ਖੇਤੀ ਕਾਨੂੰਨਾਂ ਖਿਲਾਫ ਪੰਜਾਬ ਦਿੱਸਿਆ ਇੱਕਜੁੱਟ
ਚੰਡੀਗੜ੍ਹ/ਬਿਊਰੋ ਨਿਊਜ਼ : ਦੁਸਹਿਰੇ ਦੇ ਤਿਉਹਾਰ ਮੌਕੇ ਐਤਵਾਰ ਨੂੰ ਪੰਜਾਬ ਵਿਚ ਖੇਤੀ ਕਾਨੂੰਨਾਂ ਖਿਲਾਫ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਅੰਬਾਨੀ, ਅਡਾਨੀ ਤੇ ਹੋਰ ਭਾਜਪਾ ਆਗੂਆਂ ਦੇ ਪੁਤਲੇ ਫੂਕੇ। ਕਿਸਾਨ ਆਗੂਆਂ ਨੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਨਵੇਂ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਜ਼ਿਕਰਯੋਗ ਹੈ ਕਿ ਕਰੋਨਾ ਵਾਇਰਸ ਦੇ ਮੱਦੇਨਜ਼ਰ ਇਸ ਵਾਰ ਦੁਸਹਿਰੇ ਦੇ ਤਿਉਹਾਰ ਮੌਕੇ ਵੱਡੇ ਇਕੱਠੇ ਨਹੀਂ ਹੋ ਸਕੇ। ਕਾਲੇ ਖੇਤੀ ਕਾਨੂੰਨਾਂ ਖਿਲਾਫ ਸਮੁੱਚਾ ਪੰਜਾਬ ਵੀ ਇਕਜੁੱਟ ਨਜ਼ਰ ਆਇਆ। ਜ਼ਿਕਰਯੋਗ ਹੈ ਕਿ ਇੰਝ ਪਹਿਲੀ ਵਾਰ ਹੋਇਆ ਕਿ ਪ੍ਰਧਾਨ ਮੰਤਰੀ ਦੇ ਪੁਤਲੇ ਕਿਸੇ ਤਿਉਹਾਰ ਮੌਕੇ ਸਾੜੇ ਗਏ ਹੋਣ। ਇਕੱਠਾਂ ਵਿਚ ਸ਼ਹਿਰੀਆਂ ਅਤੇ ਕਾਰੋਬਾਰੀ ਲੋਕਾਂ ਦੀ ਸ਼ਮੂਲੀਅਤ ਨੇ ਕੇਂਦਰ ਸਰਕਾਰ ਨੂੰ ਸਪੱਸ਼ਟ ਸੁਨੇਹਾ ਦਿੱਤਾ ਕਿ ਕਿਸਾਨ ਅੰਦੋਲਨ ਇਕੱਲੇ ਕਿਸਾਨਾਂ-ਮਜ਼ਦੂਰਾਂ ਦਾ ਨਹੀਂ ਬਲਕਿ ਸਮੁੱਚੇ ਪੰਜਾਬ ਦਾ ਹੈ। ਤੀਹ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਪੰਜਾਬ ਭਰ ਵਿਚ ਕਰੀਬ 1100 ਪਿੰਡਾਂ ਅਤੇ ਸੌ ਤੋਂ ਵੱਧ ਸ਼ਹਿਰਾਂ ਤੇ ਕਸਬਿਆਂ ਵਿਚ ਇਸ ਢੰਗ ਨਾਲ ਦੁਸਹਿਰਾ ਮਨਾਇਆ ਗਿਆ। ਇਸ ਦੇ ਚੱਲਦਿਆਂ ਟੌਲ ਪਲਾਜ਼ਿਆਂ, ਰਿਲਾਇੰਸ ਪੰਪਾਂ ਅਤੇ ਕੌਮੀ ਮਾਰਗਾਂ ‘ਤੇ ਅਨੇਕਾਂ ਥਾਈਂ ਮੋਦੀ-ਅੰਬਾਨੀ-ਅਡਾਨੀ ਦੇ ਦਿਓ ਕੱਦ ਪੁਤਲੇ ਸਾੜੇ ਗਏ। ਝੋਨੇ ਦਾ ਸੀਜ਼ਨ ਸਿਖ਼ਰਾਂ ‘ਤੇ ਹੋਣ ਦੇ ਬਾਵਜੂਦ ਖੇਤੀ ਅਰਥਚਾਰੇ ਨਾਲ ਜੁੜੇ ਹਰ ਤਬਕੇ ਨੇ ਸੰਘਰਸ਼ ਦੇ ਰੰਗ ਵਿਚ ਰੰਗੇ ਦਸਹਿਰੇ ਦੇ ਪ੍ਰੋਗਰਾਮਾਂ ਵਿਚ ਹਾਜ਼ਰੀ ਲਵਾਈ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …