
ਸਿਰਸਾ ਨੇ ਕਿਹਾ – ਜੀਕੇ ਨੂੰ ਗ੍ਰਿਫਤਾਰ ਕਰਕੇ ਕੀਤੀ ਜਾਵੇ ਪੁੱਛਗਿਛ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਹ ਹੁਕਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨਜੀਤ ਸਿੰਘ ਜੀਕੇ ਖ਼ਿਲਾਫ਼ 30 ਮਈ 2019 ਨੂੰ ਕਥਿਤ ਭ੍ਰਿਸ਼ਟਾਚਾਰ ਦੇ ਦਾਅਵੇ ਨਾਲ 4 ਦੋਸ਼ ਲਗਾ ਕੇ ਦਿੱਤੀ ਸ਼ਿਕਾਇਤ ਦੇ ਆਧਾਰ ‘ਤੇ ਦਿੱਤੇ ਗਏ ਹਨ। ਉਧਰ ਦੂਜੇ ਪਾਸੇ ਜੀ.ਕੇ. ਦਾ ਕਹਿਣਾ ਹੈ ਕਿ ਉਨ੍ਹਾਂ ਵਿਰੁੱਧ ਆਰਥਿਕ ਅਪਰਾਧ ਸ਼ਾਖਾ ਦੀ ਜਾਂਚ ਖਤਮ ਹੋ ਚੁੱਕੀ ਹੈ। ਇਸੇ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੂੰ ਗ੍ਰਿਫਤਾਰ ਕਰਕੇ ਉਹਨਾਂ ਤੋਂ ਹਿਰਾਸਤੀ ਪੁੱਛ ਗਿੱਛ ਬਹੁਤ ਜ਼ਰੂਰੀ ਹੈ ਤਾਂ ਜੋ ਉਹਨਾਂ ਕੋਲੋਂ ਗੁਰੂ ਦੀ ਗੋਲਕ ਦਾ ਲੁੱਟਿਆ ਪੈਸਾ ਬਰਾਮਦ ਕੀਤਾ ਜਾ ਸਕੇ।