੱਸਪੀ ਵਿੱਚ ਵਾਧਾ ਕੀਤਾ ਹੈ।
Home / ਪੰਜਾਬ / ਚੰਡੀਗੜ੍ਹ ਹਵਾਈ ਅੱਡੇ ਤੋਂ ਕੈਨੇਡਾ, ਅਮਰੀਕਾ, ਯੂਰਪ ਤੇ ਆਸਟ੍ਰੇਲੀਆ ਲਈ ਜਲਦ ਸ਼ੁਰੂ ਹੋਣਗੀਆਂ ਸਿੱਧੀਆਂ ਉਡਾਣਾਂ : ਹਰਦੀਪ ਪੁਰੀ
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …