
ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੋ ਸਕਦੀ ਹੈ 5 ਸਾਲ ਦੀ ਜੇਲ੍ਹ
ਨਵੀਂ ਦਿੱਲੀ/ਬਿਊਰੋ ਨਿਊਜ਼
ਹਵਾ ਪ੍ਰਦੂਸ਼ਣ ਫੈਲਾਉਣ ਵਾਲਿਆਂ ਨੂੰ ਹੁਣ 5 ਸਾਲ ਦੀ ਜੇਲ੍ਹ ਅਤੇ ਇਕ ਕਰੋੜ ਰੁਪਏ ਦਾ ਜੁਰਮਾਨਾ ਲੱਗ ਸਕਦਾ ਹੈ। ਇਸਦੇ ਚੱਲਦਿਆਂ ਦਿੱਲੀ-ਐਨ. ਸੀ. ਆਰ. ਅਤੇ ਇਸਦੇ ਨਾਲ ਲੱਗਦੇ ਸੂਬਿਆਂ ਹਰਿਆਣਾ, ਪੰਜਾਬ, ਰਾਜਸਥਾਨ, ਅਤੇ ਉੱਤਰ ਪ੍ਰਦੇਸ਼ ਵਿਚ ਗੰਭੀਰ ਹੁੰਦੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕ ਕਮਿਸ਼ਨ ਦੇ ਗਠਨ ਸਬੰਧੀ ਇਕ ਬਿੱਲ ਨੂੰ ਮਨਜ਼ੂਰੀ ਦਿੱਤੀ ਹੈ। ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇਕ ਆਰਡੀਨੈਂਸ ਰਾਹੀਂ ਪਰਾਲੀ ਸਾੜਨ ਨਾਲ ਫੈਲ ਰਹੇ ਹਵਾ ਪ੍ਰਦਸ਼ਣ ਦੇ ਖ਼ਤਰੇ ਨਾਲ ਨਜਿੱਠਣ ਲਈ ਇਸ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦਿੱਤੀ। ਇਸ ਕਮਿਸ਼ਨ ਵਿਚ ਇਕ ਚੇਅਰਪਰਸਨ ਦੇ ਨਾਲ-ਨਾਲ ਕੇਂਦਰ ਸਰਕਾਰ, ਐਨ. ਸੀ. ਆਰ. ਦੇ ਸੂਬਿਆਂ ਦੇ ਨੁਮਾਇੰਦੇ, ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਇਸਰੋ ਦੇ ਵੀ ਨੁਮਾਇੰਦੇ ਸ਼ਾਮਿਲ ਹੋਣਗੇ। ਕੇਂਦਰ ਸਰਕਾਰ ਨੇ ਇਸ ਸਬੰਧੀ ਸੁਪਰੀਮ ਕੋਰਟ ਨੂੰ ਵੀ ਜਾਣਕਾਰੀ ਦੇ ਦਿੱਤੀ ਹੈ।