ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਤਵਾਰ ਨੂੰ ਆਸਟਰੇਲੀਆ ਦੀ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਪਾਸੋਂ ਸਿੱਖਿਆ, ਹੁਨਰ ਸਿਖਲਾਈ, ਖੇਤੀਬਾੜੀ ਤੇ ਸ਼ਹਿਰੀ ਵਿਕਾਸ ਦੇ ਖੇਤਰ ਵਿਚ ਸਹਿਯੋਗ ਦੀ ਮੰਗ ਕੀਤੀ। ਆਸਟਰੇਲੀਆ ਦੀ ਹਾਈ ਕਮਿਸ਼ਨਰ ਨੇ ਇੱਥੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ।
ਵਿਚਾਰ-ਚਰਚਾ ਵਿਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਗਤੀਸ਼ੀਲ ਸੂਬਾ ਹੈ ਤੇ ਦੁਵੱਲੇ ਸਹਿਯੋਗ ਨਾਲ ਪੰਜਾਬ ਤੇ ਆਸਟਰੇਲੀਆ ਖੇਤੀਬਾੜੀ ਤੇ ਬਾਗ਼ਬਾਨੀ ਵਰਗੇ ਖੇਤਰਾਂ ਵਿਚ ਇਕ-ਦੂਜੇ ਤੋਂ ਲਾਭ ਲੈ ਸਕਦਾ ਹੈ। ਬਾਦਲ ਨੇ ਹਾਈ ਕਮਿਸ਼ਨਰ ਨੂੰ ਕਣਕ ਦੀ ਪੈਦਾਵਾਰ ਵਧਾਉਣ ਲਈ ਵੱਧ ਝਾੜ ਵਾਲਾ ਕਣਕ ਦਾ ਮਿਆਰੀ ਬੀਜ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ। ਬਾਦਲ ਨੇ ਪੰਜਾਬ ਤੇ ਆਸਟ੍ਰੇਲੀਆ ਦੇ ਕਿਸਾਨਾਂ ਦਾ ਆਦਾਨ-ਪ੍ਰਦਾਨ ਪ੍ਰੋਗਰਾਮ ਸ਼ੁਰੂ ਕਰਨ ਦੀ ਵੀ ਅਪੀਲ ਕੀਤੀ। ਮੁੱਖ ਮੰਤਰੀ ਨੇ ਆਸਟਰੇਲੀਅਨ ਹਾਈ ਕਮਿਸ਼ਨਰ ਨੂੰ ਉਚੇਰੀ ਤੇ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਉਨ੍ਹਾਂ ਦੀਆਂ ਵਿੱਦਿਅਕ ਸੰਸਥਾਵਾਂ ਤੇ ਯੂਨੀਵਰਸਿਟੀਆਂ ਨਾਲ ਗਠਜੋੜ ਕਰਨ ‘ਤੇ ਜ਼ੋਰ ਦਿੱਤਾ।
ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉਠਾਏ ਮੁੱਦਿਆਂ ਪ੍ਰਤੀ ਹੁੰਗਾਰਾ ਭਰਦਿਆਂ ਹਰਿੰਦਰ ਸਿੱਧੂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਆਸਟਰੇਲੀਆ ਸਰਕਾਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਨਾਲ ਸਮਝੌਤਾ ਕਰਨ ਦੀ ਪ੍ਰਕਿਰਿਆ ਪਹਿਲਾਂ ਹੀ ਆਰੰਭੀ ਹੋਈ ਹੈ, ਜਿਸ ਤਹਿਤ ਖਿਡਾਰੀਆਂ ਨੂੰ ਸਿਖਲਾਈ ਦੇਣ ਦੇ ਨਾਲ-ਨਾਲ ਕੋਚਾਂ ਨੂੰ ਨਵੇਂ ਖੇਡ ਹੁਨਰ ਦੱਸੇ ਜਾਇਆ ਕਰਨਗੇ।
ਹਾਈ ਕਮਿਸ਼ਨਰ ਨੇ ਲੁਧਿਆਣਾ, ਜਲੰਧਰ ਤੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਵਜੋਂ ਵਿਕਸਤ ਕਰਨ ਲਈ ਸੂਬੇ ਦੀ ਮਦਦ ਕਰਨ ਦੀ ਪੇਸ਼ਕਸ਼ ਕੀਤੀ।
Check Also
ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ
ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …