ਸਾਧੂ ਸਿੰਘ ਧਰਮਸੋਤ ਦਾ ਮੰਗਿਆ ਅਸਤੀਫਾ
ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਵਿਦਿਆਰਥੀ ਜਥੇਬੰਦੀ ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ (ਏਬੀਵੀਪੀ) ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਮੁੱਦੇ ‘ਤੇ ਪੰਜਾਬ ਵਿਧਾਨ ਸਭਾ ਵੱਲ ਹੱਲਾ ਬੋਲ ਰੋਸ ਮਾਰਚ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਬੈਰੀਕੇਡ ਲਾ ਕੇ ਰਸਤੇ ਵਿੱਚ ਰੋਕਿਆ ਗਿਆ ਅਤੇ ਕਈ ਪਾੜ੍ਹਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਧੱਕਾਮੁੱਕੀ ਕਰਨ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ਵਿੱਚੋਂ ਸੂਬਾ ਸਕੱਤਰ ਚਿਰਾਂਸ਼ੂ ਰਤਨ, ਪਾਰਸ, ਅਜੇ, ਜਤਿਨ ਆਦਿ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਅਤੇ ਕੁਝ ਸਮਾਂ ਥਾਣੇ ਵਿੱਚ ਰੱਖਣ ਮਗਰੋਂ ਵਾਪਸ ਭੇਜ ਦਿੱਤਾ।
ਜਥੇਬੰਦੀ ਦੇ ਸੂਬਾ ਸਕੱਤਰ ਚਿਰਾਂਸ਼ੂ ਰਤਨ ਨੇ ਕਿਹਾ ਕਿ ਭਲਾਈ ਵਿਭਾਗ ਵਿੱਚ 64 ਕਰੋੜ ਰੁਪਏ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਲਈ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ‘ਤੇ ਦੋਸ਼ ਲੱਗੇ ਤੇ ਸਬੰਧਤ ਸਰਕਾਰੀ ਅਧਿਕਾਰੀਆਂ ਨੇ ਵੀ ਇਸ ਦੀ ਪੁਸ਼ਟੀ ਕੀਤੀ। ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਆਪਣੇ ਮੰਤਰੀ ਨੂੰ ਕਲੀਨ ਚਿੱਟ ਦੇ ਦਿੱਤੀ। ਉਨ੍ਹਾਂ ਮੰਗ ਕੀਤੀ ਕਿ ਗਰੀਬ ਵਿਦਿਆਰਥੀਆਂ ਦੀ ਪੜ੍ਹਾਈ ਲਈ ਦਿੱਤੀ ਜਾਣ ਵਾਲੀ ਸਕਾਲਰਸ਼ਿਪ ਵਿੱਚ ਘੁਟਾਲਾ ਕਰਨ ਸਬੰਧੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਆਪਣੇ ਅਹੁਦੇ ਤੋਂ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ ਅਤੇ ਇਸ ਮਾਮਲੇ ਦੀ ਜਾਂਚ ਸੇਵਾਮੁਕਤ ਜੱਜ ਰਾਹੀਂ ਕਰਵਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸੂਬਾ ਸਰਕਾਰ ਵਿਦਿਆਰਥੀਆਂ ਦੀ ਇਸ ਮੰਗ ਨੂੰ ਨਜ਼ਰਅੰਦਾਜ਼ ਕਰਦੀ ਹੈ ਤਾਂ ਜਥੇਬੰਦੀ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਕੋਲ ਇਸ ਮਾਮਲੇ ਵਿਚ ਦਖਲ ਮੰਗੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਘੁਟਾਲੇ ਦਾ ਅਸਲ ਨਤੀਜਾ ਸਾਹਮਣੇ ਆਉਣ ਤੱਕ ਆਪਣਾ ਸੰਘਰਸ਼ ਜਾਰੀ ਰੱਖੇਗੀ।
Home / ਪੰਜਾਬ / ਸਕਾਲਰਸ਼ਿਪ ਘੁਟਾਲਾ ਮਾਮਲੇ ‘ਚ ਵਿਦਿਆਰਥੀ ਜਥੇਬੰਦੀ ਨੇ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਕੀਤਾ ਰੋਸ ਪ੍ਰਦਰਸ਼ਨ
Check Also
ਸ਼ੋ੍ਰਮਣੀ ਅਕਾਲੀ ਦਲ ਦਾ ਪ੍ਰਧਾਨ ਬਣਨ ਤੋਂ ਬਾਅਦ ਬੋਲੇ ਸੁਖਬੀਰ ਬਾਦਲ
ਕਿਹਾ : ਅਕਾਲੀ ਦਲ ਕਿਸੇ ਪਰਿਵਾਰ ਦੀ ਪਾਰਟੀ ਨਹੀਂ ਸਗੋਂ ਇਹ ਪੰਜਾਬ ਦੀ ਅਸਲ ਪਾਰਟੀ …