Breaking News
Home / ਹਫ਼ਤਾਵਾਰੀ ਫੇਰੀ / ਕੈਪਟਨ ਵੱਲੋਂ ਮੋਦੀ ਸਰਕਾਰ

ਕੈਪਟਨ ਵੱਲੋਂ ਮੋਦੀ ਸਰਕਾਰ

ਖਿਲਾਫ ਦਿੱਲੀ ‘ਚ ਧਰਨਾ
ਕੇਂਦਰ ਸਰਕਾਰ ਨੇ ਪੰਜਾਬ ਨਾਲ ਕੀਤਾ ਮਤਰੇਈ ਮਾਂ ਵਾਲਾ ਸਲੂਕ : ਅਮਰਿੰਦਰ
ਖਹਿਰਾ ਤੇ ਪਰਮਿੰਦਰ ਢੀਂਡਸਾ ਵੀ ਹੋਏ ਸ਼ਾਮਲ – ‘ਆਪ’ ਤੇ ਅਕਾਲੀ ਦਲ ਰਿਹਾ ਧਰਨੇ ‘ਚੋਂ ਗੈਰਹਾਜ਼ਰ
ਨਵੀਂ ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਦੇ ਵਿਧਾਇਕਾਂ ਤੇ ਮੰਤਰੀਆਂ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਵਿਰੁੱਧ ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਦੇ ਕੇ ਮੋਦੀ ਸਰਕਾਰ ਨੂੰ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਘੇਰਿਆ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਸੰਸਦ ਮੈਂਬਰਾਂ ਨਾਲ ਰਾਜਘਾਟ ਪਹੁੰਚ ਕੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਫੁੱਲ ਭੇਟ ਕੀਤੇ ਤੇ ਬਾਅਦ ਵਿਚ ਧਰਨੇ ਵਿਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ‘ਆਪ’ ਤੇ ਅਕਾਲੀ ਵਿਧਾਇਕਾਂ ਨੂੰ ਛੱਡ ਕੇ ਵਿਰੋਧੀ ਧਿਰ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ, ਸੁਖਪਾਲ ਸਿੰਘ ਖਹਿਰਾ ਅਤੇ ਬੈਂਸ ਭਰਾ ਵੀ ਦਿੱਲੀ ਪਹੁੰਚੇ ਹੋਏ ਸਨ। ਇਸ ਮੌਕੇ ਸੰਬੋਧਨ ਕਰਦਿਆਂ ਮਨੀਸ਼ ਤਿਵਾੜੀ ਨੇ ਕਿਹਾ ਕਿ ਪੰਜਾਬ ਸਰਹੱਦੀ ਸੂਬਾ ਹੈ ਤੇ ਇਥੇ ਹਾਲਾਤ ਛੇਤੀ ਬਦਲ ਜਾਂਦੇ ਹਨ ਤੇ ਸਰਕਾਰ 1980 ਤੋਂ 1995 ਵਾਲੇ ਕਾਲੇ ਦੌਰ ਦੇ ਹਾਲਾਤ ਬਣਾਉਣ ਵਲ ਪੰਜਾਬ ਨੂੰ ਨਾ ਧੱਕੇ। ਸੁਖਪਾਲ ਖਹਿਰਾ ਨੇ ਕੇਂਦਰ ਸਰਕਾਰ ‘ਤੇ ਤਾਨਾਸ਼ਾਹੀ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਰਾਜਘਾਟ ਨਹੀਂ ਜਾਣ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਜਾਪਦਾ ਹੈ ਕਿ ਪੰਜਾਬ ਭਾਰਤ ਦਾ ਹਿੱਸਾ ਨਾ ਹੋ ਕੇ ਕਿਸੇ ਬਾਹਰਲੇ ਮੁਲਕ ਦਾ ਹਿੱਸਾ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਪੰਜਾਬ ਨਾਲ ਹਮੇਸ਼ਾ ਵਿਤਕਰਾ ਹੁੰਦਾ ਰਿਹਾ। ਬੁਲਾਰਿਆਂ ਨੇ ਇਸ ਮੌਕੇ ਖੇਤੀ ਕਾਨੂੰਨਾਂ ਦੀ ਨਿਖੇਧੀ ਕੀਤੀ ਤੇ ਮਾਲ ਗੱਡੀਆਂ ਚਲਾਉਣ ਦੀ ਮੰਗ ਵੀ ਕੀਤੀ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ, ਜੋ ਕਿ ਸਰਾਸਰ ਗ਼ਲਤ ਹੈ। ਕੈਪਟਨ ਅਮਰਿੰਦਰ ਨੇ ਰਾਜਘਾਟ ਤੋਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੂੰ ਬਚਾਉਣ ਲਈ ਉਹ ਇਕ ਮਿਸ਼ਨ ਲਾਂਚ ਕਰਨਗੇ। ਪੰਜਾਬ ਦੇ ਗਵਰਨਰ ‘ਤੇ ਵੀ ਸਵਾਲ ਖੜ੍ਹੇ ਕਰਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਰਾਜਪਾਲ ਨੇ ਪੰਜਾਬ ਦੇ ਲੋਕਾਂ ਦੀ ਆਵਾਜ਼ ਦਬਾਈ ਹੈ, ਜਿਨ੍ਹਾਂ ਨੇ ਅਜੇ ਤੱਕ ਸੂਬੇ ਦੇ ਸੋਧ ਬਿਲ ਰਾਸ਼ਟਰਪਤੀ ਨੂੰ ਨਹੀਂ ਭੇਜੇ। ਕੈਪਟਨ ਨੇ ਕਿਹਾ ਕਿ ਪੰਜਾਬ ਵਿਚ ਰੇਲਵੇ ਟਰੈਕ ਬੰਦ ਨਹੀਂ ਹਨ, ਸਿਰਫ ਦੋ ਥਾਵਾਂ ‘ਤੇ ਹੀ ਕਿਸਾਨ ਬੈਠੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਆਉਣ ਵਾਲੀਆਂ ਰੇਲਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਰਾਜਘਾਟ ‘ਤੇ ਧਾਰਾ 144 ਲਗਾਉਣ ਨੂੰ ਵੀ ਕੈਪਟਨ ਨੇ ਮੰਦਭਾਗਾ ਦੱਸਿਆ।
ਈ.ਡੀ ਨੇ ਕੈਪਟਨ ਅਮਰਿੰਦਰ ਸਣੇ ਪਰਿਵਾਰਕ ਮੈਂਬਰਾਂ ਨੂੰ ਭੇਜੇ ਨੋਟਿਸ
ਨਵੀਂ ਦਿੱਲੀ : ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਅਤੇ ਇਨਕਮ ਟੈਕਸ ਵਿਭਾਗ ਨੇ ਕੈਪਟਨ ਅਮਰਿੰਦਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੱਖ-ਵੱਖ ਨੋਟਿਸ ਭੇਜੇ ਹਨ। ਇਸ ਗੱਲ ਦਾ ਖੁਲਾਸਾ ਕੈਪਟਨ ਨੇ ਨਵੀਂ ਦਿੱਲੀ ਵਿਚ ਕੀਤਾ। ਇਸ ਸਬੰਧੀ ਕੈਪਟਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਉਨ੍ਹਾਂ ਨੂੰ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਦਾ ਇਨਾਮ ਦੇ ਰਹੀ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਪੁੱਤਰ ਰਣਇੰਦਰ ਨੂੰ ਈ.ਡੀ. ਦੇ ਨੋਟਿਸ ਤੋਂ ਇਲਾਵਾ, ਉਨ੍ਹਾਂ ਅਤੇ ਉਨ੍ਹਾਂ ਦੀ ਪਤਨੀ ਪਰਨੀਤ ਕੌਰ ਨੂੰ ਵੀ ਇਨਕਮ ਟੈਕਸ ਵਿਭਾਗ ਵੱਲੋਂ ਨੋਟਿਸ ਭੇਜੇ ਗਏ ਸਨ। ਉਨ੍ਹਾਂ ਖੁਲਾਸਾ ਕੀਤਾ ਕਿ ਉਨ੍ਹਾਂ ਦੀਆਂ ਦੋ ਪੋਤੀਆਂ ਅਤੇ ਨਾਲ ਹੀ ਇਕ ਪੋਤੇ ਨੂੰ ਵੀ ਨੋਟਿਸ ਭੇਜੇ ਗਏ ਹਨ।
ਢੀਂਡਸਾ ਤੇ ਖਹਿਰਾ ਵੀ ਮੋਦੀ ਸਰਕਾਰ ਵਿਰੁੱਧ ਬੋਲੇ
ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕੇਂਦਰ ਪੰਜਾਬੀਆਂ ਨੂੰ ਗੋਡੇ ਹੇਠਾਂ ਦੱਬਣਾ ਚਾਹੁੰਦਾ ਹੈ ਪਰ ਪੰਜਾਬੀ ਸ਼ਾਨ ਨਾਲ ਜਿਊਣ ਵਾਲੇ ਹਨ ਜਿਸ ਕਰਕੇ ਉਹ ਨਹੀਂ ਝੁੱਕਣਗੇ। ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ਨਾਲ ਪਹਿਲਾਂ ਵੀ ਧੱਕਾ ਹੁੰਦਾ ਆਇਆ ਹੈ। ਉਨ੍ਹਾਂ ਕਿਹਾ ਕਿ ਹੁਣ ਪ੍ਰਦਰਸ਼ਨਕਾਰੀਆਂ ਨੂੰ ਟਿੱਚਰਾਂ ਕਰਕੇ ਤੇ ਚਿੜਾ ਕੇ ਭੜਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Check Also

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਸ਼ਾਮਲ ਅੰਮ੍ਰਿਤਸਰ/ਬਿਊਰੋ ਨਿਊਜ਼ …