ਮਹਿਲਾ ਕਮਿਸ਼ਨ ਨੇ ਕਮਲਨਾਥ ਕੋਲੋਂ ਮੰਗਿਆ ਜਵਾਬ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੌਮੀ ਮਹਿਲਾ ਕਮਿਸ਼ਨ ਨੇ ਮੱਧ ਪ੍ਰਦੇਸ਼ ਦੀ ਮੰਤਰੀ ਇਮਰਤੀ ਦੇਵੀ ਖ਼ਿਲਾਫ਼ ਸਾਬਕਾ ਮੁੱਖ ਮੰਤਰੀ ਕਮਲਨਾਥ ਵੱਲੋਂ ਕਥਿਤ ਤੌਰ ਉਤੇ ‘ਆਈਟਮ’ ਵਾਲੀ ਟਿੱਪਣੀ ਕਰਨ ਦੇ ਮਾਮਲੇ ਵਿੱਚ ਜਵਾਬ ਮੰਗ ਲਿਆ ਹੈ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਚੋਣ ਕਮਿਸ਼ਨਰ ਨੂੰ ਪੱਤਰ ਲਿਖ ਕੇ ਢੁਕਵੀਂ ਕਾਰਵਾਈ ਦੀ ਮੰਗ ਕੀਤੀ ਹੈ। ਕਮਿਸ਼ਨ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਕਿ ਕਮਲਨਾਥ ਨੇ ਮੱਧ ਪ੍ਰਦੇਸ਼ ਦੇ ਡਾਬਰਾ ਵਿੱਚ ਇੱਕ ਰੈਲੀ ਦੌਰਾਨ ਮਹਿਲਾ ਮੰਤਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀ ਕੀਤੀ ਹੈ। ਕਮਿਸ਼ਨ ਇੱਕ ਆਗੂ ਵੱਲੋਂ ਦਿੱਤੇ ਗਏ ਇਸ ਗੈਰ-ਜ਼ਿੰਮੇਵਰਾਨਾ ਅਤੇ ਇਤਰਾਜ਼ਯੋਗ ਬਿਆਨ ਦੀ ਨਿਖੇਧੀ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਜ਼ਰੂਰੀ ਕਾਰਵਾਈ ਲਈ ਚੋਣ ਕਮਿਸ਼ਨ ਨੂੰ ਪੱਤਰ ਲਿਖਿਆ ਗਿਆ ਹੈ। ਜ਼ਿਕਰਯੋਗ ਹੈ ਕਿ ਡਾਬਰਾ ਵਿਧਾਨ ਸਭਾ ਹਲਕੇ ਵਿੱਚ ਚੋਣ ਪ੍ਰਚਾਰ ਦੌਰਾਨ ਕਮਲਨਾਥ ਨੇ ਐਤਵਾਰ ਨੂੰ ਕਾਂਗਰਸ ਉਮੀਦਵਾਰ ਨੂੰ ‘ਸਿੱਧਾ-ਸਾਦਾ’ ਅਤੇ ਉਸ ਖ਼ਿਲਾਫ਼ ਖੜ੍ਹੀ ਭਾਜਪਾ ਉਮੀਦਵਾਰ ਇਮਰਤੀ ਦੇਵੀ ਨੂੰ ਕਥਿਤ ਤੌਰ ਉਤੇ ‘ਆਈਟਮ’ ਕਿਹਾ ਸੀ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਚੌਹਾਨ ਦੀ ਅਗਵਾਈ ਵਿੱਚ ਭਾਜਪਾ ਆਗੂਆਂ ਨੇ ਕਮਲਨਾਥ ਦੀ ਟਿੱਪਣੀ ਦੇ ਮਾਮਲੇ ‘ਤੇ ਦੋ ਘੰਟੇ ਹੜਤਾਲ ਕੀਤੀ। ਚੌਹਾਨ ਨੇ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਵੀ ਲਿਖਿਆ, ਜਿਸ ਵਿੱਚ ਉਨ੍ਹਾਂ ਨੇ ਕਮਲਨਾਥ ਦੀ ਟਿੱਪਣੀ ਦੀ ਨਿਖੇਧੀ ਕਰਨ ਅਤੇ ਸਾਬਕਾ ਮੁੱਖ ਮੰਤਰੀ ਨੂੰ ਪਾਰਟੀ ਵਿਚੋਂ ਕੱਢਣ ਦੀ ਮੰਗ ਕੀਤੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …