![](https://parvasinewspaper.com/wp-content/uploads/2020/10/6-6-300x173.jpg)
ਅਕਾਲੀ ਦਲ ਨੇ ਲਿਆ ਗੰਭੀਰ ਨੋਟਿਸ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕਾਂਗਰਸ ਸਰਕਾਰ ਵਿਚ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਲੰਘੇ ਕੱਲ੍ਹ ਪਟਿਆਲਾ ਵਿਖੇ ਮੁੱਖ ਮੰਤਰੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕਰ ਦਿੱਤੀ। ਸ਼੍ਰੋਮਣੀ ਅਕਾਲੀ ਦਲ ਨੇ ਇਸਦਾ ਗੰਭੀਰ ਨੋਟਿਸ ਲੈਂਦਿਆਂ ਮੰਗ ਕੀਤੀ ਕਿ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ। ਅਕਾਲੀ ਦਲ ਨੇ ਇਹ ਵੀ ਮੰਗ ਕੀਤੀ ਕਿ ਧਰਮਸੋਤ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦਾ ਕੇਸ ਵੀ ਦਰਜ ਕੀਤਾ ਜਾਵੇ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਘਟਨਾ ਹੈ ਕਿ ਧਰਮਸੋਤ ਨੇ ਕਈ ਮੰਤਰੀਆਂ ਦੀ ਹਾਜ਼ਰੀ ਵਿਚ ਮੁੱਖ ਮੰਤਰੀ ਦੀ ਤੁਲਨਾ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਕੀਤੀ ਅਤੇ ਧਰਮਸੋਤ ਨੂੰ ਕਿਸੇ ਵੀ ਮੰਤਰੀ ਨੇ ਨਹੀਂ ਟੋਕਿਆ। ਡਾ. ਚੀਮਾ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ ਅਤੇ ਮੁੱਖ ਮੰਤਰੀ ਨੇ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਦੌਰਾਨ ਧਰਮਸੋਤ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਅਤੇ ਇਹ ਸਭ ਕੁਝ ਵਿਰੋਧੀਆਂ ਵਲੋਂ ਕੀਤਾ ਜਾ ਰਿਹਾ ਹੈ।