ਬਿੱਲ ਦੀ ਕਾਪੀ ਨਾ ਮਿਲਣ ਦੇ ਵਿਰੋਧ ਵਿਚ ਕੀਤੀ ਨਾਅਰੇਬਾਜ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਮ ‘ਤੇ ਲਿਆਂਦੇ ਤਿੰਨ ਖੇਤੀ ਕਾਨੂੰਨਾਂ ਦੇ ਖਿਲਾਫ਼ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਇਜਲਾਸ ਸੱਦਿਆ ਗਿਆ ਹੈ। ਇਸ ਮੌਕੇ ‘ਆਪ’ ਵਿਧਾਇਕ ਕਾਲੇ ਚੌਲੇ ਪਾ ਕੇ ਪਹੁੰਚੇ। ਸੈਸ਼ਨ ਦੌਰਾਨ ਬਿੱਲ ਦੀਆਂ ਕਾਪੀਆਂ ਨਾ ਮਿਲਣ ਦੇ ਵਿਰੋਧ ਵਿੱਚ ਉਹ ਵਿਧਾਨ ਸਭਾ ਵਿੱਚ ਹੀ ਧਰਨੇ ‘ਤੇ ਬੈਠ ਗਏ ਅਤੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਸਰਕਾਰ ਬਿੱਲ ਦੀਆਂ ਕਾਪੀਆਂ ਨਹੀਂ ਦਿੰਦੀ ਉਦੋਂ ਤੱਕ ਧਰਨਾ ਜਾਰੀ ਰਹੇਗਾ। ਇਸੇ ਦੌਰਾਨ ‘ਆਪ’ ਵਿਧਾਇਕ ਅਮਨ ਅਰੋੜਾ, ਬੀਬੀ ਸਰਵਜੀਤ ਕੌਰ ਮਾਣੂਕੇ ਸਮੇਤ ਕਈ ਆਗੂ ਵਿਧਾਨ ਸਭਾ ਵਿਚ ਹੀ ਜ਼ਮੀਨ ‘ਤੇ ਚੌਂਕੜੀਆਂ ਮਾਰ ਕੇ ਬੈਠ ਗਏ। ਜ਼ਿਕਰਯੋਗ ਹੈ ਕਿ ਕੇਂਦਰ ਵੱਲੋਂ ਨਵੇਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪੰਜਾਬ ਦਾ ਸਮੁੱਚਾ ਕਿਸਾਨ ਵਰਗ ਸੜਕਾਂ ‘ਤੇ ਉਤਰਿਆ ਹੋਇਆ ਹੈ। ਰੇਲਵੇ ਲਾਈਨਾਂ, ਮਾਲ, ਰਿਲਾਇੰਸ ਦੇ ਪੈਟਰੋਲ ਪੰਪ, ਟੋਲ ਪਲਾਜ਼ਿਆਂ ਸਮੇਤ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾ ਰਿਹਾ ਹੈ। ਭਾਜਪਾ ਨੂੰ ਛੱਡ ਕੇ ਬਾਕੀ ਸਾਰੀਆਂ ਸਿਆਸੀ ਧਿਰਾਂ ਦਾ ਕਿਸਾਨੀ ਸੰਘਰਸ਼ ਨੂੰ ਸਮਰਥਨ ਹੈ।
Check Also
ਸ੍ਰੀ ਅਕਾਲ ਤਖਤ ਸਾਹਿਬ ’ਤੇ ਦੋ ਦਸੰਬਰ ਨੂੰ ਹੋਣ ਵਾਲੀ ਇਕੱਤਰਤਾ ਤੋਂ ਪਹਿਲਾਂ ਬੋਲੇ ਐਡਵੋਕੇਟ ਧਾਮੀ
ਕਿਹਾ : ਫੈਸਲੇ ਤੋਂ ਪਹਿਲਾਂ ਸਿੰਘ ਸਾਹਿਬਾਨਾਂ ਨੂੰ ਨਾ ਦਿੱਤੀਆਂ ਜਾਣ ਨਸੀਹਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ : …