ਕੈਪਟਨ ਅਮਰਿੰਦਰ ਨੇ ਜਾਂਚ ਦੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਹੁਸ਼ਿਆਰਪੁਰ ਜ਼ਿਲ੍ਹੇ ਦੇ ਕਸਬਾ ਟਾਂਡਾ ਨੇੜਲੇ ਪਿੰਡ ਜਲਾਲਪੁਰ ਵਿਚ 6 ਸਾਲਾ ਲੜਕੀ ਦੀ ਜਬਰ ਜਨਾਹ ਤੋਂ ਬਾਅਦ ਕੀਤੀ ਹੱਤਿਆ ਦਾ ਮਾਮਲਾ ਗਰਮਾ ਗਿਆ ਹੈ। ਇਸ ਮਾਮਲੇ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਘਟਨਾ ਬੇਹੱਦ ਦੁਖਦਾਈ ਅਤੇ ਹੈਰਾਨ ਕਰਨ ਵਾਲੀ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੰਜਾਬ ਦੇ ਡੀ. ਜੀ. ਪੀ. ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਮਾਮਲੇ ਦੀ ਸਹੀ ਜਾਂਚ ਨੂੰ ਯਕੀਨੀ ਬਣਾਇਆ ਜਾਵੇ। ਕੈਪਟਨ ਨੇ ਮਾਮਲੇ ਨੂੰ ਫਾਸਟ ਟਰਾਇਲ ਵਿਚ ਚਲਾਉਣ ਅਤੇ ਦੋਸ਼ੀਆਂ ਨੂੰ ਮਿਸਾਲੀ ਸਜ਼ਾਵਾਂ ਦੇਣ ਦੀ ਗੱਲ ਆਖੀ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪਿੰਡ ਜਲਾਲਪੁਰ ਵਿੱਚ ਇਕ ਘਰ ‘ਚੋਂ ਛੇ ਸਾਲਾ ਬੱਚੀ ਦੀ ਅੱਧ ਸੜੀ ਲਾਸ਼ ਬਰਾਮਦ ਹੋਈ ਸੀ। ਇਸ ਬੱਚੀ ਨਾਲ ਕਥਿਤ ਜਬਰ ਜਨਾਹ ਕਰਨ ਮਗਰੋਂ ਪਹਿਲਾਂ ਉਸਦੀ ਹੱਤਿਆ ਕੀਤੀ ਗਈ ਤੇ ਮਗਰੋਂ ਉਸ ਨੂੰ ਅੱਗ ਲਗਾ ਦਿੱਤੀ ਗਈ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਗੁਰਪ੍ਰੀਤ ਸਿੰਘ ਤੇ ਉਸ ਦੇ ਦਾਦੇ ਸੁਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਕਤਲ, ਬਲਾਤਕਾਰ ਤੇ ਪੋਕਸੋ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੀੜਤ ਬੱਚੀ ਇਕ ਪਰਵਾਸੀ ਮਜ਼ਦੂਰ ਦੀ ਧੀ ਸੀ। ਇਸੇ ਦੌਰਾਨ ਘਟਨਾ ਦਾ ਨੋਟਿਸ ਲੈਂਦਿਆਂ ਕੌਮੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਇਸ ਮਾਮਲੇ ਦੀ ਐਸ. ਐਸ. ਪੀ. ਹੁਸ਼ਿਆਰਪੁਰ ਨੂੰ ਜਾਂਚ ਕਰਨ ਅਤੇ ਤਿੰਨ ਦਿਨਾਂ ਵਿਚ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

