![](https://parvasinewspaper.com/wp-content/uploads/2020/10/2020_10image_15_08_387646831sukhdevdhindsa-ll-300x200.jpg)
ਸੁਖਦੇਵ ਢੀਂਡਸਾ ਨੇ ਕਿਹਾ – ਕੇਂਦਰ ਦੇ ਅਜਿਹੇ ਫੈਸਲੇ ਨਾਲ ਯੂਨੀਵਰਸਿਟੀ ‘ਤੇ ਪੰਜਾਬ ਦਾ ਹੱਕ ਹੋ ਜਾਵੇਗਾ ਖਤਮ
ਮੋਹਾਲੀ/ਬਿਊਰੋ ਨਿਊਜ਼
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਦੀ ਥਾਂ ਕੇਂਦਰੀ ਬੋਰਡ ਬਣਾਉਣ ਦੀ ਤਿਆਰੀ ਹੋ ਰਹੀ ਹੈ। ਕੇਂਦਰ ਸਰਕਾਰ ਵਲੋਂ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਨੂੰ ਖ਼ਤਮ ਕਰਕੇ ਨਵਾਂ ਬੋਰਡ ਬਣਾ ਕੇ ਯੂਨੀਵਰਸਿਟੀ ਦਾ ਕਾਰਜ ਕਰਨ ਦੀ ਯੋਜਨਾ ਹੈ। ਕੇਂਦਰ ਦੀ ਤਜਵੀਜ ਦਾ ਸ਼੍ਰੋਮਣੀ ਅਕਾਲੀ ਦਲ (ਡੈਮੋਕਰੇਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਖ਼ਤ ਵਿਰੋਧ ਕੀਤਾ ਹੈ। ਢੀਂਡਸਾ ਨੇ ਕਿਹਾ ਕਿ ਅਜਿਹਾ ਕਰਨ ਨਾਲ ਪੰਜਾਬ ਯੂਨੀਵਰਸਿਟੀ ਦਾ ਲੋਕਤੰਤਰੀ ਢਾਂਚਾ ਸਦਾ ਲਈ ਖਤਮ ਹੋ ਜਾਵੇਗਾ ਅਤੇ ਯੂਨੀਵਰਸਿਟੀ ਉੱਤੇ ਪੰਜਾਬ ਦਾ ਹੱਕ ਵੀ ਖ਼ਤਮ ਹੋਣ ਕਿਨਾਰੇ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਅਨੁਸਾਰ ਕੇਂਦਰ ਸਰਕਾਰ ਦੁਆਰਾ ਬਣਾਈ ਨਵੀਂ ਵਿੱਦਿਅਕ ਨੀਤੀ 2020 ਦੇ ਅਧੀਨ ਕੇਂਦਰ ਸਰਕਾਰ ਬੋਰਡ ਬਣਾ ਕੇ ਸੈਨੇਟ ਨੂੰ ਭੰਗ ਕਰਨ ਦੀ ਤਜਵੀਜ਼ ਲਿਆ ਰਹੀ ਹੈ, ਜੋ ਕਿ ਯੂਨੀਵਰਸਿਟੀ ਅਤੇ ਪੰਜਾਬ ਸੂਬੇ ਲਈ ਮਾਰੂ ਸਿੱਧ ਹੋਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਅਜਿਹਾ ਕਰਨ ਤੋਂ ਗੁਰੇਜ਼ ਕਰਦਿਆਂ ਮੌਜੂਦਾ ਸਿਸਟਮ ਨੂੰ ਹੀ ਚਾਲੂ ਰੱਖਣ ਦਾ ਸੁਝਾਅ ਦਿੱਤਾ।