![](https://parvasinewspaper.com/wp-content/uploads/2020/11/6-1-300x265.jpg)
Image Courtesy :jagbani(punjabkesar)
ਹਰੀਸ਼ ਰਾਵਤ ਬੋਲੇ – ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ
ਦੋਰਾਹਾ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਖੇਤੀ ਕਾਨੂੰਨਾਂ ਦੇ ਖਿਲਾਫ਼ ਹੈ ਅਤੇ ਦੇਸ਼ ਦੇ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਰਹੇਗੀ। ਇਹ ਗੱਲ ਅੱਜ ਦੋਰਾਹਾ ਵਿੱਚ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਕਹੀ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਰਾਵਤ ਨੇ ਕਿਸਾਨ ਜੱਥੇਬੰਦੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੱਲ ਮੰਨਦਿਆਂ ਕਿਸਾਨਾਂ ਨੇ ਰੇਲਵੇ ਟਰੈਕ ਖਾਲੀ ਕੀਤੇ ਹਨ ਤੇ ਪੰਜਾਬ ਸਰਕਾਰ ਵੀ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਟਰੈਕ ਖਾਲੀ ਹੋਣ ਦੇ ਬਾਵਜੂਦ ਕੇਂਦਰ ਅਤੇ ਰੇਲਵੇ ਵਿਭਾਗ ਰੇਲਾਂ ਪੰਜਾਬ ਭੇਜਣ ਸਬੰਧੀ ਬਹਾਨੇਬਾਜ਼ੀ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ।