Breaking News
Home / ਪੰਜਾਬ / ਪੰਜਾਬ ‘ਚ ਕੇਂਦਰ ਨੇ ਮਾਲ ਰੇਲ ਗੱਡੀਆਂ ਕੀਤੀਆਂ ਬੰਦ

ਪੰਜਾਬ ‘ਚ ਕੇਂਦਰ ਨੇ ਮਾਲ ਰੇਲ ਗੱਡੀਆਂ ਕੀਤੀਆਂ ਬੰਦ

ਕੈਪਟਨ ਅਮਰਿੰਦਰ ਨੇ ਰੇਲ ਮੰਤਰੀ ਤੋਂ ਕੀਤੀ ਨਿੱਜੀ ਦਖ਼ਲ ਦੀ ਮੰਗ
ਚੰਡੀਗੜ੍ਹ : ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਪੰਜਾਬ ਲਈ ਮਾਲ ਰੇਲ ਗੱਡੀਆਂ ਬੰਦ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਾਲ ਗੱਡੀਆਂ ਦੀ ਆਵਾਜਾਈ ਦੀ ਤੁਰੰਤ ਬਹਾਲੀ ਲਈ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਦਾ ਨਿੱਜੀ ਦਖਲ ਮੰਗਿਆ ਹੈ।
ਕਿਸਾਨਾਂ ਵੱਲੋਂ ਰੇਲ ਰੋਕਣ ਦੇ ਫੈਸਲੇ ਨੂੰ ਅੰਸ਼ਿਕ ਰੂਪ ਵਿੱਚ ਵਾਪਸ ਲੈਣ ਦੇ ਬਾਵਜੂਦ ਇਹ ਆਵਾਜਾਈ ਸੂਬੇ ਭਰ ਵਿੱਚ ਬੰਦ ਪਈ ਹੈ। ਰੇਲਵੇ ਵੱਲੋਂ ਮਾਲ ਗੱਡੀਆਂ ‘ਤੇ ਮੁੱਢਲੇ ਦੌਰ ਵਿੱਚ ਦੋ ਦਿਨਾਂ (24 ਤੇ 25 ਅਕਤੂਬਰ) ਲਈ ਪਾਬੰਦੀ ਤੋਂ ਬਾਅਦ ਇਸ ਨੂੰ ਚਾਰ ਦਿਨ ਹੋਰ ਵਧਾਉਣ ਦੇ ਫੈਸਲੇ ਦੇ ਚੱਲਦਿਆਂ ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨਾਲ ਗੱਲਬਾਤ ਵੀ ਕੀਤੀ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਰੇਲਵੇ ਵੱਲੋਂ ਪੰਜਾਬ ਵਿੱਚ ਮਾਲ ਗੱਡੀਆਂ ਨੂੰ ਨਾ ਚਲਾਉਣ ਦਾ ਫੈਸਲਾ ਸੂਬਾ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲਬਾਤ ਕਰਨ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਤੱਕ ਹਾਸਲ ਕੀਤੀ ਸਫਲਤਾ ਨੂੰ ਮਨਫੀ ਕਰ ਸਕਦਾ ਹੈ।
ਕੇਂਦਰ ਗੱਲਬਾਤ ਦਾ ਰਾਹ ਚੁਣੇ : ਸੁਖਬੀਰ ਬਾਦਲ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਮਸਲੇ ਦੇ ਹੱਲ ਲਈ ਗੱਲਬਾਤ ਦਾ ਰਾਹ ਚੁਣਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਮਾਲ ਗੱਡੀਆਂ ਦੀ ਆਮਦ ‘ਤੇ ਰੋਕ ਲਾਉਣ ਨਾਲ ਇਸ ਸੰਵੇਦਨਸ਼ੀਲ ਸਰਹੱਦੀ ਸੂਬੇ ਦੇ ਅਰਥਚਾਰੇ ਵਿਚ ਖੜੋਤ ਆਉਣ ਅਤੇ ਅਰਥਚਾਰਾ ਤਬਾਹ ਹੋਣ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਰਵੱਈਏ ਵਿਚੋਂ ਟਕਰਾਅ ਦੀ ਬਦਬੂ ਆ ਰਹੀ ਹੈ, ਜੋ ਕਿਸੇ ਦੇ ਵੀ ਹਿੱਤ ਵਿਚ ਨਹੀਂ। ਬਾਦਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਸੂਬੇ ਲਈ ਮਾਲ ਗੱਡੀਆਂ ਦੀਆਂ ਸੇਵਾਵਾਂ ਆਮ ਵਾਂਗ ਬਹਾਲ ਕੀਤੀਆਂ ਜਾਣ।
ਬਦਲਾਖੋਰੀ ‘ਤੇ ਉੱਤਰੇ ਪ੍ਰਧਾਨ ਮੰਤਰੀ : ਭਗਵੰਤ ਮਾਨ
ਚੰਡੀਗੜ੍ਹ : ‘ਆਪ’ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਿਸਾਨੀ ਸੰਘਰਸ਼ ਅਤੇ ਇੱਕਜੁਟਤਾ ਤੋਂ ਘਬਰਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਨਾਲ ਬਦਲਾਖੋਰੀ ‘ਤੇ ਉੱਤਰ ਆਏ ਹਨ। ਉਨ੍ਹਾਂ ਕਿਹਾ ਕਿ ਮੋਦੀ ਨੂੰ ਆਪਣਾ ਹੰਕਾਰੀ ਅਤੇ ਤਾਨਾਸ਼ਾਹੀ ਰਵੱਈਆ ਤਿਆਗ ਕੇ ਸੰਘਰਸ਼ਸ਼ੀਲ ਕਿਸਾਨਾਂ ਦੀ ਬਾਂਹ ਮਰੋੜਨ ਦੀ ਥਾਂ ਥੋਪੇ ਗਏ ਕਾਲੇ ਕਾਨੂੰਨ ਵਾਪਸ ਲੈ ਕੇ ਅੰਨਦਾਤਾ ਦੀ ਬਾਂਹ ਫੜਨੀ ਚਾਹੀਦੀ ਹੈ। ਮਾਨ ਨੇ ਦੋਸ਼ ਲਗਾਇਆ ਕਿ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਨਾਲੋ ਅੰਬਾਨੀ-ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਦੇ ਹਿਤ ਜ਼ਿਆਦਾ ਪਿਆਰੇ ਹਨ।

Check Also

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੇ …