ਅੰਮ੍ਰਿਤਸਰ/ਬਿਊਰੋ ਨਿਊਜ਼
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕਰਵਾਈ ਪੜਤਾਲ ਦੀ ਮੁਕੰਮਲ ਰਿਪਰੋਟ ਸ਼੍ਰੋਮਣੀ ਕਮੇਟੀ ਵਲੋਂ ਜਨਤਕ ਕਰਨ ਦਾ ਐਲਾਨ ਕਰਦੇ ਹੋਏ ਐਸਜੀਪੀਸੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਪੜਤਾਲ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ‘ਤੇ ਪਾ ਦਿੱਤੀ ਗਈ ਹੈ, ਜਿਸ ਨੂੰ ਹਰ ਕੋਈ ਦੇਖ ਸਕਦਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟ ਅਨੁਸਾਰ ਜਿਨ੍ਹਾਂ ਮੁਲਾਜ਼ਮਾਂ ਨੂੰ ਦੋਸ਼ੀ ਪਾਇਆ ਗਿਆ ਸੀ, ਉਨ੍ਹਾਂ ‘ਤੇ ਕਾਰਵਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਵਿਸਥਾਰਤ ਜਾਂਚ ਰਿਪੋਰਟ ਕਰੀਬ ਇਕ ਹਜ਼ਾਰ ਪੰਨਿਆਂ ਦੀ ਹੈ, ਜਿਸ ਨੂੰ ਸਕੈਨ ਕਰਕੇ ਵੈੱਬਸਾਈਟ ‘ਤੇ ਪਾਇਆ ਗਿਆ ਹੈ।
ਲੌਂਗੋਵਾਲ ਨੇ ਦੱਸਿਆ ਕਿ ਇਸ ਰਿਪੋਰਟ ਦੇ ਪਹਿਲੇ ਭਾਗ ਵਿਚ ਲਗਪਗ 680 ਪੰਨਿਆਂ ਤੱਕ ਵੱਖ-ਵੱਖ ਲੋਕਾਂ ਦੇ ਬਿਆਨ ਅਤੇ ਹੋਰ ਦਸਤਾਵੇਜ਼ ਹਨ, ਜਦਕਿ ਆਖਰੀ ਭਾਗ ਵਿਚ ਜਾਂਚ ਕਮਿਸ਼ਨ ਵਲੋਂ ਰਿਪੋਰਟ ਦਿੱਤੀ ਗਈ ਹੈ। ਜ਼ਿਕਰਯੋਗ ਹੈ ਪੜਤਾਲ ਰਿਪੋਰਟ ਨੂੰ ਜਨਤਕ ਕਰਨ ਲਈ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਹੋਏ ਬਜਟ ਇਜਲਾਸ ਦੌਰਾਨ ਵਿਰੋਧੀ ਧਿਰ ਨਾਲ ਸਬੰਧਿਤ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਮੰਗ ਰੱਖੀ ਗਈ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ 15 ਦੇ ਕਰੀਬ ਮੈਂਬਰਾਂ ਵਲੋਂ ਲਿਖਤੀ ਤੌਰ ‘ਤੇ ਮੰਗ ਕਰਦੇ ਹੋਏ ਇਹ ਪੜਤਾਲ ਰਿਪੋਰਟ ਜਨਤਕ ਕਰਨ ਲਈ ਪ੍ਰਧਾਨ ਸ਼੍ਰੋਮਣੀ ਕਮੇਟੀ ਨੂੰ ਲਿਖਿਆ ਗਿਆ ਸੀ। ਲਗਾਤਾਰ ਹੋ ਰਹੀ ਮੰਗ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਕਮੇਟੀ ਵਲੋਂ ਪੜਤਾਲ ਦੀ ਪੂਰੀ ਰਿਪੋਰਟ ਆਪਣੀ ਵੈੱਬਸਾਈਟ ‘ਤੇ ਪਾ ਕੇ ਜਨਤਕ ਕਰ ਦਿੱਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਤੇ ਪਰਮਜੀਤ ਸਿੰਘ ਸਰੋਆ ਆਦਿ ਮੌਜੂਦ ਸਨ।
ਲਾਪਤਾ ਪਾਵਨ ਸਰੂਪਾਂ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਲਈ ਸਿੱਖ ਬੀਬੀਆਂ ਅਕਾਲ ਤਖ਼ਤ ਸਾਹਿਬ ਪੁੱਜੀਆਂ
ਅੰਮ੍ਰਿਤਸਰ : ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਦੋਸ਼ੀਆਂ ਖ਼ਿਲਾਫ਼ ਪੁਲਿਸ ਕਾਰਵਾਈ ਕਰਵਾਉਣ ਲਈ ਸਿੱਖ ਬੀਬੀਆਂ ਦੇ ਇੱਕ ਜਥੇ ਨੇ ਮੰਜੀ ਸਾਹਿਬ ਦੀਵਾਨ ਹਾਲ ਕੋਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਤੱਕ ਮਾਰਚ ਕੀਤਾ ਹੈ ਅਤੇ ਇਸ ਸਬੰਧੀ ਇਕ ਮੰਗ ਪੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਹੈ। ਬੀਬੀਆਂ ਨੇ ਆਪਣੀ ਮੰਗ ਸਬੰਧੀ ਕਾਲੇ ਰੰਗ ਦੀਆਂ ਤਖਤੀਆਂ ਅਤੇ ਬੈਨਰ ਚੁੱਕੇ ਹੋਏ ਸਨ। ਇਹ ਬੀਬੀਆਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਨੇੜੇ ਚੱਲ ਰਹੇ ਮੋਰਚੇ ਵਾਲੀ ਥਾਂ ‘ਤੇ ਇਕੱਠੀਆਂ ਹੋਈਆਂ ਅਤੇ ਉਥੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤਕ ਤੱਕ ਮਾਰਚ ਕੀਤਾ। ਸਿੱਖ ਬੀਬੀਆਂ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਲਾਪਤਾ ਪਾਵਨ ਸਰੂਪਾਂ ਦੇ ਮਾਮਲੇ ਵਿੱਚ ਹੁਣ ਤੱਕ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਗਈ।
Check Also
ਜਲਵਾਯੂ ਪਰਿਵਰਤਨ ਤੇ ਭੋਜਨ ਸੁਰੱਖਿਆ ਗੰਭੀਰ ਚੁਣੌਤੀਆਂ : ਕਟਾਰੀਆ
ਪੰਜਾਬ ਦੇ ਗੰਧਲੇ ਹੋ ਰਹੇ ਪਾਣੀਆਂ ਨੂੰ ਸੰਭਾਲਣ ਦੀ ਲੋੜ: ਮਾਨ; ਪੀਏਯੂ ਵਿੱਚ ਚਾਰ ਰੋਜ਼ਾ …