ਪੰਜਾਬ ਅਸੈਂਬਲੀ ਦੇ ਮਤੇ ਕਿਸਾਨਾਂ ਨਾਲ ਧੋਖਾ ਕਰਾਰ
ਜੰਡਿਆਲਾ ਗੁਰੂ/ਬਿਊਰੋ ਨਿਊਜ਼
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦਾ ਰੇਲ ਰੋਕੋ ਅੰਦੋਲਨ ਲਗਾਤਾਰ ਜਾਰੀ ਹੈ। ਜੰਡਿਆਲਾ ਗੁਰੂ (ਗਹਿਰੀ) ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਬੱਚਿਆਂ ਨੇ ਸੰਘਰਸ਼ ਵਿੱਚ ਸ਼ਮੂਲੀਅਤ ਕੀਤੀ। ਸੰਘਰਸ਼ ਕਮੇਟੀ ਦੇ ਸੂਬਾ ਜਰਨਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਹੁਣ ਤੱਕ ਅੰਦੋਲਨ ਵਿੱਚ ਕਿਸਾਨ, ਮਜ਼ਦੂਰ ਅਤੇ ਬੀਬੀਆਂ ਹਿੱਸਾ ਲੈ ਰਹੀਆਂ ਸਨ ਪਰ ਹੁਣ ਬੱਚਿਆਂ ਨੇ ਵੀ ਰੇਲ ਪਟੜੀਆਂ ‘ਤੇ ਅੰਦੋਲਨ ਭਖਾਇਆ ਹੈ। ਬੱਚਿਆਂ ਦੀ ਸ਼ਮੁਲੀਅਤ ਨੇ ਕੇਂਦਰ ਦੀ ਸਰਕਾਰ ਨੂੰ ਸੁਨੇਹਾ ਦਿੱਤਾ ਹੈ ਕਿ ਕਿਸਾਨਾਂ ਤੇ ਮਜ਼ਦੂਰਾਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰ ਵੀ ਸੰਘਰਸ਼ ਲਈ ਕਮਰ ਕੱਸੀ ਬੈਠੇ ਹਨ। ਰੇਲਵੇ ਟਰੈਕ ‘ਤੇ ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਵਰਿਆਮ ਨੰਗਲ ਨੇ ਕਿਹਾ ਕਿਸਾਨਾਂ ਵੱਲੋਂ ਅੰਦੋਲਨ ਪੂਰੀ ਤਰ੍ਹਾਂ ਇੱਕਮੁੱਠ ਹੋ ਕੇ ਲੜਿਆ ਜਾ ਰਿਹਾ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਪਾਸ ਕੀਤਾ ਗਿਆ ਮਤਾ ਕੈਪਟਨ ਸਰਕਾਰ ਆਪਣੀ ਪ੍ਰਾਪਤੀ ਦੱਸ ਰਹੀ ਹੈ, ਪਰ ਇਹ ਮਤਾ ਸੈਕਸ਼ਨ 11 ਵਿੱਚ ਪਾਸ ਕੀਤਾ ਗਿਆ ਹੈ, ਜਿਸ ਵਿੱਚ ਕੇਂਦਰ ਦਾ ਕਾਨੂੰਨ ਰੱਦ ਕਰਨ ਦੀ ਵਿਵਸਥਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਕੈਪਟਨ ਸਰਕਾਰ ਨੂੰ ਲੱਗਦਾ ਹੈ ਕਿ ਉਸ ਦੇ ਮਤੇ ਠੀਕ ਹਨ ਤਾਂ ਉਹ ਕਿਸਾਨਾਂ ਨਾਲ ਬੈਠ ਕੇ ਚਰਚਾ ਕਰਨ। ਕਿਸਾਨ ਆਪਣੇ ਵਕੀਲ ਨੂੰ ਲੈ ਕੇ ਚਰਚਾ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਵੱਲ ਮਾਲ ਗੱਡੀਆਂ ਨਾ ਭੇਜਣ ਦਾ ਫ਼ੈਸਲਾ ਕੀਤਾ ਹੈ, ਜਿਸ ਦੀ ਉਹ ਨਿਖੇਧੀ ਕਰਦੇ ਹਨ।

