Breaking News
Home / ਭਾਰਤ / ਤਿੰਨੇ ਕਾਲੇ ਕਾਨੂੰਨ ਵਾਪਸ ਲਵੇ ਕੇਂਦਰ ਸਰਕਾਰ : ਕੇਜਰੀਵਾਲ

ਤਿੰਨੇ ਕਾਲੇ ਕਾਨੂੰਨ ਵਾਪਸ ਲਵੇ ਕੇਂਦਰ ਸਰਕਾਰ : ਕੇਜਰੀਵਾਲ

ਨਵੀਂ ਦਿੱਲੀ : ਆਮ ਆਦਮੀ ਪਾਰਟੀ ਪੰਜਾਬ ਪ੍ਰਦੇਸ਼ ਵਲੋਂ ਖੇਤੀ ਸੁਧਾਰ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਦੇ ਜੰਤਰ ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਦੇ ਹੋਏ ਖੇਤੀ ਕਾਨੂੰਨ ਦੀਆਂ ਕਾਪੀਆਂ ਸਾੜੀਆਂ ਗਈਆਂ ਅਤੇ ਤਿੰਨੇ ਕਾਨੂੰਨਾਂ ਦੇ ਖ਼ਿਲਾਫ਼ ਸੰਸਦ ਵੱਲ ਕੂਚ ਕਰਦੇ ਹੋਏ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। ਹਾਲਾਂਕਿ ਪ੍ਰਦਰਸ਼ਨਕਾਰੀਆਂ ਨੂੰ ਸੰਸਦ ਮਾਰਗ ਥਾਣੇ ‘ਤੇ ਹੀ ਰੋਕ ਕੇ ਹਿਰਾਸਤ ‘ਚ ਲੈ ਲਿਆ ਗਿਆ। ਪ੍ਰਦਰਸ਼ਨ ਦੌਰਾਨ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ਪਾਰਟੀ ਦੇ ਸੰਸਦ ਮੈਂਬਰਾਂ, ਪੰਜਾਬ ਦੇ ਵਿਧਾਇਕਾਂ ਅਤੇ ਬੁਲਾਰਿਆਂ ਨੇ ਖੇਤੀ ਕਾਨੂੰਨ ਦਾ ਸਖ਼ਤ ਵਿਰੋਧ ਕਰਦੇ ਹੋਏ ਭਾਜਪਾ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਨੂੰ ਵੀ ਰਗੜੇ ਲਾਏ। ਪੰਜਾਬੀ ‘ਚ ਫ਼ਤਹਿ ਬੁਲਾਉਣ ਉਪਰੰਤ ਆਪਣੀ ਤਕਰੀਰ ਸ਼ੁਰੂ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ, ਜਦੋਂ ਦੇਸ਼ ਮੁਸੀਬਤ ‘ਚ ਸੀ ਤਾਂ ਉਸ ਸਮੇਂ ‘ਹਰੀ ਕ੍ਰਾਂਤੀ’ ਲਿਆ ਕੇ ਪੰਜਾਬ ਦੇ ਕਿਸਾਨਾਂ ਨੇ ਦੇਸ਼ ਨੂੰ ਆਤਮ ਨਿਰਭਰ ਬਣਾਇਆ ਸੀ, ਪ੍ਰੰਤੂ ਮੌਜੂਦਾ ਸਮੇਂ ਮੋਦੀ ਸਰਕਾਰ ਵਲੋਂ ‘ਕਾਲੇ ਕਾਨੂੰਨਾਂ’ ਰਾਹੀਂ ‘ਅੰਨਦਾਤਾ’ ਦੀ ਪਿੱਠ ‘ਚ ਛੁਰਾ ਮਾਰਨ ਅਤੇ ਕਿਸਾਨੀ ਨੂੰ ਪੂਰੀ ਤਰ੍ਹਾਂ ਤਬਾਹ ਕਰਨ ‘ਚ ਬਿਲਕੁਲ ਵੀ ਗੁਰੇਜ਼ ਨਹੀਂ ਕੀਤਾ ਜਾ ਰਿਹਾ। ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਬਾਰੇ ਸਮਝੌਤੇ ਦੀ ਕੋਈ ਗੁੰਜਾਇਸ਼ ਹੀ ਨਹੀਂ, ਇਸ ਲਈ ਸਾਡੀ ਜ਼ੋਰਦਾਰ ਮੰਗ ਹੈ ਕਿ ਇਹ ਤਿੰਨੇ ਕਾਲੇ ਕਾਨੂੰਨ ਵਾਪਸ ਲਏ ਜਾਣ। ਐਮ.ਐਸ.ਪੀ. ਕਾਨੂੰਨ ਬਣਾਉਣ ਦੀ ਵਕਾਲਤ ਕਰਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਪੂਰੇ ਦੇਸ਼ ‘ਚ 100 ਫ਼ੀਸਦੀ ਫ਼ਸਲ ਐਮ.ਐਸ.ਪੀ.’ਤੇ ਖਰੀਦਣ ਦਾ ਕਾਨੂੰਨ ਬਣਾਇਆ ਜਾਵੇ ਅਤੇ ਇਹ ਐਮ.ਐਸ.ਪੀ. ਲਾਗਤ ਤੋਂ ਡੇਢ ਗੁਣਾ ਜ਼ਿਆਦਾ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ 2014 ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ‘ਚ ਸਵਾਮੀਨਾਥਨ ਰਿਪੋਰਟ ਲਾਗੂ ਕਰਨ ਦਾ ਵਾਅਦਾ ਕਿਸਾਨਾਂ ਨਾਲ ਕੀਤਾ ਸੀ, ਪ੍ਰੰਤੂ ਇਸ ਦੇ ਉਲਟ ਹੁਣ ਤਾਂ ਐਮ.ਐਸ.ਪੀ. ਹੀ ਖ਼ਤਮ ਕਰਨ ਵਲ ਤੁਰ ਪਈ ਹੈ। ਸੰਸਦ ਮੈਂਬਰ ਸੰਜੇ ਸਿੰਘ ਨੇ ਕਾਲਾ ਧਨ ਲਿਆਉਣ, ਨੋਟਬੰਦੀ ਨਾਲ ਅੱਤਵਾਦ ਖ਼ਤਮ ਹੋਣ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਸਬੰਧੀ ਮੋਦੀ ਦੇ ਸਾਰੇ ਵਾਅਦੇ ਤੇ ਬਿਆਨ ਯਾਦ ਕਰਵਾਏ ਅਤੇ ਨਾਲ ਹੀ ਉਨ੍ਹਾਂ ਦੀ ਜ਼ਮੀਨੀ ਹਕੀਕਤ ਵੀ ਦੱਸੀ। ਪੰਜਾਬ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਕਾਲੇ ਕਾਨੂੰਨਾਂ ਦਾ ਪਹਿਲੇ ਦਿਨ ਤੋਂ ਹੀ ਵਿਰੋਧ ਕਰਦੀ ਆ ਰਹੀ ਹੈ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਕਿਸੇ ਵੀ ਸੂਰਤ ‘ਚ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਇਸ ਮੌਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਬੁੱਧ ਰਾਮ, ਸਰਬਜੀਤ ਕੌਰ ਮਾਣੂੰਕੇ, ਪ੍ਰੋ. ਬਲਜਿੰਦਰ ਕੌਰ, ਮੀਤ ਹੇਅਰ, ਜੈ ਸਿੰਘ ਰੋੜੀ, ਰੁਪਿੰਦਰ ਕੌਰ ਰੂਬੀ, ਕੁਲਵੰਤ ਸਿੰਘ ਪੰਡੋਰੀ, ਮਨਜੀਤ ਸਿੰਘ ਬਿਲਾਸਪੁਰ, ਮਾਸਟਰ ਬਲਦੇਵ ਸਿੰਘ ਤੇ ਹੋਰਨਾਂ ਨੇ ਵੀ ਸੰਬੋਧਨ ਕੀਤਾ। ਸਟੇਜ ਦੀ ਜ਼ਿੰਮੇਵਾਰੀ ਵਿਧਾਇਕ ਤੇ ਪੰਜਾਬ ਇੰਚਾਰਜ ਜਰਨੈਲ ਸਿੰਘ ਤਿਲਕ ਨਗਰ ਨੇ ਨਿਭਾਈ।

Check Also

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ ਨਵੀਂ ਦਿੱਲੀ/ਬਿਊਰੋ …