
ਦੀਵਾਲੀ ਵਾਲੇ ਦਿਨ ਪ੍ਰਧਾਨ ਮੰਤਰੀ ਮੋਦੀ ਦੇ ਫੂਕੇ ਜਾਣਗੇ ਪੁਤਲੇ
ਅੰਮ੍ਰਿਤਸਰ/ਬਿਊਰੋ ਨਿਊਜ਼
ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੱਜ ਅੰਮ੍ਰਿਤਸਰ ਵਿਚ ਦੁਕਾਨਦਾਰਾਂ ਨੂੰ ਕਾਲੀ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ। ਇਸ ਸਬੰਧ ਵਿੱਚ ਜਥੇਬੰਦੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ਹੋਰ ਕਿਸਾਨ ਆਗੂ ਅੰਮ੍ਰਿਤਸਰ ਵਿਚ ਦੁਕਾਨਦਾਰਾਂ ਨੂੰ ਮਿਲੇ ਅਤੇ ਉਨ੍ਹਾਂ ਕੋਲੋਂ ਕਾਲੀ ਦੀਵਾਲੀ ਮਨਾਉਣ ਲਈ ਸਹਿਯੋਗ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਦੁਕਾਨਦਾਰਾਂ ਅਤੇ ਵਪਾਰੀਆਂ ਨੇ ਇਸ ਮਾਮਲੇ ਵਿੱਚ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਕਰੋਨਾ ਮਹਾਮਾਰੀ ਕਾਰਨ ਅਤੇ ਹੁਣ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਨਾ ਚਲਾ ਕੇ ਸੂਬੇ ਦੀ ਆਰਥਿਕਤਾ ਨੂੰ ਤਬਾਹ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਦੁਕਾਨਾਂ ‘ਤੇ ਕਾਲੇ ਝੰਡੇ ਲਾਏ ਗਏ ਅਤੇ ਕਾਲੀ ਦੀਵਾਲੀ ਦੇ ਪੋਸਟਰ ਵੀ ਲਾਏ ਗਏ ਹਨ। ਕਿਸਾਨਾਂ ਵੱਲੋਂ ਦੀਵਾਲੀ ਵਾਲੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਸਾੜ ਕੇ ਕਾਲੀ ਦੀਵਾਲੀ ਮਨਾਈ ਜਾਵੇਗੀ।