Breaking News
Home / ਪੰਜਾਬ / ਸ਼੍ਰੋਮਣੀ ਕਮੇਟੀ ਨੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ਼੍ਰੋਮਣੀ ਕਮੇਟੀ ਨੇ ਨਨਕਾਣਾ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

Image Courtesy :jagbani(punjabkesari)

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਵੇਗਾ ਜਥਾ
ਅੰਮ੍ਰਿਤਸਰ/ਬਿਊਰੋ ਨਿਊਜ਼
ਕੋਵਿਡ-19 ਦਾ ਅਸਰ ਭਾਵੇਂ ਹਾਲੇ ਨਹੀਂ ਘਟਿਆ, ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਦਿਹਾੜੇ ਲਈ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਦੀ ਯਾਤਰਾ ‘ਤੇ ਜਾਣ ਦੇ ਇਛੁੱਕ ਸ਼ਰਧਾਲੂਆਂ ਕੋਲੋਂ ਪਾਸਪੋਰਟ ਮੰਗ ਲਏ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿੱਚ ਭੇਜੇ ਜਾਣ ਵਾਲੇ ਜਥੇ ਲਈ ਸ਼ਰਧਾਲੂ ਆਪਣੇ ਪਾਸਪੋਰਟ 18 ਅਕਤੂਬਰ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਮ੍ਰਿਤਸਰ ਸਥਿਤ ਦਫ਼ਤਰ ‘ਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟਾਂ ਦੇ ਨਾਲ ਮੈਂਬਰ ਸ਼੍ਰੋਮਣੀ ਕਮੇਟੀ ਦੀ ਸਿਫ਼ਾਰਸ਼ ਸਣੇ ਆਪਣਾ ਪਛਾਣ ਪੱਤਰ, ਤਿੰਨ ਪਾਸਪੋਰਟ ਸਾਈਜ਼ ਰੰਗਦਾਰ ਫੋਟੋਆਂ ਵੀ ਜਮ੍ਹਾਂ ਕਰਵਾਉਣ। ਪਛਾਣ ਪੱਤਰ ਲਈ ਆਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਨ ਕਾਰਡ ਦੀ ਕਾਪੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਆਪਣੇ ਪਾਸਪੋਰਟ ਸਮੇਂ ਸਿਰ ਜਮ੍ਹਾਂ ਕਰਵਾਉਣ ਤਾਂ ਜੋ ਅਗਲੀ ਕਾਰਵਾਈ ਲਈ ਅੱਗੇ ਭੇਜੇ ਜਾ ਸਕਣ। ਦੱਸਣਯੋਗ ਹੈ ਕਿ ਕਰੋਨਾ ਕਾਰਨ ਇਸ ਵਰ੍ਹੇ ਹੁਣ ਤੱਕ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਜੱਥਾ ਪਾਕਿਸਤਾਨ ਸਥਿਤ ਗੁਰੂਧਾਮਾਂ ਦੀ ਯਾਤਰਾ ਵਾਸਤੇ ਨਹੀਂ ਗਿਆ ਤੇ ਨਾ ਹੀ ਹਾਲੇ ਤੱਕ ਕੇਂਦਰ ਸਰਕਾਰ ਵੱਲੋਂ ਸਰਹੱਦਾਂ ਖੋਲ੍ਹੀਆਂ ਗਈਆਂ ਹਨ। ਹੁਣ ਤੱਕ ਖਾਲਸਾ ਸਾਜਨਾ ਦਿਵਸ, ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਵਸ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਹਰ ਵਰ੍ਹੇ ਭੇਜੇ ਜਾਂਦੇ ਸਿੱਖ ਸ਼ਰਧਾਲੂਆਂ ਦੇ ਜਥੇ ਪਾਕਿਸਤਾਨ ਨਹੀਂ ਜਾ ਸਕੇ। ਸ਼੍ਰੋਮਣੀ ਕਮੇਟੀ ਵੱਲੋ ਹਰ ਸਾਲ ਪਾਕਿਸਤਾਨ ‘ਚ ਗੁਰਦੁਆਰਿਆਂ ਦੀ ਯਾਤਰਾ ਲਈ ਚਾਰ ਜਥੇ ਭੇਜੇ ਜਾਂਦੇ ਹਨ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …