
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਇਕ ਦੋਸ਼ੀ ਗ੍ਰਿਫ਼ਤਾਰ
ਫ਼ਤਹਿਗੜ੍ਹ ਸਾਹਿਬ/ਬਿਊਰੋ ਨਿਊਜ਼
ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ‘ਚ ਪੈਂਦੇ ਪਿੰਡ ਤਰਖਾਣ ਮਾਜਰਾ ਸਥਿਤ ਗੁਰਦੁਆਰਾ ਸਾਹਿਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਪਿੰਡ ਤਰਖਾਣ ਮਾਜਰਾ ਦੀਆਂ ਸਿੱਖ ਸੰਗਤਾਂ ਨੇ ਨੈਸ਼ਨਲ ਹਾਈਵੇ ਦੇ ਦੋਹੀਂ ਪਾਸੀਂ ਜਾਮ ਲਗਾ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਸਿੱਖ ਸੰਗਤਾਂ ਦੀ ਮੰਗ ਹੈ ਕਿ ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਨੂੰ ਸ਼ਰੇਆਮ ਸੰਗਤ ‘ਚ ਸਜ਼ਾ ਦਿੱਤੀ ਜਾਵੇ। ਇਸ ਮੰਦਭਾਗੀ ਘਟਨਾ ਦੀ ਸੂਚਨਾ ਮਿਲਣ ਮਗਰੋਂ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਵੀ ਸਿੱਖ ਸੰਗਤਾਂ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ‘ਚ ਆ ਕੇ ਲਗਾਤਾਰ ਜੁੜ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਸ ਦਾ ਸਿੱਖ ਸੰਗਤਾਂ ਵੱਲੋਂ ਚੰਗਾ ਕੁਟਾਪਾ ਵੀ ਕੀਤਾ ਗਿਆ। ਇਹ ਵੀ ਪਤਾ ਲੱਗਾ ਹੈ ਕਿ ਪਿੰਡ ਤਰਖਾਣ ਮਾਜਰੇ ਤੋਂ ਪਹਿਲਾਂ ਪਿੰਡ ਜੱਲ੍ਹੇ ਵਿਚ ਵੀ ਅਜਿਹੀ ਹਰਕਤ ਹੋਈ ਹੈ ਤੇ ਸ਼ੰਕੇ ਹਨ ਕਿ ਪਿੰਡ ਜੱਲ੍ਹੇ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਘਟਨਾ ਨੂੰ ਵੀ ਇਸੇ ਹੀ ਧਿਰ ਵੱਲੋਂ ਅੰਜ਼ਾਮ ਦਿੱਤਾ ਗਿਆ ਹੋਵੇਗਾ।