
ਸਿਹਤ ਮੰਤਰਾਲੇ ਵਲੋਂ ਕਰੋਨਾ ਸਬੰਧੀ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਕਰਨੀ ਹੋਵੇਗੀ ਪਾਲਣਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੇ ਸੂਬੇ ਵਿਚ ਆਉਣ ਵਾਲੀ 16 ਨਵੰਬਰ ਨੂੰ ਕੰਟੇਨਮੈਂਟ ਜ਼ੋਨਾਂ ਤੋਂ ਬਾਹਰ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਖੋਲ੍ਹਣ ਦਾ ਐਲਾਨ ਕੀਤਾ ਹੈ। ਸਰਕਾਰ ਦੇ ਹੁਕਮਾਂ ਮੁਤਾਬਕ ਮੈਡੀਕਲ ਸਿੱਖਿਆ ਨਾਲ ਜੁੜੇ ਸਾਰੇ ਕਾਲਜ ਵੀ ਖੁੱਲ੍ਹਣਗੇ। ਕਰੋਨਾ ਮਹਾਂਮਾਰੀ ਦੇ ਚਲਦਿਆਂ ਇਨ੍ਹਾਂ ਅਦਾਰਿਆਂ ਨੂੰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਸਬੰਧਤ ਮੰਤਰਾਲੇ ਨਾਲ ਸਲਾਹ-ਮਸ਼ਵਰਾ ਕਰਕੇ ਉਨ੍ਹਾਂ ਦੇ ਸਬੰਧਤ ਪ੍ਰਸ਼ਾਸਕੀ ਵਿਭਾਗਾਂ ਦੁਆਰਾ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨੀ ਹੋਵੇਗੀ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਵਿਚ 15 ਅਕਤੂਬਰ ਤੋਂ ਬਾਅਦ ਰਿਸਰਚ ਸਕਾਲਰਾਂ ਅਤੇ ਵਿਗਿਆਨ ਅਤੇ ਤਕਨਾਲੋਜੀ ਸਟਰੀਮ ਵਿਚ ਪੋਸਟ ਗ੍ਰੈਜੂਏਟ ਕਰਨ ਵਾਲੇ ਵਿਦਿਆਰਥੀਆਂ ਲਈ ਉਚ ਸਿੱਖਿਆ ਸੰਸਥਾਵਾਂ ਖੋਲ੍ਹਣ ਦੀ ਆਗਿਆ ਦਿੱਤੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਵਿਚ 9ਵੀਂ ਤੋਂ ਲੈ ਕੇ 12ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਪਹਿਲਾਂ ਹੀ ਖੋਲ੍ਹੇ ਜਾ ਚੁੱਕੇ ਹਨ, ਪਰ ਵਿਦਿਆਰਥੀਆਂ ਦੀ ਆਮਦ ਘੱਟ ਹੀ ਦੇਖਣ ਨੂੰ ਮਿਲ ਰਹੀ ਹੈ।